ਖੇਤੀ ਬਿੱਲ: ਪੰਚਾਇਤ ਵੱਲੋਂ ਕੇਂਦਰੀ ਬਿੱਲਾਂ ਖ਼ਿਲਾਫ਼ ਮਤਾ ਪਾਸ
ਜਗਤਾਰ ਿਸੰਘ ਲਾਂਬਾ
ਅੰਮ੍ਰਿਤਸਰ, 20 ਅਗਸਤ
ਤਿੰਨ ਕੇਂਦਰੀ ਖੇਤੀ ਬਿੱਲਾਂ ਦੇ ਕਿਸਾਨਾਂ ਵਲੋਂ ਚਲ ਰਹੇ ਦੇਸ਼ ਵਿਆਪੀ ਵਿਰੋਧ ਦਾ ਪਿੰਡ ਪੱਧਰ ’ਤੇ ਵੀ ਪ੍ਰਭਾਵ ਪੈਣ ਲੱਗਾ ਹੈ ਜਿਸ ਦੇ ਸਿੱਟੇ ਵਜੋਂ ਅੱਜ ਸਰਹੱਦੀ ਬਲਾਕ ਚੌਗਾਵਾਂ ਦੇ ਪਿੰਡ ਡਾਲਾ ਦੀ ਗਰਾਮ ਸਭਾ ਨੇ ਇਨ੍ਹਾਂ ਖੇਤੀ ਬਿੱਲਾਂ ਵਿਰੁੱਧ ਮਤਾ ਪਾਸ ਕੀਤਾ ਹੈ। ਗਰਾਮ ਸਭਾ ਵੱਲੋਂ ਕੇਂਦਰ ਸਰਕਾਰ ਤੋਂ ਇਹ ਬਿੱਲ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ।
ਪਿੰਡ ਦੀ ਸਰਪੰਚ ਜਸਪਿੰਦਰ ਕੌਰ, ਪੰਚ ਹਰਜੀਤ ਸਿੰਘ, ਸਿਮਰਨਜੀਤ ਸਿੰਘ ਤੇ ਹੋਰਨਾਂ ਵਲੋਂ ਅੱਜ ਪਿੰਡ ਵਿਚ ਇਸ ਸਬੰਧੀ ਸੰਮੇਲਨ ਕੀਤਾ ਗਿਆ ਜਿਸ ਵਿਚ ਪਿੰਡ ਦੀ ਪੰਚਾਇਤ ਵਲੋਂ ਇਨ੍ਹਾਂ ਬਿੱਲਾਂ ਖਿਲਾਫ ਮਤਾ ਪਾਸ ਕੀਤਾ ਗਿਆ। ਮਤਾ ਪਾਸ ਕਰਨ ਸਮੇਂ ਪੰਚਾਇਤ ਤੇ ਮੌਜੂਦਾ ਅਤੇ ਸਾਬਕਾ ਸਰਪੰਚਾਂ ਤੋਂ ਇਲਾਵਾ ਪਿੰਡ ਵਾਸੀ ਵੀ ਹਾਜ਼ਰ ਸਨ। ਉਨ੍ਹਾਂ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਕੇਂਦਰ ਦੇ ਤਿੰਨ ਖੇਤੀ ਬਿੱਲਾਂ ਅਤੇ ਬਿਜਲੀ ਸੋਧ ਬਿੱਲ-2020 ਨੂੰ ਰੱਦ ਕੀਤਾ। ਇਨ੍ਹਾਂ ਬਿੱਲਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਇਹ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ ਗਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਤੇ ਹੋਰਾਂ ਨੇ ਆਖਿਆ ਕਿ ਕੇਂਦਰੀ ਬਿੱਲਾਂ ਖਿਲਾਫ ਪਿੰਡ ਪੱਧਰ ’ਤੇ ਰੋਸ ਫੈਲ ਗਿਆ ਹੈ। ਲੋਕ ਇਸ ਖਿਲਾਫ ਹਨ ਅਤੇ ਜਥੇਬੰਦੀ ਵਲੋਂ ਸ਼ੁਰੂ ਕੀਤੇ ਜਾ ਰਹੇ ਜੇਲ੍ਹ ਭਰੋ ਮੋਰਚੇ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਕੇ 7 ਸਤੰਬਰ ਤੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਧਰਨੇ ਦੇ ਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ।