ਅਗਰਵਾਲ ਸਭਾ ਨੇ ਮਹਾਰਾਜਾ ਅਗਰਸੈਨ ਦਾ ਜਨਮ ਦਿਨ ਮਨਾਇਆ
ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 14 ਅਕਤੂਬਰ
ਅਗਰਵਾਲ ਧਰਮਸ਼ਾਲਾ ਵਿੱਚ ਮਹਾਰਾਜਾ ਅਗਰਸੈਨ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ । ਅਗਰਵਾਲ ਸਭਾ ਵੱਲੋਂ ਕਰਵਾਏ ਇਸ ਸਮਾਗਮ ਦੇ ਮੁੱਖ ਮਹਿਮਾਨ ਹਿਮਾਚਲ ਪ੍ਰਦੇਸ਼ ਭਾਜਪਾ ਦੇ ਸੂਬਾ ਪ੍ਰਧਾਨ ਰਾਜੀਵ ਬਿੰਦਲ ਸਨ ਅਤੇ ਇਸ ਦੀ ਪ੍ਰਧਾਨਗੀ ਸਾਬਕਾ ਰਾਜ ਮੰਤਰੀ ਅਸੀਮ ਗੋਇਲ ਨੇ ਕੀਤੀ। ਸਮਾਗਮ ਵਿੱਚ ਪੰਚਕੂਲਾ ਦੇ ਉੱਘੇ ਉਦਯੋਗਪਤੀ ਅਤੇ ਸਮਾਜ ਸੇਵਕ ਸੰਜੈ ਰੁੰਗਟਾ ਅਤੇ ਕਾਲਾ ਅੰਬ ਦੇ ਉੱਘੇ ਉਦਯੋਗਪਤੀ ਅਤੇ ਸਮਾਜ ਸੇਵਕ ਵਿਜੈ ਅਗਰਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਸ੍ਰੀ ਬਿੰਦਲ ਨੇ ਮਹਾਰਾਜਾ ਅਗਰਸੈਨ ਜੈਅੰਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਹਾਰਾਜਾ ਅਗਰਸੈਨ ਦੇ ਦਰਸਾਏ ਮਾਰਗ ’ਤੇ ਚੱਲ ਕੇ ਲੋੜਵੰਦ ਅਤੇ ਗਰੀਬ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਰਾਜੀਵ ਬਿੰਦਲ ਅਤੇ ਅਸੀਮ ਗੋਇਲ ਅਤੇ ਹੋਰ ਮਹਿਮਾਨਾਂ ਨੇ ਦੀਪ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਸਾਰੇ ਆਗੂਆਂ ਨੇ ਸਮਾਜ ਦੇ ਲੋਕਾਂ ਨੂੰ ਮਹਾਰਾਜਾ ਅਗਰਸੈਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਹਜ਼ਾਰਾਂ ਸਾਲ ਪਹਿਲਾਂ ਦਿੱਤੇ ਸੰਦੇਸ਼ ’ਤੇ ਅਮਲ ਕਰਦਿਆਂ ਲੋੜਵੰਦ ਅਤੇ ਗਰੀਬ ਲੋਕਾਂ ਦੀ ਮਦਦ ਕਰਨ ਦਾ ਸੱਦਾ ਦਿੱਤਾ।
ਸਾਬਕਾ ਰਾਜ ਮੰਤਰੀ ਅਸੀਮ ਗੋਇਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਮਹਾਰਾਜਾ ਅਗਰਸੈਨ ਦੇ ਦਰਸਾਏ ਮਾਰਗ ’ਤੇ ਚੱਲ ਕੇ ਲੋੜਵੰਦਾਂ ਅਤੇ ਗਰੀਬ ਲੋਕਾਂ ਦੀ ਮਦਦ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਸਮਾਗਮ ਵਿੱਚ ਅਗਰਵਾਲ ਸਭਾ ਦੇ ਕਾਰਜਕਾਰੀ ਪ੍ਰਧਾਨ ਅਨਿਲ ਗੁਪਤਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਾਬਕਾ ਪ੍ਰਧਾਨ ਸੰਜੀਵ ਅਗਰਵਾਲ ਨੇ ਅਗਰਵਾਲ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਵਿੱਚ ਸੁਸਾਇਟੀ ਦੇ ਹੋਣਹਾਰ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ।