ਅਕਾਲੀ ਦਲ (ਅ) ਨੇ ਸੰਧੂ ਨੂੰ ਬਰਨਾਲਾ ਤੋਂ ਉਮੀਦਵਾਰ ਐਲਾਨਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਕਤੂਬਰ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਪੰਜਾਬ ਵਿੱਚ ਪੰਥਕ ਇਕੱਤਰਤਾ ਲਈ ਇੱਥੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ਗੋਵਿੰਦਰ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਗਿਆ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਹੋਰਨਾਂ ਆਗੂਆਂ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਲਈ ਉਮੀਦਵਾਰਾਂ ਦਾ ਐਲਾਨ ਜਲਦ ਕੀਤਾ ਜਾਵੇਗਾ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਕੰਮ ਕਰ ਰਹੀ ਹੈ, ਜਿਸ ਵੱਲੋਂ ਪੰਥ ਦੀ ਰਾਖੀ ਕਰਨ ਵਾਲਿਆਂ ਦਾ ਕਤਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਰਾਖੀ ਲਈ ਅੱਜ ਇਕੱਠੀਆਂ ਹੋਈਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਭਵਿੱਖ ਵਿੱਚ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਕੇਂਦਰ ਸਰਕਾਰ ਦੇ ਸਿੱਖ ਵਿਰੋਧੀ ਚਿਹਰੇ ਨੂੰ ਜਨਤਕ ਕੀਤਾ ਜਾਵੇਗਾ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਵੀ ਜਲਦ ਹੀ ਮੀਟਿੰਗ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ। ਇਸ ਮੌਕੇ ਭਾਈ ਜਸਵੀਰ ਸਿੰਘ ਰੋਡੇ, ਗੁਰਦੀਪ ਸਿੰਘ ਬਠਿੰਡਾ ਪ੍ਰਧਾਨ ਸ਼ੇਰੇ ਪੰਜਾਬ ਅਕਾਲੀ ਦਲ, ਦਲ ਖਾਲਸਾ ਤੋਂ ਪਰਮਜੀਤ ਸਿੰਘ ਮੰਡ, ਕਿਸਾਨ ਵਿੰਗ ਤੋਂ ਬਲਜੀਤ ਸਿੰਘ ਭਾਊ, ਕੁਲਵਿੰਦਰ ਸਿੰਘ ਨਿਹੰਗ ਸਿੰਘ, ਪਰਵਿੰਦਰ ਸਿੰਘ ਤਲਵਾੜਾ, ਅਜੇਪਾਲ ਸਿੰਘ ਬਰਾੜ ਮਿਸ਼ਨ ਸਤਲੁਜ, ਬਲਬੀਰ ਸਿੰਘ ਕੌਮੀ ਇਨਸਾਫ ਮੋਰਚਾ ਹਾਜ਼ਰ ਸਨ।