For the best experience, open
https://m.punjabitribuneonline.com
on your mobile browser.
Advertisement

ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਆਏ ਬਿਨਾ ਖੇਤੀ ਬਚਾਈ ਨਹੀਂ ਜਾ ਸਕਦੀ: ਡੱਲੇਵਾਲ

09:13 AM Feb 26, 2024 IST
ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਆਏ ਬਿਨਾ ਖੇਤੀ ਬਚਾਈ ਨਹੀਂ ਜਾ ਸਕਦੀ  ਡੱਲੇਵਾਲ
ਖਨੌਰੀ ਬਾਰਡਰ ’ਤੇ ਕਰਵਾਏ ਸੈਮੀਨਾਰ ’ਚ ਸ਼ਾਮਲ ਸ਼ੁਭਕਰਨ ਸਿੰਘ ਦੀਆਂ ਭੈਣਾਂ ਤੇ ਕਿਸਾਨਾਂ ਦਾ ਵਿਸ਼ਾਲ ਇਕੱਠ।
Advertisement
  • ਵਿਸ਼ਵ ਵਪਾਰ ਸੰਗਠਨ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਵਿਸ਼ਾਲ ਸੈਮੀਨਾਰ
  • ਸ਼ਹੀਦ ਸ਼ੁਭਕਰਨ ਸਿੰਘ ਦੀਆਂ ਦੋਵੇਂ ਭੈਣਾਂ ਵੀ ਰਹੀਆਂ ਮੌਜੂਦ

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 25 ਫਰਵਰੀ
ਖਨੌਰੀ ਬਾਰਡਰ ’ਤੇ ਅੱਜ ਵਿਸ਼ਵ ਵਪਾਰ ਸੰਗਠਨ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਇੱਕ ਵਿਸ਼ਾਲ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ, ਨੌਜਵਾਨ ਸ਼ਹੀਦ ਸ਼ੁਭਕਰਨ ਸਿੰਘ ਦੀਆਂ ਭੈਣਾਂ ਸ਼ਿੰਦਰਪਾਲ ਕੌਰ ਤੇ ਗੁਰਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਬੁਲਾਰਿਆਂ ਨੇ ਸ਼ਾਮਲ ਹੋ ਕੇ ਆਪਣੇ ਵਿਚਾਰ ਰੱਖੇ।
ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਵਿਸ਼ਵ ਵਪਾਰ ਸੰਗਠਨ ਦੀਆਂ ਮਾਰੂ ਨੀਤੀਆਂ ਤੋਂ ਜਾਗਰੂਕ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਲਕੇ 26 ਫਰਵਰੀ ਨੂੰ ਦੁਬਈ ਦੇ ਸ਼ਹਿਰ ਆਬੂਧਾਬੀ ਵਿੱਚ ਵਿਸ਼ਵ ਵਪਾਰ ਸੰਗਠਨ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਭਾਰਤ ਵੀ ਸ਼ਾਮਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਚਾਹੁੰਦੇ ਹਨ ਕਿ ਭਾਰਤ ਵਿਸ਼ਵ ਵਪਾਰ ਸੰਗਠਨ ਦੀ ਮੀਟਿੰਗ ਵਿੱਚ ਕਿਸਾਨਾਂ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇ। ਡੱਲੇਵਾਲ ਨੇ ਕਿਹਾ ਕਿ ਖੇਤੀ ਸੈਕਟਰ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਕੱਢਣਾ ਜ਼ਰੂਰੀ ਹੈ ਤੇ ਜਦੋਂ ਤੱਕ ਖੇਤੀ ਸੈਕਟਰ ਨੂੰ ਬਾਹਰ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਖੇਤੀ ਨੂੰ ਬਚਾਇਆ ਨਹੀਂ ਜਾ ਸਕਦਾ ਬਚਾਈ ਨਹੀਂ ਜਾ ਸਕਦੀ। ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਗਠਨ ਤਹਿਤ ਖੇਤੀ ਨੂੰ ਲੁੱਟਣ ਦੀਆਂ ਨੀਤੀਆਂ ਫਿੱਟ ਕੀਤੀਆਂ ਹੋਈਆਂ ਹਨ।
ਡੱਲੇਵਾਲ ਨੇ ਕਿਹਾ ਕਿ 27 ਅਤੇ 28 ਫਰਵਰੀ ਨੂੰ ਕੌਮੀ ਪੱਧਰ ਦੀਆਂ ਕਿਸਾਨ ਜਥੇਬੰਦੀਆਂ ਦੀਆਂ ਮੀਟਿੰਗਾਂ ਰੱਖੀਆਂ ਗਈਆਂ ਹਨ, ਜਿਸ ਮਗਰੋਂ ਵਿਚਾਰ ਵਿਟਾਂਦਰਾ ਕਰਕੇ 29 ਫਰਵਰੀ ਨੂੰ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮੰਗ ਕਰ ਰਹੇ ਹਨ ਕਿ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਤੇ ਸ਼ਹੀਦ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ, ਪਰ ਪੰਜਾਬ ਸਰਕਾਰ ਇਸ ਮਾਮਲੇ ’ਤੇ ਟਾਲ ਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸ਼ੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

Advertisement

ਹਰਿਆਣੇ ਦੇ ਕਿਸਾਨਾਂ ਨੇ ਦਿੱਤਾ ਨਾਲ ਖੜ੍ਹਨ ਦਾ ਭਰੋਸਾ

ਹਰਿਆਣਾ ਦੇ ਕਿਸਾਨ ਆਗੂ ਹੁਸ਼ਿਆਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਇਸ ਕਿਸਾਨ ਅੰਦੋਲਨ ਵਿੱਚ ਪੂਰਾ ਹਰਿਆਣਾ ਨਾਲ ਖੜ੍ਹਾ ਹੈ ਤੇ ਆਗੂਆਂ ਵੱਲੋਂ ਜੋ ਵੀ ਕਾਲ ਦਿੱਤੀ ਜਾਵੇਗੀ, ਉਸ ’ਤੇ ਮਜ਼ਬੂਤੀ ਨਾਲ ਅਮਲ ਕੀਤਾ ਜਾਵੇਗਾ। ਇਸ ਮੌਕੇ ਕੇਂਦਰੀ ਟਰੇਡ ਦਿੱਲੀ ਤੋਂ ਆਗੂ ਸੰਜੈ ਸਿੰਘ ਨੇ ਕਿਹਾ ਕਿ ਵਿਸ਼ਵ ਵਪਾਰ ਸੰਗਠਨ ਦੀਆਂ ਨੀਤੀਆਂ ਨਾਲ ਸਭ ਤੋਂ ਜ਼ਿਆਦਾ ਫਾਇਦਾ ਕਾਰਪੋਰੇਟ ਘਰਾਣਿਆਂ ਨੂੰ ਤੇ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੋਇਆ ਹੈ ਤੇ ਕਾਰਪੋਰੇਟ ਕਿਸਾਨਾਂ ਹੱਥੋਂ ਸਭ ਕੁਝ ਹਥਿਆ ਲੈਣਾ ਚਾਹੁੰਦੇ ਹਨ। ਉਨ੍ਹਾਂ ਵਿਸ਼ਵ ਵਪਾਰ ਸੰਗਠਨ ਦਾ ਡਟ ਕੇ ਵਿਰੋਧ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਕਿਸਾਨ ਆਗੂ ਸੁੱਚਾ ਸਿੰਘ, ਸੁਖਮਿੰਦਰ ਸਿੰਘ ਖੋਸਾ ਤੇ ਰਘਵੀਰ ਸਿੰਘ ਨੇ ਖੇਤੀ ਸੈਕਟਰ ਨੂੰ ਬਚਾਉਣ ਲਈ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਕੱਢਣ ਲਈ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।

Advertisement
Author Image

Advertisement
Advertisement
×