ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹੱਕ ਵਿੱਚ ਹੋਵੇਗਾ: ਮਿੱਤਲ
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 8 ਅਕਤੂਬਰ
ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਪੁੱਤਰ ਅਰਵਿੰਦ ਮਿੱਤਲ ਨੂੰ ਭਾਜਪਾ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ, ਹੁਣ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਮੁੜ ਵਾਪਸੀ ਦੀ ਗੱਲ ਕਬੂਲੀ ਹੈ। ਸ੍ਰੀ ਮਿੱਤਲ ਨੇ ਕਿਹਾ ਕਿ ਜੇ ਸੂਬੇ ਅੰਦਰ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੁੰਦਾ ਹੈ ਤਾਂ ਉਹ ਦੋਵੇਂ ਪਾਰਟੀਆਂ, ਪੰਜਾਬ ਅਤੇ ਪੰਜਾਬੀਅਤ ਲਈ ਫ਼ਾਇਦੇਮੰਦ ਹੋ ਸਕਦਾ ਹੈ।
ਇੱਥੇ ਪ੍ਰੈੱਸ ਕਲੱਬ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਮਿੱਤਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ’ਚ ਖੇਰੂੰ-ਖੇਰੂੰ ਹੋ ਗਿਆ ਹੈ। ਇਸ ਮੌਕੇ ਉਨ੍ਹਾਂ ਮਿਠਾਈ ਵੰਡ ਕੇ ਹਰਿਆਣਾ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ਵੀ ਮਨਾਈ। ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਮਿੱਤਲ ਨੇ ਕਿਹਾ ਕਿ ਜੇ ਸੂਬੇ ਅੰਦਰ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੁੰਦਾ ਹੈ ਤਾਂ ਉਹ ਦੋਵੇਂ ਪਾਰਟੀਆਂ, ਪੰਜਾਬ ਅਤੇ ਪੰਜਾਬੀਅਤ ਲਈ ਫ਼ਾਇਦੇਮੰਦ ਹੋ ਸਕਦਾ ਹੈ। ਉਨ੍ਹਾਂ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦਾ ਦੇਸ਼ ਅੰਦਰ ਪਤਨ ਹੋ ਰਿਹਾ ਹੈ। ਮਦਨ ਮੋਹਨ ਮਿੱਤਲ ਨੇ ਕਿਹਾ ਕਿ ਸੂਬੇ ਅੰਦਰ ਭਾਜਪਾ ਇੱਕ ਵੱਡੀ ਸ਼ਕਤੀ ਵਜੋਂ ਉਭਰ ਰਹੀ ਹੈ ਤੇ ਸੂਬੇ ਅੰਦਰ ਆਉਣ ਵਾਲੇ ਸਮੇਂ ਵਿੱਚ ਭਾਜਪਾ ਦੀ ਸਰਕਾਰ ਬਣੇਗੀ।
ਇਸ ਮੌਕੇ ਪਿੰਕੀ ਸ਼ਰਮਾ, ਕੁਲ ਭੂਸ਼ਣ ਪੁਰੀ, ਮਹੰਤ ਲਛਮਣ ਦਾਸ, ਬੰਟੀ ਬਾਸੋਵਾਲ, ਪਵਨ ਮੈਹਦਲੀ, ਹਰੀਸ਼ ਨੰਗਲ, ਹੈਪੀ ਬੇਦੀ ਤੇ ਵਿਸ਼ਾਲ ਕੁਮਾਰ ਮੌਜੂਦ ਸਨ।