ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ’ਚੋਂ ਕੱਢਿਆ
ਆਤਿਸ਼ ਗੁਪਤਾ
ਚੰਡੀਗੜ੍ਹ, 1 ਅਗਸਤ
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਫੈਸਲਾ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜ਼ਾਰ ਸਿੰਘ ਰਣੀਕੇ ਵੀ ਮੌਜੂਦ ਸਨ। ਕਮੇਟੀ ਨੇ ਢੀਂਡਸਾ ’ਤੇ ਪਾਰਟੀ ਨੂੰ ਕਮਜ਼ੋਰ ਕਰਨ ਅਤੇ ਵੰਡਣ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਲਾਏ ਹਨ।
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਆਪਣੇ ਅਹੁਦੇ ਦੀ ਮਰਿਆਦਾ ਕਾਇਮ ਨਹੀਂ ਰੱਖ ਸਕੇ।
ਕਮੇਟੀ ਮੈਂਬਰਾਂ ਨੇ ਬਰਖਾਸਤ ਆਗੂਆਂ ਨੂੰ ਕਿਹਾ ਕਿ ਉਹ ਵਰਕਿੰਗ ਕਮੇਟੀ ਦੀ ਮੀਟਿੰਗ ਸੱਦਣ ਲਈ ਆਜ਼ਾਦ ਹਨ। ਵਰਕਿੰਗ ਕਮੇਟੀ ਦੇ 98 ਫੀਸਦੀ ਮੈਂਬਰਾਂ ਨੇ ਬਾਦਲ ਦੀ ਅਗਵਾਈ ਵਿੱਚ ਵਿਸ਼ਵਾਸ ਜਤਾਇਆ ਹੈ।
ਢੀਂਡਸਾ ਨੇ ਟੌਹੜਾ ਨੂੰ ਪਾਰਟੀ ’ਚੋਂ ਕੱਢਿਆ ਸੀ
ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪੁਰਾਣੀ ਗੱਲ ਚੇਤੇ ਕਰਵਾਉਂਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਅਨੁਸ਼ਾਸਨੀ ਕਮੇਟੀ ਦੇ ਪ੍ਰਧਾਨ ਹੁੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਨੂੰ ਪਾਰਟੀ ’ਚੋਂ ਬਰਖਾਸਤ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਜਾਵੇ।