ਖੇਤੀ ਮਾਹਿਰਾਂ ਨੇ ਚਿੱਟੀ ਮੱਖੀ ਤੋਂ ਨਰਮਾ ਕਾਸ਼ਤਕਾਰ ਕੀਤੇ ਚੌਕਸ
ਸ਼ਗਨ ਕਟਾਰੀਆ
ਬਠਿੰਡਾ, 16 ਜੁਲਾਈ
ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲ਼ਿਆਂ ਦੀਆਂ ਵੱਟਾਂ ਅਤੇ ਬੇਕਾਰ ਪਈਆਂ ਥਾਵਾਂ ਵਿੱਚੋਂ ਚਿੱਟੀ ਮੱਖੀ ਅਤੇ ਲੀਫ਼ ਕਰਲ (ਪੱਤਾ ਮਰੋੜ) ਬਿਮਾਰੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠਕੰਡਾ, ਧਤੂਰਾ, ਭੰਗ, ਆਦਿ ਨੂੰ ਨਸ਼ਟ ਕੀਤਾ ਜਾਵੇ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਾ. ਵਿਨੈ ਪਠਾਨੀਆ ਸਹਾਇਕ ਪ੍ਰੋਫੈਸਰ ਨੇ ਚਿੱਟੀ ਮੱਖੀ ਦੀ ਰੋਕਥਾਮ ਲਈ 200 ਮਿਲੀਲਿਟਰ ਕਲਾਸਟੋ, 20 ਡਬਲਯੂ ਜੀ (ਪਾਇਰੀਫਲੂਕੀਨਾਜ਼ੋਨ) ਜਾਂ 400 ਮਿਲੀਲਿਟਰ ਸਫੀਨਾ, 50 ਡੀਸੀ (ਅਫਿਡੋਪਾਇਰੋਪਿਨ) ਜਾਂ 60 ਗ੍ਰਾਮ ਓਸ਼ੀਨ 20 ਐੱਸਜੀ (ਡਾਇਨੋਟੈਫ਼ੂਰਾਨ) ਜਾਂ 200 ਗ੍ਰਾਮ ਪੋਲੋ/ਰੂਬੀ/ਕਰੇਜ਼/ਲੂਡੋ/ਸ਼ੋਕੂ 50 ਡਬਲਯੂ ਪੀ (ਡਾਇਆਫੈਨਥੀਯੂਰੋਨ) ਜਾਂ 80 ਗ੍ਰਾਮ ਉਲਾਲਾ 50 ਡਬਲਿਊਜੀ (ਫਲੋਨਿਕਾਮਿਡ) ਜਾਂ 800 ਮਿਲੀਲਿਟਰ ਫੋਸਮਾਈਟ/ਈ-ਮਾਈਟ/ਵਾਲਥੀਆਨ/ਗੋਲਡਮਿਟ 50 ਈਸੀ (ਈਥੀਆਨ) ਅਤੇ ਬੱਚਿਆਂ (ਨਿੰਫ) ਦੀ ਰੋਕਥਾਮ ਲਈ 500 ਮਿਲੀਲਿਟਰ ਲੈਨੋ 10 ਈਸੀ (ਪਾਈਰੀਪਰੋਕਸੀਫਿਨ) ਜਾਂ 200 ਮਿਲੀਲਿਟਰ ਓਬਰੇਨ/ਵੋਲਟੇਜ਼ 22.9 ਐੱਸਸੀ (ਸਪੈਰੋਮੈਸੀਫਿਨ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਦੀ ਸਲਾਹ ਦਿੱਤੀ ਹੈ।