ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਅਕਾਲੀ, ਭਾਜਪਾ ਤੇ ਕਾਂਗਰਸੀ ਚਿੰਤਤ: ਹਰਪਾਲ ਸਿੰਘ ਚੀਮਾ
ਆਤਿਸ਼ ਗੁਪਤਾ
ਚੰਡੀਗੜ੍ਹ, 2 ਅਪਰੈਲ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਜਿੰਮੇਵਾਰ ਹੈ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਸਮੇਂ ਹੀ ਪੰਜਾਬ ਵਿੱਚ ਨਸ਼ਿਆਂ ਨੇ ਆਪਣੇ ਪੈਰ ਪਸਾਰੇ ਤੇ ਨਸ਼ਿਆਂ ਦੀ ਭਰਭੂਰ ਸਪਲਾਈ ਹੁੰਦੀ ਰਹੀ ਹੈ ਅਤੇ ਉਸ ਸਮੇ ਅਕਾਲੀ ਦਲ ਦੇ ਨੇਤਾਵਾਂ ਨੂੰ ਭਾਰੀ ਸੁਰੱਖਿਆ ਦਿੱਤੀਆਂ ਗਈਆਂ ਹਨ।
ਸ੍ਰੀ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ‘ਆਪ’ ਸਰਕਾਰ ਨਸ਼ਾ ਮਾਫੀਆ ਤੇ ਨਸ਼ਾ ਤਸਕਰਾਂ ਦਾ ਖਾਤਮਾ ਕਰਨ ਲਈ ਲੜਾਈ ਲੜ ਰਹੀ ਹੈ। ਇਸੇ ਦੌਰਾਨ ਜਦੋਂ ਇਕ ਵਿਅਕਤੀ ਦੀ ਸੁਰੱਖਿਆ ਘਟਾਈ ਗਈ ਤਾਂ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਕਾਂਗਰਸੀ ਬਹੁਤ ਹੀ ਚਿੰਤਤ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਪਾਰਟੀਆਂ ਦੇ ਆਗੂ ਨਸ਼ਿਆਂ ਬਾਰੇ ਕੋਈ ਗੱਲ ਨਹੀਂ ਕਰ ਰਹੇ ਹਨ, ਪਰ ਦੂਜੇ ਪਾਸੇ ਜਿਹੜੇ ਨਸ਼ਾ ਵੇਚਦੇ ਰਹੇ ਹਨ ਉਸ ਬਾਰੇ ਬੋਲ ਰਹੇ ਹਨ। ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ‘ਆਪ’ ਸਰਕਾਰ ਨਸ਼ਿਆਂ ਦੀ ਭੇਟ ਚੜ੍ਹ ਚੁੱਕੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ ਦਵਾ ਕੇ ਰਹੇਗੀ। ਉਨ੍ਹਾਂ ਇਹ ਲੋਕ(ਵਿਰੋਧੀ) ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ ਨਹੀਂ ਹੋਣ ਦੇਣਾ ਚਾਹੁੰਦੇ, ਪਰ ‘ਆਪ’ ਦੀ ਸਰਕਾਰ ਹਰ ਹਾਲ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਕੇ ਰਹੇਗੀ।