ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਵਿੱਚ ਆਨਾਕਾਨੀ ਨਾ ਕਰੇ ਅਕਾਲੀ ਦਲ: ਜਥੇਦਾਰ ਰਘਬੀਰ ਸਿੰਘ

02:40 PM Jan 06, 2025 IST
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਦਸੰਬਰ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹਤ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ ਵਿੱਚ ਆਨਾਕਾਨੀ ਨਾ ਕਰੇ। ਇਸ ਦੇ ਨਾਲ ਹੀ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਸ਼ਿਕਾਇਤ ਦਾ ਮਾਮਲਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਹੇਠ ਨਾ ਆਉਣ ਦਾ ਦਾਅਵਾ ਕਰਦਿਆਂ ਜਾਂਚ ਅਕਾਲ ਤਖ਼ਤ ਨੂੰ ਸੌਂਪਣ ਦੀ ਗੱਲ ਆਖੀ। ਇਸ ਦੌਰਾਨ ਉਨ੍ਹਾਂ ਅੱਜ ਇੱਥੇ ਸਿੱਖ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਸੁਣਾਏ ਗਏ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਦੇ ਅਸਤੀਫਿਆਂ ਨੂੰ ਪ੍ਰਵਾਨ ਕਰਨ ਵਿੱਚ ਆਨਾਕਾਨੀ ਨਹੀਂ ਕਰਨੀ ਚਾਹੀਦੀ ਹੈ। ਸ੍ਰੀ ਅਕਾਲ ਤਖ਼ਤ ਤੋਂ ਗਿਆਨੀ ਰਘਬੀਰ ਸਿੰਘ ਸਣੇ ਪੰਜ ਸਿੰਘ ਸਾਹਿਬਾਨ ਵੱਲੋਂ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਤਨਖਾਹ ਲਗਾਈ ਗਈ ਸੀ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਆਦੇਸ਼ ਕੀਤਾ ਗਿਆ ਸੀ ਕਿ ਉਹ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਦੇ ਅਸਤੀਫੇ ਪ੍ਰਵਾਨ ਕਰੇ ਅਤੇ ਤਿੰਨ ਦਿਨਾਂ ਦੇ ਅੰਦਰ ਇਸ ਦੀ ਰਿਪੋਰਟ ਅਕਾਲ ਤਖ਼ਤ ਨੂੰ ਭੇਜੀ ਜਾਵੇ ਪਰ ਅਜਿਹਾ ਨਹੀਂ ਹੋਇਆ।
ਉਸ ਵੇਲੇ ਅਕਾਲੀ ਦਲ ਦੇ ਤਰਜਮਾਨ ਡਾ. ਦਲਜੀਤ ਸਿੰਘ ਚੀਮਾ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਦਾਰ ਕੋਲੋਂ 20 ਦਿਨਾਂ ਦਾ ਸਮਾਂ ਹੋਰ ਮੰਗਿਆ ਗਿਆ ਹੈ ਅਤੇ ਤਨਖਾਹ ਪੂਰੀ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਫੈਸਲੇ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਹੁਣ ਇਹ ਸਮਾਂ ਵੀ ਪੂਰਾ ਹੋ ਚੁੱਕਾ ਹੈ ਪਰ ਅਜੇ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਦੇ ਅਸਤੀਫੇ ਪ੍ਰਵਾਨ ਕਰ ਕੇ ਇਸ ਸਬੰਧੀ ਰਿਪੋਰਟ ਅਕਾਲ ਤਖ਼ਤ ’ਤੇ ਨਹੀਂ ਭੇਜੀ ਗਈ ਹੈ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਆਈ ਸ਼ਿਕਾਇਤ ਦੇ ਮਾਮਲੇ ਵਿੱਚ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੇ ਮਾਮਲੇ ਵਿੱਚ ਵੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਹੇਠ ਨਹੀਂ ਆਉਂਦਾ ਹੈ ਅਤੇ ਇਸ ਦੀ ਜਾਂਚ ਅਕਾਲ ਤਖ਼ਤ ਨੂੰ ਸੌਂਪੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਉਹ ਸ਼੍ਰੋਮਣੀ ਕਮੇਟੀ ਕੋਲ ਪਹਿਲਾਂ ਹੀ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਚੁੱਕੇ ਹਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ 19 ਦਸੰਬਰ ਨੂੰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਅਸਥਾਈ ਤੌਰ ’ਤੇ ਰੋਕ ਲਗਾ ਦਿੱਤੀ ਗਈ ਸੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਇਹ ਸੇਵਾਵਾਂ ਸੌਂਪ ਦਿੱਤੀਆਂ ਗਈਆਂ ਸਨ। ਇਹ ਕਾਰਵਾਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਇੱਕ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ ਅਤੇ 15 ਦਿਨਾਂ ਦੇ ਅੰਦਰ ਜਾਂਚ ਰਿਪੋਰਟ ਮੰਗੀ ਗਈ ਸੀ। ਬਾਅਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਨੂੰ ਜਾਂਚ ਦਾ ਦਿੱਤਾ ਸਮਾਂ ਵਧਾ ਕੇ ਇੱਕ ਮਹੀਨੇ ਦਾ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਅਤੇ ਗੁਰੂ ਦੀ ਹਜ਼ੂਰੀ ਵਿੱਚ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਚੁੱਕੇ ਹਨ।

Advertisement

Advertisement