ਖੇਤੀ ਆਰਡੀਨੈਂਸ: ਕਿਸਾਨਾਂ ਵੱਲੋਂ ਵੱਖ ਵੱਖ ਥਾਈਂ ਟਰੈਕਟਰ ਮਾਰਚ
ਇਕਬਾਲ ਸਿੰਘ ਸ਼ਾਂਤ
ਲੰਬੀ, 27 ਜੁਲਾਈ
ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਮੂਹਰੇ ਰੋਸ ਮੁਜ਼ਾਹਰੇ ਲਈ ਜਾ ਰਹੇ ਭਾਕਿਯੂ (ਏਕਤਾ) ਉਗਰਾਹਾਂ ਦੇ ਸੈਂਕੜੇ ਕਾਰਕੁਨਾਂ ਨੂੰ ਪੁਲੀਸ ਨੇ ਸਖਤ ਨਾਕੇਬੰਦੀ ਕਰਕੇ ਖਿਓਵਾਲੀ ਵਿਖੇ ਰੋਕ ਲਿਆ। ਇਸ ਦੇ ਰੋਸ ਵਜੋਂ ਕਿਸਾਨ ਖਿਓਵਾਲੀ ਵਿਖੇ ਲੰਬੀ-ਬਠਿੰਡਾ ਸੜਕ ‘ਤੇ ਧਰਨੇ ’ਤੇ ਬੈਠ ਗਏ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ
ਪੁਲੀਸ ਨੇ ਕਿਸਾਨਾਂ ਨੂੰ ਅਗਾਂਹ ਵਧਣ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਸੜਕੀ ਆਵਾਜਾਈ ਰੋਕਣ ਸਬੰਧੀ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਸੜਕ ਨੂੰ ਬੈਰੀਕੇਡ, ਵਜਰ ਵਹੀਕਲ ਅਤੇ ਮਿੱਟੀ ਦੀ ਟਰਾਲੀ ਖੜ੍ਹਾ ਕੇ ਰੋਕ ਲਿਆ। ਇਸ ਮੌਕੇ ਭਾਕਿਯੂ (ਏਕਤਾ) ਉਗਰਾਹਾਂ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਗੁਰਭਗਤ ਸਿੰਘ ਭਲਾਈਆਣਾ, ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ, ਭੁਪਿੰਦਰ ਸਿੰਘ ਚਨੂੰ ਨੇ ਆਪਣੇ ਸੰਬੋਧਨ ਵਿਚ ਕਿਸਾਨੀ ਦੇ ਨਿਘਾਰ ਲਈ ਰਾਜਸੀ ਤੰਤਰ ਨੂੰ ਜ਼ਿੰਮੇਵਾਰ ਦੱਸਦਿਆਂ ਕਾਂਗਰਸ ਅਤੇ ਅਕਾਲੀ ਭਾਜਪਾ ਨੂੰ ਬਰਾਬਰ ਦਾ ਭਾਈਵਾਲ ਦੱਸਿਆ। ਉਨ੍ਹਾਂ ਤਿੰਨੇ ਕੇਂਦਰੀ ਆਰਡੀਨੈਂਸਾਂ ਨੂੰ ਸੌ ਫੀਸਦੀ ਕਿਸਾਨ ਵਿਰੋਧੀ ਦੱਸਿਆ। ਉਨ੍ਹਾਂ ਚਿੱਟੇ ਨੂੰ ਵੀ ਰਾਜਸੀ ਆਗੂਆਂ ਦੀ ਸ਼ਹਿ ਉੱਪਰ ਸਰਕਾਰੀ ਨੀਤੀਆਂ ਦਾ ਹਿੱਸਾ ਕਰਾਰ ਦਿੱਤਾ। ਇਸ ਰੋਸ ਮੁਜ਼ਾਹਰੇ ਵਿਚ ਕਿਸਾਨ ਟਰੈਕਟਰਾਂ ‘ਤੇ ਸਵਾਰ ਹੋ ਕੇ ਪੁੱਜੇ ਸਨ। ਇਸ ਮੌਕੇ ਵੱਡੀ ਗਿਣਤੀ ਪੁਲੀਸ ਅਮਲਾ ਮੌਜੂਦ ਸੀ।
ਭਵਾਨੀਗੜ੍ਹ(ਮੇਜਰ ਸਿੰਘ ਮੱਟਰਾਂ): ਖੇਤੀ ਆਰਡੀਨੈਂਸਾਂ ਖਿਲਾਫ 12 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ’ਤੇ ਅੱਜ ਇਥੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਦੀ ਕੋਠੀ ਅੱਗੇ ਸੈਂਕੜੇ ਟਰੈਕਟਰਾਂ ਨਾਲ ਕਿਸਾਨਾਂ ਨੇ ਜ਼ਿਲ੍ਹਾ ਪੱਧਰੀ ਰੋਸ਼ ਪ੍ਰਦਰਸ਼ਨ ਕੀਤਾ । ਰੋਸ਼ ਪ੍ਰਦਰਸ਼ਨ ਤੋਂ ਪਹਿਲਾਂ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕੁੱਲ ਹਿੰਦ ਕਿਸਾਨ ਸਭ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਬਖਸੀਵਾਲਾ, ਜਮਹੂਰੀ ਕਿਸਾਨ ਸਭਾ ਦੇ ਊਧਮ ਸਿੰਘ ਸੰਤੋਖਪੁਰਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸੁਖਦੇਵ ਸਿੰਘ ਲੇਹਲਕਲਾਂ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਨੇ ਪੰਜਾਬ ਦੀ ਕਿਸਾਨੀ ਅਤੇ ਸਮੁੱਚੀ ਆਰਥਿਕਤਾ ਨੂੰ ਤਬਾਹ ਕਰਕੇ ਰੱਖ ਦੇਣਾ ਹੈ । ਉਨ੍ਹਾਂ ਕਿਹਾ ਕਿ ਮੰਡੀਕਰਨ ਤੋੜਨ ਤੋਂ ਬਾਅਦ ਫਸਲਾਂ ਦੀ ਘੱਟੋ ਘੱਟ ਸਹਾਇਕ ਕੀਮਤਾਂ ਦਾ ਕੋਈ ਮਹੱਤਵ ਨਹੀਂ ਰਹਿਣਾ। ਬਾਅਦ ਵਿੱਚ ਟਰੈਕਟਰਾਂ ਸਮੇਤ ਸਾਬਕਾ ਸੰਸਦੀ ਸਕੱਤਰ ਗਰਗ ਦੀ ਕੋਠੀ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਸ੍ਰੀ ਗਰਗ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਆਵਾਜ਼ ਪਾਰਟੀ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ।
ਬਠਿੰਡਾ ’ਚ ਪ੍ਰਦਰਸ਼ਨਕਾਰੀ ਹਰਸਿਮਰਤ ਦੇ ਦਫ਼ਤਰ ਨਜ਼ਦੀਕ ਪੁੱਜੇ, ਪੁਲੀਸ ਨੇ ਬੈਰੀਕੇਡ ਲਾ ਕੇ ਰੋਕਿਆ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 27 ਜੁਲਾਈ
ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ’ਚ 13 ਕਿਸਾਨ ਜਥੇਬੰਦੀਆਂ ਦੇ ਦਿੱਤੇ ਸੰਘਰਸ਼ ਦੇ ਸੱਦੇ ਤਹਿਤ ਅੱਜ ਕਿਸਾਨਾਂ ਦਾ ਟਰੈਕਟਰ ਕਾਫ਼ਲਾ ਬਾਅਦ ਦੁਪਹਿਰ ਬਠਿੰਡਾ ਸ਼ਹਿਰ ’ਚ ਦਾਖ਼ਲ ਹੋਇਆ।
ਕਾਫ਼ਲਾ ਜਦੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਸਥਾਨਕ ਦਫ਼ਤਰ ਵੱਲ ਵਧ ਰਿਹਾ ਸੀ ਤਾਂ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀ ਉਸੇ ਜਗ੍ਹਾ ’ਤੇ ਧਰਨਾ ਲਾ ਕੇ ਬੈਠ ਗਏ। ਖ਼ਬਰ ਲਿਖ਼ੇ ਜਾਣ ਤੱਕ ਕਿਸਾਨਾਂ ਦਾ ਧਰਨਾ ਜਾਰੀ ਸੀ।
ਅੰਮਿ੍ਤਸਰ ਵਿੱਚ ਕਿਸਾਨਾਂ ਵੱਲੋਂ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਅੱਗੇ ਰੈਲੀ
ਅੰਮ੍ਰਿਤਸਰ (ਟ੍ਰਬਿਿਊਨ ਨਿਊਜ਼ ਸਰਵਿਸ): ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਬਿੱਲਾਂ, ਬਿਜਲੀ ਸੋਧ ਬਿੱਲ 2020 ਅਤੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਅਥਾਹ ਵਾਧੇ ਖ਼ਿਲਾਫ਼ ਅੱਜ ਇਥੇ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦਾ ਘਿਰਾਓ ਕਰਕੇ ਉਥੇ ਕੇਂਦਰ ਸਰਕਾਰ ਖਿਲਾਫ ਰੋਸ ਵਿਖਾਵਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਕੇਂਦਰੀ ਬਿੱਲ ਰੱਦ ਕਰਨ ਦੀ ਮੰਗ ਕੀਤੀ। ਟਰੈਕਟਰ ਰੋਸ ਮਾਰਚ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਕੰਪਨੀ ਬਾਗ ਵਿਖੇ ਕੇਂਦਰੀ ਬਿੱਲਾਂ ਖਿਲਾਫ ਰੋਸ ਰੈਲੀ ਕੀਤੀ ਗਈ।
ਮੁਜ਼ਾਹਰਾਕਾਰੀ ਕਿਸਾਨਾਂ ਲਈ ਸਾਬਕਾ ਖੇਤੀਬਾੜੀ ਮੰਤਰੀ ਵੱਲੋਂ ਠੰਢੇ ਜਲ ਦਾ ਪ੍ਰਬੰਧ
ਮੋਗਾ(ਮਹਿੰਦਰ ਸਿੰਘ ਰੱਤੀਆਂ): ਇਥੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)ਨੇ ਸੈਂਕੜੇ ਟਰੈਕਟਰਾਂ ਨਾਲ ਪਿੰਡਾਂ ’ਚ ਰੋਸ ਮਾਰਚ ਮਗਰੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਬਲੌਰ ਸਿੰਘ ਘਾਲੀ ਤੇ ਗੁਰਮੀਤ ਸਿੰਘ ਕਿਸਨਪੁਰਾ ਦੀ ਅਗਵਾਈ ਹੇਠ ਭਾਜਪਾ ਆਗੂ ਤਰਲੋਚਨ ਸਿੰਘ ਗਿੱਲ ਦਾ ਘਿਰਾਓ ਕੀਤਾ ਗਿਆ। ਇਸੇ ਤਰ੍ਹਾਂ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਕੋਠੀ ਅੱਗੇ ਰੋਸ ਪ੍ਰਗਟਾਇਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਸਾਨਾਂ ਲਈ ਠੰਢੇ ਜਲ ਦਾ ਪ੍ਰਬੰਧ ਕੀਤਾ।
ਫਾਜ਼ਿਲਕਾ ਵਿੱਚ ਕਿਸਾਨਾਂ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ ਨੂੰ ਮੰਗ ਪੱਤਰ ਸੌਂਪਿਆ
ਫਾਜ਼ਿਲਕਾ(ਪਰਮਜੀਤ ਸਿੰਘ): ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ) ਵੱਲੋਂ ਤਿੰਨੇ ਆਰਡੀਨੈਂਸ ਅਤੇ ਬਿਜਲੀ ਸੋਧ ਬਿਲ-2020 ਵਾਪਸ ਕਰਵਾਉਣ ਸਮੇਤ ਭੱਖਦੇ ਕਿਸਾਨੀ ਮਸਲਿਆਂ ਸਬੰਧੀ ਪੰਜਾਬ ਸਰਕਾਰ ਅਤੇ ਸੈਂਟਰ ਸਰਕਾਰ ਦੇ ਖਿਲਾਫ਼ ਜਲਾਲਾਬਾਦ ’ਚ ਧਰਨਾ ਦਿੱਤਾ ਗਿਆ। ਧਰਨੇ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਮੰਨੇਵਾਲਾ ਨੇ ਕੀਤੀ। ਇਸ ਮੌਕੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਭੇਜਣ ਲਈ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ ਨੂੰ ਮੰਗ ਪੱਤਰ ਸੌਂਪਿਆ ਗਿਆ।