For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਨਾ ਐੱਨਡੀਏ ਤੇ ਨਾ ਹੀ ‘ਇੰਡੀਆ’ ਗੱਠਜੋੜ ਨਾਲ ਖੜ੍ਹੇਗਾ: ਸੁਖਬੀਰ ਬਾਦਲ

08:44 AM May 31, 2024 IST
ਅਕਾਲੀ ਦਲ ਨਾ ਐੱਨਡੀਏ ਤੇ ਨਾ ਹੀ ‘ਇੰਡੀਆ’ ਗੱਠਜੋੜ ਨਾਲ ਖੜ੍ਹੇਗਾ  ਸੁਖਬੀਰ ਬਾਦਲ
ਮਾਨਸਾ ਵਿੱਚ ਹਰਸਿਮਰਤ ਬਾਦਲ ਦੇ ਹੱਕ ’ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ । -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ/ਬਲਜੀਤ ਸਿੰਘ
ਮਾਨਸਾ/ਸਰਦੂਲਗੜ੍ਹ, 30 ਮਈ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਅਕਾਲੀ ਦਲ ਨਾ ਤਾਂ ਐੱਨਡੀਏ ਨਾਲ ਜਾਵੇਗਾ ਤੇ ਨਾ ਹੀ ‘ਇੰਡੀਆ’ ਗੱਠਜੋੜ ਨਾਲ ਖੜ੍ਹੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੰਸਦ ਵਿੱਚ ਆਪਣੀ ਹੋਂਦ ਦਾ ਅਹਿਸਾਸ ਕਰਵਾਏਗਾ ਅਤੇ ਸੰਸਦ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰ ਕੇ ਯਕੀਨੀ ਬਣਾਵਾਂਗੇ ਕਿ ਦਰਿਆਈ ਪਾਣੀਆਂ ਦੀ ਰਾਖੀ ਅਤੇ ਚੰਡੀਗੜ੍ਹ, ਪੰਜਾਬ ਨੂੰ ਦੇਣ ਸਣੇ ਸੂਬੇ ਦੇ ਸਾਰੇ ਲਟਕਦੇ ਮਸਲੇ ਹੱਲ ਹੋਣ। ਉਨ੍ਹਾਂ ਅੱਜ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿੱਚ ਬਠਿੰਡਾ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਹੋਈਆਂ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੁਣ ਬਾਹਰਲਿਆਂ ਦੀਆਂ ਸਾਜ਼ਿਸ਼ਾਂ ਤੋਂ ਬਚਾਉਣ ਦੀ ਜ਼ਰੂਰਤ ਹੈ, ਕਿਉਂਕਿ ਉਹ ਆਨੇ-ਬਹਾਨੇ ਪੰਜਾਬ ਨੂੰ ਮੁੜ ਕਾਲੇ ਦੌਰ ਵਿਚ ਧੱਕਣਾ ਚਾਹੁੰਦੇ ਹਨ। ਕਾਂਗਰਸ ਦੀ ਆਲੋਚਨਾ ਕਰਦਿਆਂ ਉਨ੍ਹਾਂ ਜੂਨ 1984 ਦੇ ਖੂਨੀ ਸਾਕੇ ਨੂੰ ਯਾਦ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਸੂਬੇ ਦੇ ਲੋਕਾਂ ਨਾਲ ਵਾਅਦਾਖ਼ਿਲਾਫ਼ੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲਿਆਂ ਨੂੰ ਨਾ ਭਾਜਪਾ ਨੇ ਹੱਲ ਕੀਤਾ, ਨਾ ਹੀ ਕਾਂਗਰਸ ਨੇ ਕੋਈ ਉਪਰਾਲਾ ਕੀਤਾ ਅਤੇ ਨਾ ਹੀ ਕਿਸੇ ਤੋਂ ਹੁਣ ਕੋਈ ਹੋਰ ਉਮੀਦ ਹੈ। ਸ੍ਰੀ ਬਾਦਲ ਨੇ ਐਲਾਨ ਕੀਤਾ ਕਿ 2027 ਵਿਚ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਲਈ ਫਾਂਸੀ ਦੀ ਸਜ਼ਾ ਦਾ ਕਾਨੂੰਨ ਲਿਆਂਦਾ ਜਾਵੇਗਾ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਏਮਜ਼, ਕੇਂਦਰੀ ਯੂਨੀਵਰਸਿਟੀ, ਤਕਨੀਕੀ ਕਾਲਜ, ਹਵਾਈ ਅੱਡਾ ਤੇ ਅਨੇਕਾਂ ਫਲਾਈਓਵਰ ਬਠਿੰਡਾ ਲੋਕ ਸਭਾ ਹਲਕੇ ਲਈ ਕੇਂਦਰ ਸਰਕਾਰ ਤੋਂ ਲਿਆਂਦੇ ਹਨ।
ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਸੁਖਵਿੰਦਰ ਸਿੰਘ ਔਲਖ, ਦਿਲਰਾਜ ਸਿੰਘ ਭੂੰਦੜ, ਪ੍ਰੇਮ ਅਰੋੜਾ, ਗੁਰਪ੍ਰੀਤ ਸਿੰਘ ਝੱਬਰ, ਮਨਜੀਤ ਸਿੰਘ ਬੱਪੀਆਣਾ, ਗੁਰਮੇਲ ਸਿੰਘ ਫਫੜੇ ਤੇ ਗੁਰਪ੍ਰੀਤ ਸਿੰਘ ਚਾਹਲ ਨੇ ਵੀ ਸੰਬੋਧਨ ਕੀਤਾ।

