ਅਕਾਲੀ ਦਲ ਨੂੰ ਅਕਾਲ ਤਖ਼ਤ ਦੇ ਹੁਕਮਾਂ ਦਾ ਪਾਲਣ ਕਰਨ ਦੀ ਨਸੀਹਤ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜਨਵਰੀ
ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹਤ ਕੀਤੀ ਹੈ ਕਿ ਉਹ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ ’ਚ ਟਾਲ ਮਟੋਲ ਨਾ ਕਰਨ। ਉਨ੍ਹਾਂ ਅੱਜ ਇੱਥੇ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।
ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੀ ਫਸੀਲ ਤੋਂ ਸੁਣਾਏ ਪੰਜ ਸਿੰਘ ਸਾਹਿਬਾਨ ਦੇ ਫ਼ੈਸਲੇ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਅਕਾਲੀ ਦਲ ਨੂੰ ਇਸ ਫ਼ੈਸਲੇ ਨੂੰ ਪ੍ਰਵਾਨ ਕਰਨ ਵਿੱਚ ਟਾਲ ਮਟੋਲ ਦੀ ਨੀਤੀ ਨਹੀਂ ਅਪਣਾਉਣੀ ਚਾਹੀਦੀ। ਅਕਾਲ ਤਖਤ ਤੋਂ ਗਿਆਨੀ ਰਘਬੀਰ ਸਿੰਘ ਸਮੇਤ ਪੰਜ ਸਿੰਘ ਸਾਹਿਬਾਨ ਵੱਲੋਂ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਖ਼ਿਲਾਫ਼ ਤਨਖਾਹ ਸੁਣਾਈ ਸੀ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਹੁਕਮ ਦਿੱਤਾ ਗਿਆ ਸੀ ਕਿ ਉਹ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਦੇ ਅਸਤੀਫੇ ਪ੍ਰਵਾਨ ਕਰੇ ਅਤੇ ਤਿੰਨ ਦਿਨਾਂ ਅੰਦਰ ਇਸ ਦੀ ਰਿਪੋਰਟ ਅਕਾਲ ਤਖਤ ਨੂੰ ਭੇਜੀ ਜਾਵੇ ਪਰ ਅਜਿਹਾ ਨਹੀਂ ਹੋਇਆ। ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਸ਼ਿਕਾਇਤ ਦੇ ਮਾਮਲੇ ਵਿੱਚ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੇ ਮਾਮਲੇ ’ਚ ਵੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਹੇਠ ਨਹੀਂ ਆਉਂਦਾ ਅਤੇ ਇਸ ਦੀ ਜਾਂਚ ਅਕਾਲ ਤਖਤ ਨੂੰ ਸੌਂਪੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਂਝ ਵੀ ਜਦੋਂ ਗਿਆਨੀ ਹਰਪ੍ਰੀਤ ਸਿੰਘ ਗੁਰੂ ਦੀ ਹਜ਼ੂਰੀ ਵਿਚ ਸਪੱਸ਼ਟੀਕਰਨ ਦੇ ਚੁੱਕੇ ਹਨ ਤਾਂ ਹੋਰ ਕਿਸੇ ਪੜਤਾਲ ਦੀ ਲੋੜ ਨਹੀਂ ਰਹਿ ਜਾਂਦੀ। ਨਰਾਇਣ ਸਿੰਘ ਚੌੜਾ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਅਕਾਲੀ ਆਗੂ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਸ ਦਾ ਸਪੱਸ਼ਟੀਕਰਨ ਆ ਚੁੱਕਾ ਹੈ ਤੇ ਇਸ ’ਤੇ ਪੰਜ ਸਿੰਘ ਸਾਹਿਬਾਨ ਵਿਚਾਰ ਕਰਨਗੇ।
ਸਰਕਾਰਾਂ ਕਿਸਾਨਾਂ ਪ੍ਰਤੀ ਸੰਵੇਦਨਸ਼ੀਲ ਨਹੀਂ: ਜਥੇਦਾਰ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਦੇ ਮਾਮਲੇ ਵਿਚ ਸੰਵੇਦਨਸ਼ੀਲ ਨਹੀਂ ਹਨ। ਸਿੱਖ ਧਰਮ ਵਿੱਚ ਮਰਨ ਵਰਤ ਦਾ ਕੋਈ ਸਿੱਧਾਂਤ ਨਹੀਂ ਹੈ ਪਰ ਡਾਹਢੀ ਸਰਕਾਰ ਕੋਲੋਂ ਅਪਣੇ ਹੱਕ ਲੈਣ ਵਾਸਤੇ ਉਹ 40 ਦਿਨ ਤੋਂ ਭੁੱਖ ਹੜਤਾਲ ’ਤੇ ਹਨ। ਕਿਸਾਨ ਆਪਣੇ ਹੱਕਾਂ ਵਾਸਤੇ ਧਰਨੇ ’ਤੇ ਬੈਠੇ ਹਨ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨੇ ਤਾਂ ਜੋ ਕਿਸਾਨ ਵੀ ਅਪਣੇ ਘਰਾਂ ਨੂੰ ਪਰਤਣ ਤੇ ਪਰਿਵਾਰਾਂ ਵਿਚ ਜਾ ਕੇ ਬੈਠ ਸਕਣ।