ਅਕਾਲੀ ਦਲ 1920 ਵੱਲੋਂ ਸਿਆਸੀ ਚੋਣਾਂ ਨਾ ਲੜਨ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 21 ਦਸੰਬਰ
ਅਕਾਲੀ ਦਲ 1920 ਦੇ ਪ੍ਰਧਾਨ ਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਕਾਲ ਤਖ਼ਤ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸਿਆਸੀ ਚੋਣਾਂ ਨਹੀਂ ਲੜੇਗੀ, ਸਗੋਂ ਪੰਥਕ ਮੁੱਦਿਆਂ ਦੇ ਹੱਲ ਲਈ ਸੰਗਤ ਦੇ ਸਹਿਯੋਗ ਨਾਲ ਸੰਘਰਸ਼ ਜਾਰੀ ਰੱਖੇਗੀ। ਸਾਬਕਾ ਸਪੀਕਰ ਰਵੀਇੰਦਰ ਸਿੰਘ ਇੱਥੇ ਖਾਲਸਾ ਸਕੂਲ ਵਿੱਚ ਗੜ੍ਹੀ ਚਮਕੌਰ ਦੇ ਸਮੂਹ ਸਿੰਘਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਸਿੱਖ ਪੰਥ ਦੀ ਹੋਂਦ ਤੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਕੀਤੀ ਗਈ ਸੀ, ਨਾ ਕਿ ਸਿਆਸਤ ਲਈ। ਉਨ੍ਹਾਂ ਪੰਥ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਥਾਪਨਾ ਪਿੰਡਾਂ ਦੀਆਂ ਗਲੀਆਂ ਨਾਲੀਆਂ ਬਣਾਉਣ ਲਈ ਨਹੀਂ, ਸਗੋਂ ਪੰਥ ਨਾਲ ਸਬੰਧਿਤ ਮਸਲਿਆਂ ਨੂੰ ਉਭਾਰ ਕੇ ਸਰਕਾਰ ਨਾਲ ਗੱਲਬਾਤ ਕਰਕੇ ਹੱਲ ਕਰਾਉਣ ਵਾਸਤੇ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਸੁਣਾਈ ਗਈ ਸਜ਼ਾ ਨਾਲ ਅਕਾਲ ਤਖਤ ਸਾਹਿਬ ਦੀ ਸਰਬ-ਉੱਚਤਾ ਅਤੇ ਮਾਣ-ਮਰਿਆਦਾ ਬਹਾਲ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਦਲ ਦੇ ਆਗੂਆਂ ਵਲੋਂ ਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਇਨ੍ਹਾਂ ਹੁਕਮਨਾਮਿਆਂ ਨੂੰ ਬਦਲਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ। ਪਹਿਲਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਕਿਰਦਾਰਕੁਸ਼ੀ ਕੀਤੀ ਗਈ, ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰਾਣੇ ਕੇਸ ਨੂੰ ਆਧਾਰ ਬਣਾ ਉਨ੍ਹਾਂ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਤਾਂ ਜੋ ਇਨ੍ਹਾਂ ਹੁਕਮਨਾਮਿਆਂ ਵਿੱਚ ਮਨਮਰਜ਼ੀ ਅਨੁਸਾਰ ਸਿੰਘ ਸਾਹਿਬਾਨ ਤੋਂ ਬਦਲਾਅ ਕਰਵਾਇਆ ਜਾ ਸਕੇ।