ਖੇਤੀ ਮਾਹਿਰਾਂ ਵੱਲੋਂ ਸਿੱਧੀ ਬਿਜਾਈ ਵਾਲੀ ਕਣਕ ਦੀ ਫ਼ਸਲ ਦਾ ਨਿਰੀਖਣ
ਜੋਗਿੰਦਰ ਸਿੰਘ ਮਾਨ
ਮਾਨਸਾ, 23 ਫਰਵਰੀ
ਮਾਨਸਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਪਿੰਡ ਤਾਮਕੋਟ ਵਿੱਚ ਕਿਸਾਨ ਜਗਰਾਜ ਸਿੰਘ ਦੇ ਖੇਤ ਦਾ ਦੌਰਾ ਕੀਤਾ ਗਿਆ ਅਤੇ ਕਿਸਾਨ ਨਾਲ ਫ਼ਸਲ ਸਬੰਧੀ ਗੱਲਬਾਤ ਕੀਤੀ। ਇਸ ਤੋਂ ਇਲਾਵਾ ਬਲਾਕ ਪੱਧਰੀ ਟੀਮਾਂ ਵੱਲੋਂ ਪਿੰਡ ਖਿਆਲਾਂ ਕਲਾਂ, ਬੁਰਜਹਰੀ, ਖੋਖਰਕਲਾਂ, ਫੂਸਮੰਡੀ, ਟਿੱਬੀ ਹਰੀ ਸਿੰਘ, ਸਤੀਕੇ ਵਿੱਚ ਝੋਨੇ ਦੀ ਨਾੜ ਨੂੰ ਬਿਨਾਂ ਅੱਗ ਲਾਏ ਬੀਜੀ ਗਈ ਕਣਕ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ ਹੈ।
ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਬਲਾਕ ਪੱਧਰੀ ਟੀਮਾਂ ਵੀ ਬਿਨਾਂ ਨਾੜ ਨੂੰ ਅੱਗ ਲਗਾਏ ਬੀਜੀ ਗਈ ਕਣਕ ਦੇ ਖੇਤਾਂ ਦਾ ਦੌਰਾ ਕਰ ਰਹੀਆਂ ਹਨ। ਰਿਪੋਰਟਾਂ ਅਨੁਸਾਰ ਕਣਕ ਦੀ ਫ਼ਸਲ ਦੀ ਹਾਲਤ ਕਾਫੀ ਵਧੀਆ ਹੈ ਅਤੇ ਫ਼ਸਲ ’ਤੇ ਕੋਈ ਹਮਲਾ ਦੇਖਣ ਨੂੰ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਜੇ ਕਣਕ ਦੇ ਫ਼ਸਲ ਵਿੱਚ ਦਾਣੇ ਭਰਨ ਸਮੇਂ ਵੱਧ ਤਾਪਮਾਨ ਹੋ ਜਾਵੇ ਅਤੇ ਝਾੜ ਨੂੰ ਬਰਕਰਾਰ ਜਾਂ ਵਧਾਉਣ ਲਈ 2 ਫੀਸਦੀ ਪੋਟਾਸ਼ੀਅਮ ਨਾਈਟਰੇਟ (13.0.45) (4 ਕਿਲੋਗ੍ਰਾਮ ਪੋਟਾਸ਼ੀਅਮ ਨਾਈਟਰੇਟ ਨੂੰ 200 ਲਿਟਰ ਪਾਣੀ ਵਿੱਚ) ਪਹਿਲਾਂ ਸਪ੍ਰੇਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰਨਾ ਚਾਹੀਦਾ ਹੈ ਜਾਂ 15 ਗ੍ਰਾਮ ਸੈਲੀਸਿਲਕ ਏਸਿਡ ਨੂੰ 450 ਮਿਲੀਲਿਟਰ ਈਥਾਈਲ ਅਲਕੋਹਲ ਵਿੱਚ ਘੋਲਣ ਉਪਰੰਤ 200 ਲਿਟਰ ਪਾਣੀ ਘੋਲ ਕੇ ਪਹਿਲਾ ਛਿੜਕਾਅ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਸਰਾ ਸਿੱਟੇ ਵਿੱਚ ਦੁੱਧ ਪੈਣ ਸਮੇਂ ਕਰਨਾ ਚਾਹੀਦਾ ਹੈ।
ਇਸ ਮੌਕੇ ਕਿਸਾਨ ਜਗਰਾਜ ਸਿੰਘ ਨੇ ਦੱਸਿਆ ਕਿ ਉਹ ਪਿਛਲੇ 7 ਸਾਲਾਂ ਤੋਂ ਝੋਨੇ ਦੀ ਨਾੜ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ ਅਤੇ ਇਸ ਸਾਲ ਵੀ ਉਸ ਨੇ 9 ਏਕੜ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਹੋਈ ਹੈ।