Advertisement

ਸੁਖਬੀਰ ਪਾਰਟੀ ’ਚੋਂ ਸੋਨਾ ਕੱਢ ਕੇ ਪਿੱਤਲ ਮੱਥੇ ’ਤੇ ਚਮਕਾ ਰਿਹੈ: ਰਾਮੂਵਾਲੀਆ

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਨੁਕਸਾਨ ਕਰ ਰਹੇ ਹਨ। ਉਹ ਪਾਰਟੀ ਵਿੱਚੋਂ ਸੋਨਾ ਕੱਢ ਕੇ ਆਪਣੇ ਮੱਥੇ ’ਤੇ ਪਿੱਤਲ ਜੜੀ ਜਾ ਰਹੇ ਹਨ ਜਦਕਿ ਉਨ੍ਹਾਂ ਨੂੰ ਪਾਰਟੀ ਬਚਾਉਣ ਲਈ ਜੋੜਨ ਦੀ ਰਾਜਨੀਤੀ ਕਰਨੀ ਚਾਹੀਦੀ ਹੈ। ਸ੍ਰੀ ਰਾਮੂਵਾਲੀਆ ਇੱਥੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਵਿਰਸਾ ਸਿੰਘ ਵਲਟੋਹਾ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਸੁਖਬੀਰ ਬਾਦਲ ਦਾ ਭਰੋਸਾ ਜਿੱਤ ਲਿਆ ਤੇ ਟਿਕਟ ਹਾਸਲ ਕਰ ਲਈ, ਪਰ ਕੋਈ ਸਮਾਂ ਸੀ ਕਿ ਜੇਕਰ ਬਲਵੰਤ ਸਿੰਘ ਰਾਮੂਵਾਲੀਆ, ਅਬਿਨਾਸੀ ਸਿੰਘ ਤੇ ਭਾਨ ਸਿੰਘ ਨਾ ਹੁੰਦੇ ਤਾਂ ਉਨ੍ਹਾਂ ਦੇ ਸਿਰ ਵਿੱਚ ਗੋਲੀ ਵੱਜ ਜਾਣੀ ਸੀ। ਉਨ੍ਹਾਂ ਭਾਜਪਾ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਾਲੇ ਭਾਵੇਂ ਸਿਰ ’ਤੇ ਪੱਗਾਂ ਰੱਖੀ ਫਿਰਦੇ ਹੋਣ, ਪਰ ਉਹ ਸਰਬਪੱਖੀ ਨਹੀਂ ਹੋ ਸਕਦੇ। ਉਨ੍ਹਾਂ ਦੋਸ਼ ਲਾਇਆ ