ਖੇਤੀ ਮਾਹਿਰ ਅਤੇ ਵਿਗਿਆਨੀ ਵੱਲੋਂ ਨਰਮੇ ਦੀ ਫ਼ਸਲ ਸਬੰਧੀ ਚਿੰਤਤ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 18 ਜੁਲਾਈ
ਇੱਥੇ ਖੇਤੀ ਭਵਨ ਵਿੱਚ ਤੀਜੀ ਅੰਤਰਰਾਜੀ ਸਲਾਹਕਾਰ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਖੇਤੀ ਮਾਹਿਰਾਂ ਅਤੇ ਵਿਗਿਆਨੀਆਂ ਨੇ ਭਾਗ ਲਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੌਸਲ, ਦੀ ਪ੍ਰਧਾਨਗੀ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਦੌਰਾਨ ਡਾ. ਗੋਸਲ ਨੇ ਹਾਊਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਉਣੀ-2024 ਦੌਰਾਨ ਰਾਜ ਵਿੱਚ ਨਰਮੇ ਦੀ ਫ਼ਸਲ ਹੇਠ 2 ਲੱਖ ਹੈਕਟੇਅਰ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਸੀ, ਜਿਸ ਦੇ ਮੁਕਾਬਲੇ ਲਗਪਗ ਇੱਕ ਲੱਖ ਹੈਕ. ਰਕਬੇ ਵਿੱਚ ਨਰਮੇ ਦੀ ਬਿਜਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ ਕੀਟ ਸਰਵੇਖਣ ਕਰਨ ਲਈ ਸਰਕਲ, ਬਲਾਕ ਅਤੇ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ ਕੀਤੀਆਂ ਜਾ ਚੁੱਕੀਆਂ ਹਨ, ਜੋ ਕਿ ਸਮੇਂ-ਸਮੇਂ ’ਤੇ ਨਰਮੇ ਦੀ ਫ਼ਸਲ ਦਾ ਸਰਵੇਖਣ ਕਰਦੀਆਂ ਹਨ ਅਤੇ ਮੌਕੇ ’ਤੇ ਹੀ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ।