ਖੇਤੀ ਨੀਤੀ ਮੋਰਚਾ: ਚੰਡੀਗੜ੍ਹ ਪੁਲੀਸ ਹੋਈ ਚੌਕਸ
ਆਤਿਸ਼ ਗੁਪਤਾ
ਚੰਡੀਗੜ੍ਹ, 1 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਚੰਡੀਗੜ੍ਹ ਦੇ ਸੈਕਟਰ-34 ਵਿੱਚ ਦਸਹਿਰਾ ਗਰਾਊਂਡ ਵਿੱਚ ਮਜ਼ਦੂਰ, ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਾਉਣ ਸਣੇ ਹੋਰਨਾਂ ਮੰਗਾਂ ਸਬੰਧੀ ਪੰਜ ਰੋਜ਼ਾ ‘ਖੇਤੀ ਨੀਤੀ ਮੋਰਚਾ’ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ। ਮੋਰਚੇ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਨੌਜਵਾਨ, ਕਿਸਾਨ, ਮਜ਼ਦੂਰ, ਬੀਬੀਆਂ ਤੇ ਬਜ਼ੁਰਗ ਆਪਣੇ ਟਰੈਕਟਰਾਂ ਅਤੇ ਬੱਸਾਂ ਵਿੱਚ ਸਵਾਰ ਹੋ ਕੇ ਪਹੁੰਚ ਗਏ ਹਨ। ਇਸ ਦੌਰਾਨ ਚੰਡੀਗੜ੍ਹ ਪੁਲੀਸ ਵੀ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਪੁਲੀਸ ਵੱਲੋਂ ਸੈਕਟਰ-34 ਵਿੱਚ ਮੋਰਚੇ ਵਾਲੇ ਗਰਾਊਂਡ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਚੰਡੀਗੜ੍ਹ ਪੁਲੀਸ ਨੇ ‘ਖੇਤੀ ਨੀਤੀ ਮੋਰਚਾ’ ਸਬੰਧੀ ਸ਼ਹਿਰ ਵਿੱਚ ਪੁਲੀਸ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਨੂੰ ਵੀ ਤਾਇਨਾਤ ਕਰ ਦਿੱਤਾ ਹੈ ਜਿਨ੍ਹਾਂ ਵੱਲੋਂ ਪ੍ਰਦਰਸ਼ਨ ਵਾਲੀ ਥਾਂ ’ਤੇ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ।
ਦੂਜੇ ਪਾਸੇ, ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਵਿੱਚ ਲੋਕਾਂ ਨੂੰ ਆਵਾਜਾਈ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਵੀ ਵਿਉਂਤਬੰਦੀ ਕੀਤੀ ਗਈ ਹੈ। ਟਰੈਫਿਕ ਪੁਲੀਸ ਦੇ ਮੁਲਾਜ਼ਮ ਵੀ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਤਾਇਨਾਤ ਹਨ, ਜਿਨ੍ਹਾਂ ਵੱਲੋਂ ਲੋਕਾਂ ਨੂੰ ਸੜਕਾਂ ’ਤੇ ਵਾਹਨ ਖੜ੍ਹਾਉਣ ਨਹੀਂ ਦਿੱਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਚੰਡੀਗੜ੍ਹ ਪੁਲੀਸ ਵੱਲੋਂ ਦੋ ਸਤੰਬਰ ਨੂੰ ਕਿਸਾਨਾਂ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਤੋਂ ਰੋਕਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਪਰ ਬੀਕੇਯੂ ਏਕਤਾ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਿਧਾਨ ਸਭਾ ਵੱਲ ਮਾਰਚ ਲਈ ਬਜ਼ਿੱਦ ਦਿਖਾਈ ਦੇ ਰਹੀਆਂ ਹਨ। ਚੰਡੀਗੜ੍ਹ ਪੁਲੀਸ ਦੇ ਬੁਲਾਰੇ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਵਿਧਾਨ ਸਭਾ ਮਾਰਚ ਦੇ ਚਲਦਿਆਂ ਸ਼ਹਿਰ ਵਿੱਚ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਵੇਗਾ। ਇਸ ਲਈ ਉਨ੍ਹਾਂ ਵੱਲੋਂ ਲਗਾਤਾਰ ਕਿਸਾਨ ਆਗੂਆਂ ਨੂੰ ਮਾਰਚ ਨਾ ਕੀਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।
ਪੁਲੀਸ ਵੱਲੋਂ ਟਰੈਫਿਕ ਸਬੰਧੀ ਐਡਵਾਈਜ਼ਰੀ ਜਾਰੀ
ਕਿਸਾਨਾਂ ਦੇ ਪੱਕੇ ਮੋਰਚਾ ਕਰ ਕੇ ਪੁਲੀਸ ਨੇ ਕੁਝ ਸੜਕਾਂ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲੀਸ ਨੇ ਲੋਕਾਂ ਨੂੰ ਬਦਲਵੇਂ ਰਾਹ ਦੀ ਵਰਤੋਂ ਕਰਨ ਦੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਟਰੈਫਿਕ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਸੈਕਟਰ-44/45/50/51 ਦੇ ਗਊਸ਼ਾਲਾ ਚੌਕ ਤੋਂ ਸੈਕਟਰ-33/34/44/45 ਵਾਲੇ ਬੁੜੈਲ ਚੌਕ ਤੋਂ ਸੈਕਟਰ-33/34 ਲਾਈਟ ਪੁਆਇੰਟ ਤੋਂ ਨਿਊ ਲੈਬਰ ਚੌਕ ਸੈਕਟਰ-33/34/20 ਤੇ 21 ਵੱਲ ਰਾਹ ਡਾਈਵਰਟ ਕੀਤੇ ਗਏ ਹਨ। ਇਸੇ ਤਰ੍ਹਾਂ ਸੈਕਟਰ-34 ਦੀ ਵੀ-4 ਸੜਕ ’ਤੇ ਸ਼ਾਮ ਮਾਲ ਅਤੇ ਸੈਕਟਰ-33/34 ਲਾਈਟ ਪੁਆਇੰਟ ਤੋਂ ਸੈਕਟਰ-34/35 ਵਾਲੀ ਸੜਕ ਬੰਦ ਰਹੇਗੀ। ਇਸ ਤੋਂ ਇਲਾਵਾ ਸਰੋਵਰ ਪੱਥ ’ਤੇ ਕਿਸੇ ਨੂੰ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ।