ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ 18 ਨੂੰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਕਤੂਬਰ
ਸ਼੍ੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਅੱਜ ਦੱਸਿਆ ਕਿ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ 18 ਅਕਤੂਬਰ ਨੂੰ ਜਲੰਧਰ ਦੇ ਗੁਰੂ ਤੇਗ਼ ਬਹਾਦਰ ਗੁਰਦੁਆਰੇ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਹੋਵੇਗੀ। ਇਸ ਵਿੱਚ ਸਮੁੱਚੀ ਪ੍ਰਜ਼ੀਡੀਅਮ, ਐਗਜ਼ੈਕੇਟਿਵ ਕਮੇਟੀ ਅਤੇ ਐਡਵਾਈਜ਼ਰੀ ਬੋਰਡ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਦਾ ਫ਼ੈਸਲਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਵੇਲੇ ਇਕ ਪਰਿਵਾਰ ਦੀ ਇਜ਼ਾਰੇਦਾਰੀ ਤੋੜਨ ਅਤੇ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਗ਼ਲਬੇ ’ਚੋਂ ਆਜ਼ਾਦ ਕਰਵਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬਾਨ ਨੂੰ ਸੇਵਾ ’ਤੇ ਬਿਠਾਉਣ ਅਤੇ ਸੇਵਾਮੁਕਤੀ ਬਾਰੇ ਵਿਧੀ ਵਿਧਾਨ ਬਣਾਉਣ ਲਈ ਸਾਰੇ ਮੈਂਬਰਾਂ ਨੂੰ ਸਹਿਯੋਗੀ ਬਣਨਾ ਚਾਹੀਦਾ ਹੈ।