ਖੇਤੀ ਮੰਤਰੀ ਵੱਲੋਂ ਰਾਦੌਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ
ਦਵਿੰਦਰ ਸਿੰਘ
ਯਮੁਨਾਨਗਰ, 5 ਜਨਵਰੀ
ਹਰਿਆਣਾ ਦੇ ਖੇਤੀ ਅਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਪਿੰਡ ਈਸ਼ੋਪੁਰ, ਰੋਡ ਛੱਪਰ, ਜੋੜੀ, ਕਾਂਸਾਪੁਰ, ਆਰੀਆ ਨਗਰ, ਗੋਲਨਪੁਰ ਅਤੇ ਫਰਕਪੁਰ ਦਾ ਦੌਰਾ ਕਰਕੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦੀ ਹੀ ਉਨ੍ਹਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।
ਇਸ ਦੌਰਾਨ ਸ੍ਰੀ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਾਰੇ ਵਰਗਾਂ ਨੂੰ ਨਾਲ ਲੈ ਕੇ ਹਰਿਆਣਾ ਨੂੰ ਹੋਰ ਅੱਗੇ ਲਿਜਾਣ ਲਈ ਕੰਮ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੇ ਸ਼ਾਸਨ ਦੌਰਾਨ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਹਨ ਅਤੇ ਭਵਿੱਖ ਵਿੱਚ ਵੀ ਇਸੇ ਨੀਤੀ ’ਤੇ ਚੱਲਦਿਆਂ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਫੋਕਸ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਇਲਾਕੇ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਉਣਾ ਹੋਵੇਗਾ। ਉਨ੍ਹਾਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਰੋਡ ਛੱਪਰ ਵਿਖੇ ਮੱਥਾ ਟੇਕਿਆ। ਇਸ ਮੌਕੇ ਮੰਡਲ ਪ੍ਰਧਾਨ ਰਵੀ ਮੌਦਗਿਲ, ਜਨਰਲ ਸਕੱਤਰ ਸਤੀਸ਼ ਸੈਣੀ, ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਬੱਬਰ, ਜ਼ਿਲ੍ਹਾ ਸਕੱਤਰ ਕਰਮਬੀਰ ਸੇਠੀ, ਕੌਂਸਲਰ ਕੁਸੁਮ ਲਤਾ ਤੇ ਸ਼ਿਵ ਰਾਮ, ਈਸ਼ੋਪੁਰ ਦੇ ਨੰਬਰਦਾਰ ਸੁਨੇਕ, ਪਿੰਡ ਜੋੜੀਆਂ ਦੇ ਨੰਬਰਦਾਰ ਮਨੋਜ ਕੁਮਾਰ, ਸਰਪੰਚ ਗੋਲਨਪੁਰ ਲਕਸ਼ਮੀ ਦੇਵੀ ਹਾਜ਼ਰ ਸਨ।