ਅਕਾਲੀ ਦਲ (ਅ) ਨੇ ਨਿਆਮੀਵਾਲਾ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ
ਪਰਸ਼ੋਤਮ ਬੱਲੀ
ਬਰਨਾਲਾ, 23 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇੱਥੇ ਪਾਰਟੀ ਦਫ਼ਤਰ ਵਿੱਚ ਮੀਡੀਆ ਕਾਨਫਰੰਸ ਕਰਕੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਜ਼ਿਮਨੀ ਚੋਣ ਲਈ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਸੁਖਰਾਜ ਸਿੰਘ ਨਿਆਮੀਵਾਲਾ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਹਨ, ਜੋ 2015 ਤੋਂ ਹੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਆਪਣੇ ਪਿਤਾ ਦੀ ਮੌਤ ਦਾ ਇਨਸਾਫ਼ ਲੈਣ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਗਿੱਦੜਬਾਹਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਜਿਤਾ ਕੇ ਵਿਧਾਨ ਸਭਾ ਭੇਜਣ ਤਾਂ ਕਿ ਇਨਸਾਫ਼ ਲਈ ਸੜਕ ਦੀ ਬਜਾਏ ਵਿਧਾਨ ਸਭਾ ’ਚ ਆਵਾਜ਼ ਬੁਲੰਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਬਰਨਾਲਾ ਤੋਂ ਪਹਿਲਾਂ ਹੀ ਗੋਵਿੰਦ ਸਿੰਘ ਸੰਧੂ ਨੂੰ ਪਾਰਟੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ ਅਤੇ ਰਹਿੰਦੇ ਦੋ ਚੱਬੇਵਾਲ ਤੇ ਡੇਰਾ ਬਾਬਾ ਨਾਨਕ ਹਲਕਿਆਂ ਤੋਂ ਵੀ ਜਲਦੀ ਹੀ ਉਮੀਦਵਾਰ ਐਲਾਨ ਦਿੱਤੇ ਜਾਣਗੇ।
ਉਨ੍ਹਾਂ ਝੋਨੇ ਦੇ ਖਰੀਦ ਪ੍ਰਬੰਧਾਂ, ਲਿਫਟਿੰਗ ਤੇ ਕਿਸਾਨਾਂ/ਆੜ੍ਹਤੀਆਂ/ਸ਼ੈਲਰ ਮਾਲਕਾਂ ਤੇ ਮਜ਼ਦੂਰ ਵਰਗ ਨੂੰ ਦਰਪੇਸ਼ ਮੁਸ਼ਕਲਾਂ ਨੂੰ ਵੱਡਾ ਸੰਕਟ ਦੱਸਦਿਆਂ ਇਸ ਲਈ ਸੂਬੇ ਦੀ ‘ਆਪ’ ਸਰਕਾਰ ਤੇ ਕੇਂਦਰੀ ਹਕੂਮਤ ਨੂੰ ਜ਼ਿਮੇਵਾਰ ਠਹਿਰਾਇਆ। ਅਖ਼ੀਰ ਵਿੱਚ ਨਵੇਂ ਐਲਾਨੇ ਗਏ ਉਮੀਦਵਾਰ ਸੁਖਰਾਜ ਸਿੰਘ ਨੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਗਿੱਦੜਬਾਹਾ ਦੀਆਂ ਸਮੁੱਚੀਆਂ ਪੰਥਕ ਧਿਰਾਂ ਤੋਂ ਸਮਰਥਨ ਵੀ ਮੰਗਿਆ। ਇਸ ਮੌਕੇ ਪਾਰਟੀ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਹਰਜਿੰਦਰ ਸਿੰਘ ਜੱਖੂ, ਯੂਥ ਵਿੰਗ ਦੇ ਮੀਤ ਪ੍ਰਧਾਨ ਜਤਿੰਦਰ ਸਿੰਘ ਥਿੰਦ ਤੇ ਹੋਰ ਹਾਜ਼ਰ ਸਨ।