ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨ ਭਲਾਈ ਸਕੀਮਾਂ ਦਾ ਜਾਇਜ਼ਾ
ਪੱਤਰ ਪ੍ਰੇਰਕ
ਕਪੂਰਥਲਾ, 27 ਮਾਰਚ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਕਪੂਰਥਲਾ ’ਚ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫਸਰ ਡਾ. ਐੱਚ.ਪੀ.ਐੱਸ. ਭਰੋਤ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ’ਚ ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫਸਰ ਅਤੇ ਖੇਤੀਬਾੜੀ ਵਿਸਥਾਰ ਅਫਸਰਾਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਵੱਖ-ਵੱਖ ਮਾਧਿਆਮਾਂ ਰਾਹੀਂ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਜਾਗਰੂਕਤਾ ਫੈਲਾਉਣ ਲਈ ਨੁੱਕੜ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਕਿਸਾਨਾਂ ਅਤੇ ਸਥਾਨਕ ਲੋਕਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਅਤੇ ਵਾਤਾਵਰਣ ਸੁਰੱਖਿਆ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਫ਼ੀਲਡ ਸਟਾਫ਼ ਵੱਲੋਂ 39 ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਕਿਸਾਨਾਂ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਖੇਤੀਬਾੜੀ ਅਫਸਰ ਡਾ. ਵਿਸ਼ਾਲ ਕੇਸ਼ਲ, ਡਾ. ਬਲਕਾਰ ਸਿੰਘ, ਡਾ. ਪਰਮਜੀਤ ਸਿੰਘ ਮਹੇ, ਡਾ. ਸਤਨਾਮ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਡਾ. ਗੁਰਜੋਤ ਸਿੰਘ, ਡਾ. ਜਸਪਾਲ ਸਿੰਘ ਤੇ ਹਰੀਸ਼ ਸਿੰਘ ਹਾਜ਼ਰ ਸਨ।