ਸ਼ਹੀਦੀ ਕਾਨਫਰੰਸ ਸਬੰਧੀ ਅਕਾਲੀ ਦਲ ਦੀ ਮੀਟਿੰਗ
ਪੱਤਰ ਪ੍ਰੇਰਕ
ਪਾਇਲ, 10 ਅਗਸਤ
ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਤੇ ਕਿਸਾਨ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 15 ਅਗਸਤ ਨੂੰ ਪਿੰਡ ਈਸੜੂ ਵਿੱਚ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸ਼ਹੀਦੀ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਚਾਰ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਖੰਨਾ, ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਜਥੇਦਾਰ ਮਨਜੀਤ ਸਿੰਘ ਮਦਨੀਪੁਰ ਪਾਇਲ ਤੇ ਪਰਮਜੀਤ ਸਿੰਘ ਢਿੱਲੋਂ ਸਮਰਾਲਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਅਹਿਮ ਮੀਟਿੰਗ ਕੀਤੀ ਗਈ। ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਜਸਮੇਲ ਸਿੰਘ ਬੌਂਦਲੀ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਪ੍ਰਧਾਨ ਬੀਬੀ ਜਸਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਤੇ ਭਾਜਪਾ ਸਿਆਸੀ ਹਿੱਤਾਂ ਲਈ ਅਕਾਲੀ ਦਲ ਵਿੱਚ ਵੰਡੀਆਂ ਪਾ ਰਹੀ ਹੈ ਜਿਸ ਨੂੰ ਸਿੱਖ ਪੰਥ ਬਰਦਾਸ਼ਤ ਨਹੀਂ ਕਰੇਗਾ। ਮੀਟਿੰਗ ਦੌਰਾਨ ਸਾਰੇ ਅਕਾਲੀ ਆਗੂਆਂ ਤੇ ਸਰਕਲ ਪ੍ਰਧਾਨਾਂ ਨੇ ਹੱਥ ਖੜੇ ਕਰਕੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕੀਤਾ। ਸਾਰੇ ਹਲਕਾ ਇੰਚਾਰਜਾਂ ਅਤੇ ਆਗੂਆਂ ਨੇ ਈਸੜੂ ਦੀ ਸ਼ਹੀਦੀ ਕਾਨਫਰੰਸ ਵਿੱਚ ਵਰਕਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿਵਾਉਂਦਿਆਂ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ। ਸਟੇਜ ਸਕੱਤਰ ਦੀ ਭੂਮਿਕਾ ਮੋਹਣ ਸਿੰਘ ਜਟਾਣਾ ਨੇ ਨਿਭਾਈ।