ਅਕਾਲੀ ਦਲ ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇਵੇ: ਗਿਆਨੀ ਹਰਪ੍ਰੀਤ ਸਿੰਘ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਅਕਤੂਬਰ
ਵਿਦੇਸ਼ ਦੌਰੇ ਤੋਂ ਪਰਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਦੇ ਜਵਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੁਝਾਅ ਦਿੱਤਾ ਹੈ ਕਿ ਉਹ ਆਪਣੇ ਆਪ ਨੂੰ ਵਧੇਰੇ ਮਜ਼ਬੂਤ ਕਰਨ ਵੱਲ ਧਿਆਨ ਦੇਵੇ। ਜ਼ਿਕਰਯੋਗ ਹੈ ਕਿ ਵਿਦੇਸ਼ ਦੌਰੇ ਤੇ ਜਾਣ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਇੱਕ ਵਿਵਾਦ ਵਿੱਚੋਂ ਲੰਘਣਾ ਪਿਆ ਹੈ, ਜਿਸ ਕਾਰਨ ਉਨ੍ਹਾਂ ਅਸਤੀਫ਼ਾ ਵੀ ਦੇ ਦਿੱਤਾ ਸੀ ਪਰ ਉਨ੍ਹਾਂ ਦਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਪਾਰਟੀ ਪੱਧਰ ’ਤੇ ਜਥੇਦਾਰਾਂ ਕੋਲੋਂ ਖਿਮਾ ਯਾਚਨਾ ਵੀ ਕੀਤੀ ਜਾ ਚੁੱਕੀ ਹੈ।
ਗਿਆਨੀ ਹਰਪ੍ਰੀਤ ਸਿੰਘ ਅੱਜ ਸ਼ਾਮ ਵਿਦੇਸ਼ ਦੌਰੇ ਤੋਂ ਪਰਤੇ ਅਤੇ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਸੁਝਾਅ ਦਿੱਤਾ ਹੈ ਕਿ ਮੌਜੂਦਾ ਸਥਿਤੀ ਵਿੱਚ ਉਹ ਆਪਣੇ ਆਪ ਨੂੰ ਹੋਰ ਮਜ਼ਬੂਤ ਕਰਨ ਵੱਲ ਧਿਆਨ ਦੇਵੇ । ਸ਼੍ਰੋਮਣੀ ਕਮੇਟੀ ਦੇ ਮੌਜੂਦਾ ਜਨਰਲ ਇਜਲਾਸ ਵਿੱਚ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਹੋਣ ਵਾਲੀ ਚੋਣ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹਮੇਸ਼ਾ ਹੀ ਸਤਿਕਾਰਯੋਗ ਰਿਹਾ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਚੋਣ ਵਿੱਚ ਰੁਚੀ ਨਹੀਂ ਰੱਖਦੇ। ਬੀਤੇ ਦਿਨ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਅਹੁਦੇ ਦਾ ਲਾਲਚ ਨਹੀਂ ਹੈ। ਗੁਰੂ ਸਾਹਿਬ ਨੇ ਉਨ੍ਹਾਂ ਨੂੰ ਕਥਾ ਵਿਖਿਆਨ ਕਰਨ ਦੀ ਕਲਾ ਦਿੱਤੀ ਹੈ, ਜਿਸ ਨਾਲ ਉਹ ਆਪਣੇ ਪਰਿਵਾਰ ਦਾ ਪੇਟ ਪਾਲ ਸਕਦੇ ਹਨ। ਉਨ੍ਹਾਂ ਕਿਹਾ ਕਿ ਹਮੇਸ਼ਾ ਹੀ ਮਸਲਿਆਂ ਨੂੰ ਹੱਲ ਕਰਨ ਵਾਲੀ ਨੀਤੀ ਅਪਣਾਉਣੀ ਚਾਹੀਦੀ ਹੈ।