ਖੇਤੀ ਨੀਤੀ: ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਹਜ਼ਾਰਾਂ ਕਿਸਾਨ ਚੰਡੀਗੜ੍ਹ ਪੁੱਜੇ
ਚੰਡੀਗੜ੍ਹ, 2 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਹਜ਼ਾਰਾਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੀਆਂ ਕੁੱਲ 37 ਯੂਨੀਅਨਾਂ ਵੱਲੋਂ ਸੋਮਵਾਰ ਇਥੇ ਵੱਡਾ ਇਕੱਠ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਖੇਤੀ ਨੀਤੀ ਨੂੰ ਲਾਗੂ ਕਰਨ 'ਚ ਨਾਕਾਮ ਰਹਿਣ ਦੇ ਵਿਰੋਧ 'ਚ ਇਹ ਪ੍ਰਦਰਸ਼ਨ ਉਲੀਕਿਆ ਗਿਆ ਹੈ।
ਦੱਸਣਯੋਗ ਹੈ ਕਿ ਬੀਕੇਯੂ (ਉਗਰਾਹਾਂ) ਜਥੇਬੰਦੀ ਨਾਲ ਸਬੰਧਤ ਕਿਸਾਨ ਤਿੰਨ ਦਿਨ ਚੱਲਣ ਵਾਲੇ ਮਾਨਸੂਨ ਸੈਸ਼ਨ ਲਈ ਸੋਮਵਾਰ(ਅੱਜ) ਨੂੰ ਇਕੱਠੇ ਕੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਨਗੇ। ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ਹਿਰ ਦੇ ਵਿਚਕਾਰ ਸੈਕਟਰ 34 ਦੇ ਮੈਦਾਨ ਵਿਚ ਪ੍ਰਦਰਸ਼ਨ ਵਾਲੀ ਥਾਂ ’ਤੇ ਬਾਅਦ ਵਿੱਚ ਇੱਕ ‘ਮਹਾਪੰਚਾਇਤ’ (ਕਿਸਾਨ ਸੰਮੇਲਨ) ਕੀਤਾ ਜਾਵੇਗਾ। ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਪ੍ਰਦਰਸ਼ਨਕਾਰੀਆਂ ਨੂੰ ਡੇਰੇ ਵਾਲੀ ਥਾਂ ’ਤੇ ਧਰਨਾ ਦੇਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਦੀ ਯੋਜਨਾ ਦੇ ਅਨੁਸਾਰ ਕਿਸਾਨਾਂ ਦੇ 5 ਸਤੰਬਰ ਤੱਕ ਇੱਥੇ ਡੇਰੇ ਲਾਉਣ ਦੀ ਉਮੀਦ ਹੈ, ਜਿਸ ਦੌਰਾਨ ਉਨ੍ਹਾਂ ਵੱਲੋਂ ਅਗਲਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ।
ਕੀ ਨੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਚਲਦੀਆਂ ਆ ਰਹੀਆਂ ਮੰਗਾਂ
ਖੇਤੀ ਨੀਤੀ ਨੂੰ ਲਾਗੂ ਕਰਨ ਤੋਂ ਇਲਾਵਾ ਬੀਕੇਯੂ (ਉਗਰਾਹਾਂ) ਦੀਆਂ ਮੰਗਾਂ ਵਿੱਚ ਬੇਜ਼ਮੀਨੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਜ਼ਮੀਨ ਦੀ ਵੰਡ ਵਿੱਚ ਦੇਰੀ ਦਾ ਮੁੱਦਾ ਅਤੇ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨਾ ਸ਼ਾਮਲ ਹੈ। ਇਨ੍ਹਾਂ ਰੈਲੀਆਂ ਵਿੱਚ ਠੇਕਾ ਮੁਲਾਜ਼ਮ ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ। ਡੈਮੋਕਰੇਟਿਕ ਟੀਚਰਜ਼ ਫਰੰਟ ਦਾ ਇੱਕ ਧੜਾ ਵੀ “ਖੇਤੀ ਨੀਤੀ ਮੋਰਚਾ” (ਖੇਤੀ ਨੀਤੀ) ਦਾ ਸਮਰਥਨ ਕਰਨ ਲਈ ਸ਼ਾਮਲ ਹੋ ਰਿਹਾ ਹੈ।
ਉਧਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਭਰ ਵਿੱਚ ਨਹਿਰੀ ਪਾਣੀ ਦੀ ਨਿਰਪੱਖ ਵੰਡ ਅਤੇ ਵਾਹਗਾ ਅਤੇ ਹੁਸੈਨੀਵਾਲਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ਕਰ ਰਿਹਾ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਮੀਡੀਆ ਨੂੰ ਦੱਸਿਆ ਅਸੀਂ ਕੈਮੀਕਲ ਮੁਕਤ ਫਸਲਾਂ ਨੂੰ ਉਤਸ਼ਾਹਿਤ ਕਰਨ, ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਦੀ ਮੰਗ ਕਰ ਰਹੇ ਹਾਂ।
ਬੀਕੇਯੂ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਦੱਸਿਆ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਮੰਗ ਪੱਤਰ ਸੌਂਪਣ ਲਈ ਵਿਧਾਨ ਸਭਾ ਵੱਲ ਮਾਰਚ ਕਰਨਗੇ।
ਚੰਡੀਗੜ੍ਹ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ
ਚੰਡੀਗੜ੍ਹ ਪੁਲੀਸ ਨੇ ਇੱਕ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਕੁਝ ਰੂਟਾਂ ਤੋਂ ਬਚਣ ਲਈ ਕਿਹਾ ਹੈ ਕਿਉਂਕਿ ਉਨ੍ਹਾਂ ਨੂੰ ਸੈਕਟਰ 34, ਪ੍ਰਦਰਸ਼ਨ ਵਾਲੀ ਥਾਂ, ਕੋਚਿੰਗ ਇੰਸਟੀਚਿਊਟ ਦਾ ਹੱਬ ਅਤੇ ਕੁਝ ਪ੍ਰਾਈਵੇਟ ਹਸਪਤਾਲਾਂ ਤੋਂ ਇਲਾਵਾ ਖੇਤਰੀ ਪਾਸਪੋਰਟ ਦਫ਼ਤਰ ਨੂੰ ਜਾਣ ਵਾਲੀਆਂ ਸੜਕਾਂ 'ਤੇ ਦਿਨ ਭਰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਵੇਗਾ। ਆਈਏਐੱਨਐੱਸ