ਖੇਤੀ ਆਰਡੀਨੈਂਸ: ਵੰਗਾਰ ਰੈਲੀ ਕਰਨਗੀਆਂ 13 ਕਿਸਾਨ ਜਥੇਬੰਦੀਆਂ
ਖੇਤਰੀ ਪ੍ਰਤੀਨਿਧ
ਪਟਿਆਲਾ, 18 ਅਗਸਤ
ਇਥੋਂ ਦੀਆਂ 13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਅਤੇ ਬਿਜਲੀ ਸੋਧ ਬਿੱਲ-2020 ਸਮੇਤ ਮੌਂਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਅਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਪੂਰੇ ਪੰਜਾਬ ਵਿਚ 15 ਸਤੰਬਰ ਨੂੰ ਵੰਗਾਰ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਅਤੇ ਬਰਨਾਲਾ ਵਿੱਚ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ’ਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਅਤੇ ਬਾਕੀ ਥਾਵਾਂ ’ਤੇ ਦੂਜੀਆਂ ਤਿੰਨ ਕਿਸਾਨ ਜਥੇਬੰਦੀਆਂ ਨਾਲ ਰੈਲੀਆਂ ਕੀਤੀਆਂ ਜਾਣਗੀਆਂ। ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰੰਗ ਵਿਚ ਲਏ ਗਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰੈਸ ਸਕੱਤਰ ਹਰਜੀਤ ਸਿੰਘ ਰਵੀ ਨੇ ਕਿਹਾ ਕਿ ਦੋਵੇਂ ਸਰਕਾਰਾਂ ਕਿਸਾਨ ਵਿਰੋਧੀ ਫੈਸਲੇ ਲੈ ਰਹੀਆਂ ਹਨ ਜਿਸ ਖ਼ਿਲਾਫ਼ ਪਿੰਡਾਂ ਵਿੱਚ ਕਿਸਾਨਾਂ ਨੂੰ ਜਗਾਉਣ ਤਹਿਤ 15 ਸਤੰਬਰ ਨੂੰ ਸਰਕਾਰਾਂ ਨੂੰ ਵੰਗਾਰਿਆ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਹੰਗਾਮੀ ਇਜਲਾਸ ਸੱਦ ਕੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਮਤਾ ਪਾਸ ਕਰੇ ਅਤੇ ਕੇਂਦਰ ਸਰਕਾਰ ਕਿਸਾਨ ਵਿਰੋਧੀ ਆਰਡੀਨੈਂਸਾਂ ਸਮੇਤ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰੇ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ.ਦਰਸ਼ਨਪਾਲ ਤੇ ਗੁਰਮੀਤ ਮਹਿਮਾ, ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ ਅਤੇ ਕੁਲਵੰਤ ਸਿੰਘ ਸੰਧੂ, ਕਿਸਾਨ ਯੂਨੀਅਨ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਹਾਜ਼ਰ ਸਨ।