ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਅਗਸਤ
ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਤਹਿਤ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫ਼ੈਸਲਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਦੀ ਫਸੀਲ ਤੋਂ ਸੰਗਤ ਦੇ ਸਾਹਮਣੇ ਸੁਣਾਇਆ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਈ ਅਜਿਹੇ ਫ਼ੈਸਲੇ ਲਏ, ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਕਮਜ਼ੋਰ ਹੋਈ ਹੈ ਅਤੇ ਸਿੱਖ ਹਿੱਤਾਂ ਨੂੰ ਨੁਕਸਾਨ ਪੁੱਜਿਆ ਹੈ। ਇਸ ਲਈ ਸੁਖਬੀਰ ਬਾਦਲ ਨੂੰ ਉਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ, ਜਦੋਂ ਤੱਕ ਉਹ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਪੰਜ ਸਿੰਘ ਸਾਹਿਬਾਨ ਤੇ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ। ਜਥੇਦਾਰ ਨੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਇਸ ਮਾਮਲੇ ਵਿੱਚ 15 ਦਿਨਾਂ ਵਿੱਚ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਪਟਨਾ ਸਾਹਿਬ ਤੋਂ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਹਰਿਮੰਦਰ ਸਾਹਿਬ ਤੋਂ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲ ਤਖਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ ਸਰਕਾਰ ਵੇਲੇ ਦੇ ਸਿੱਖ ਮੰਤਰੀਆਂ ਨੂੰ ਜੋ ਆਦੇਸ਼ ਦਿੱਤੇ ਗਏ ਹਨ, ਉਹ ਸਿਰ ਮੱਥੇ ਪ੍ਰਵਾਨ ਹਨ ਅਤੇ ਉਨ੍ਹਾਂ ਨੂੰ ਅਕਾਲ ਤਖ਼ਤ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੂਰਾ ਕੀਤਾ ਜਾਵੇਗਾ। ਅਕਾਲੀ ਦਲ ਦੇ ਨਾਰਾਜ਼ ਧੜੇ ਨੇ ਅਕਾਲ ਤਖ਼ਤ ਵਿਖੇ ਸ਼ਿਕਾਇਤ ਪੱਤਰ ਦੇ ਕੇ ਦੋਸ਼ ਲਾਇਆ ਸੀ ਕਿ ਅਕਾਲੀ ਸਰਕਾਰ ਵੇਲੇ ਕਈ ਭੁੱਲਾਂ ਚੁੱਕਾਂ ਹੋਈਆਂ ਹਨ, ਜਿਸ ਕਾਰਨ ਪਾਰਟੀ ਨੂੰ ਵੱਡਾ ਨੁਕਸਾਨ ਹੋਇਆ ਅਤੇ ਇਨ੍ਹਾਂ ਭੁੱਲਾਂ ਅਤੇ ਗਲਤੀਆਂ ਲਈ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵਿੱਚ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁੱਚਾ ਸਿੰਘ ਛੋਟੇਪੁਰ ਸਣੇ ਹੋਰ ਸ਼ਾਮਲ ਹਨ। ਆਗੂਆਂ ਨੇ ਇੱਕ ਜੁਲਾਈ ਨੂੰ ਅਕਾਲ ਤਖ਼ਤ ਵਿਖੇ ਪੱਤਰ ਦੇ ਕੇ ਦੋਸ਼ ਲਾਇਆ ਸੀ ਕਿ ਅਕਾਲੀ ਸਰਕਾਰ ਵੇਲੇ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਣ ਵਾਲੇ ਡੇਰਾ ਸਿਰਸਾ ਦੇ ਮੁਖੀ ਖ਼ਿਲਾਫ਼ ਕੇਸ ਦਰਜ ਹੋਇਆ ਸੀ ਪਰ ਅਕਾਲੀ ਸਰਕਾਰ ਨੇ ਉਸ ਕੇਸ ਨੂੰ ਵਾਪਸ ਲੈ ਲਿਆ। ਇਸੇ ਤਰ੍ਹਾਂ 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਅਕਾਲੀ ਸਰਕਾਰ ਦੋਸ਼ੀਆਂ ਖ਼ਿਲਾਫ਼ ਠੋਸ ਕਾਰਵਾਈ ਕਰਨ ’ਚ ਅਸਫ਼ਲ ਰਹੀ। ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਲਈ ਸਿਆਸੀ ਪ੍ਰਭਾਵ ਦੀ ਵਰਤੋਂ ਕੀਤੀ ਗਈ ਅਤੇ ਇਸ ਫ਼ੈਸਲੇ ਨੂੰ ਜਾਇਜ਼ ਠਹਿਰਾਉਣ ਵਾਸਤੇ ਸ਼੍ਰੋਮਣੀ ਕਮੇਟੀ ਰਾਹੀਂ ਗੁਰੂ ਦੀ ਗੋਲਕ ਦੇ 90 ਲੱਖ ਰੁਪਏ ਇਸ਼ਤਿਹਾਰਾਂ ਦੇ ਰੂਪ ਵਿੱਚ ਵਰਤੇ ਗਏ। ਇਸ ਪੱਤਰ ਦੇ ਆਧਾਰ ’ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਸਪੱਸ਼ਟੀਕਰਨ ਮੰਗਿਆ ਸੀ। ਇਸ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਸੀ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਸਪੱਸ਼ਟੀਕਰਨ ਦਿੱਤਾ ਸੀ। ਪੰਜ ਸਿੰਘ ਸਾਹਿਬਾਨ ਦੀ ਅੱਜ ਦੀ ਇਕੱਤਰਤਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਸੰਕਟ ਦਾ ਮਾਮਲਾ ਤਾਂ ਵਿਚਾਰਿਆ ਗਿਆ ਹੈ ਪਰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸੱਪਸ਼ਟੀਕਰਨ ਸਬੰਧੀ ਅਗਲੇਰੀ ਕਾਰਵਾਈ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਸੁਖਬੀਰ ਪ੍ਰਧਾਨਗੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ: ਵਡਾਲਾ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਖਬੀਰ ਨੂੰ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਜੋ ਗੁਨਾਹ ਅਤੇ ਗਲਤੀਆਂ ਕੀਤੀਆਂ ਸਨ ,ਉਸ ਨਾਲ ਮਰਿਆਦਾ ਨੂੰ ਢਾਹ ਲੱਗੀ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਜਿਸ ਦਿਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦਿੱਤਾ ਸੀ, ਉਸੇ ਦਿਨ ਹੀ ਨਿਮਾਣੇ ਸਿੱਖ ਵਜੋਂ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ।
ਜਥੇਦਾਰਾਂ ਲਈ ਪਰਖ ਦੀ ਘੜੀ ਅਜੇ ਵੀ ਬਾਕੀ: ਰਣਜੀਤ ਸਿੰਘ ਦਮਦਮੀ ਟਕਸਾਲ
ਸਿੱਖ ਜਥੇਬੰਦੀ ਸਿੱਖ ਯੂਥ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਅਕਾਲ ਤਖ਼ਤ ਤੋਂ ਦਿੱਤੇ ਗਏ ਫ਼ੈਸਲੇ ਬਾਰੇ ਕਿਹਾ ਕਿ ਇਸ ਮਾਮਲੇ ਵਿੱਚ ਜਥੇਦਾਰਾਂ ਦੀ ਪਰਖ ਦੀ ਘੜੀ ਅਜੇ ਵੀ ਬਾਕੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਉਸ ਵੱਲੋਂ ਕੀਤੇ ਗੁਨਾਹ ਤੇ ਗਲਤੀਆਂ ਆਦਿ ਵਾਸਤੇ ਖਾਲਸਾ ਪੰਥ ਵਿੱਚੋਂ ਤੁਰੰਤ ਖਾਰਜ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਗੁਨਾਹ ਨਾ ਕਰ ਸਕੇ।
ਅਕਾਲ ਤਖ਼ਤ ਦਾ ਹਰ ਹੁਕਮ ਸਿਰ-ਮੱਥੇ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਉਨ੍ਹਾਂ ਨੂੰ ਅਕਾਲ ਤਖ਼ਤ ਵੱਲੋਂ ਜਾਰੀ ਹੋਇਆ ਹਰ ਆਦੇਸ਼ ਸਿਰ-ਮੱਥੇ ਪ੍ਰਵਾਨ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਕਿਹਾ ਕਿ ਉਹ ਜਲਦੀ ਹੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਖਿਮਾ ਯਾਚਨਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਿਰ ਿਨਵਾ ਕੇ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਸੁਖਬੀਰ ਿਸੰਘ ਬਾਦਲ ਨੇ ਅਕਾਲ ਤਖ਼ਤ ਅੱਗੇ ਪੇਸ਼ ਹੋ ਕੇ ਿਨਮਾਣੇ ਸਿੱਖ ਵਜੋਂ ਖਿਮਾ ਯਾਚਨਾ ਦੀ ਅਪੀਲ ਕੀਤੀ ਸੀ।
ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਪਟੀਸ਼ਨ ਬਾਰੇ ਸਿੱਖ ਵਿਦਵਾਨਾਂ ਕੋਲੋਂ ਰਾਏ ਮੰਗੀ
ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਬਲਵੰਤ ਸਿੰਘ ਰਾਜੋਆਣਾ ਫਾਂਸੀ ਦੀ ਸਜ਼ਾ ਮੁਆਫ਼ੀ ਲਈ ਰਾਸ਼ਟਰਪਤੀ ਕੋਲ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਸਬੰਧੀ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਕੋਲੋਂ ਰਾਏ ਮੰਗੀ ਗਈ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਖ਼ਿਲਾਫ਼ ਰਾਸ਼ਟਰਪਤੀ ਕੋਲ ਦਾਇਰ ਕੀਤੀ ਪਟੀਸ਼ਨ ਵਾਪਸ ਲੈ ਲਈ ਜਾਵੇ, ਕਿਉਂਕਿ ਉਹ ਪਿਛਲੇ 30 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ। ਪਿਛਲੇ 12 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਖ਼ਿਲਾਫ਼ ਅਪੀਲ ਭਾਰਤ ਸਰਕਾਰ ਕੋਲ ਸੁਣਵਾਈ ਅਧੀਨ ਹੈ ਪਰ ਅਜੇ ਤੱਕ ਇਸ ਸਬੰਧੀ ਸਰਕਾਰ ਨੇ ਕੋਈ ਫ਼ੈਸਲਾ ਨਹੀਂ ਲਿਆ। ਇਸ ਮਾਮਲੇ ਸਬੰਧੀ ਯੋਗ ਅਗਵਾਈ ਲਈ ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਵਿਖੇ ਪੱਤਰ ਭੇਜਿਆ ਹੈ, ਜਿਸ ’ਤੇ ਅੱਜ ਵਿਚਾਰ ਕੀਤਾ ਗਿਆ।
ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦਾ ਸਵਾਗਤ
ਕੁਰੂਕਸ਼ੇਤਰ (ਪੱਤਰ ਪ੍ਰੇਰਕ): ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਮੰਨਦਿਆਂ ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਜ਼ਾ ਹੋਣੀ ਅਜੇ ਬਾਕੀ ਹੈ ਪਰ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ ਲਿਆ ਗਿਆ ਇਹ ਫੈਸਲਾ ਸਿੱਖ ਕੌਮ ਦੇ ਹਿੱਤ ਵਿੱਚ ਹੈ।