ਪੰਜਾਬ ਦੀ ਸਿਆਸਤ ’ਚੋਂ ਗਾਇਬ ਹੋਇਆ ਅਕਾਲੀ ਦਲ: ਧਾਲੀਵਾਲ
ਰਾਜਨ ਮਾਨ
ਮਜੀਠਾ, 14 ਜੁਲਾਈ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਿਆਸਤ ’ਚੋਂ ਗਾਇਬ ਹੋ ਚੁੱਕਾ ਹੈ। ਅੱਜ ਪਿੰਡ ਹਰਦੋ ਪੁਤਲੀ ਵਿੱਚ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਣ ਅਤੇ ਬੂਟੇ ਲਾਉਣ ਦੀ ਸ਼ੁਰੂਆਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਅੱਜ ਅਕਾਲੀ ਦਲ ਦਾ ਵਜੂਦ ਖਤਮ ਹੋਣ ਕੰਢੇ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੋ ਪਰਿਵਾਰਾਂ ਦੀ ਜਾਇਦਾਦ ਬਣ ਕੇ ਰਹਿ ਗਿਆ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਤੋਂ ਮੂੰਹ ਮੋੜ ਲਿਆ ਹੈ। ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੀ ਸੱਤਾ ਦੌਰਾਨ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਹੈ, ਜਿਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ। ਪੰਜਾਬ ਕਾਂਗਰਸ ਕਮੇਟੀ ’ਤੇ ਤਨਜ ਕੱਸਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਜਲੰਧਰ ਚੋਣ ਨੇ ਕਾਂਗਰਸ ਪਾਰਟੀ ਨੂੰ ਵੀ ਸ਼ੀਸ਼ਾ ਵਿਖਾ ਦਿੱਤਾ ਹੈ, ਜੋ ਤੀਜੇ ਨੰਬਰ ’ਤੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਇੰਨਾ ਵੱਡਾ ਫਤਵਾ ਦੇਣਾ, ਇਹ ਸਾਬਿਤ ਕਰਦਾ ਹੈ ਕਿ ਲੋਕ ਪੰਜਾਬ ਸਰਕਾਰ ਦੀਆਂ ਲੋਕ ਨੀਤੀਆਂ ਤੋਂ ਕਿੰਨੇ ਖੁਸ਼ ਹਨ। ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਵੀ ਹਾਜ਼ਰ ਸਨ।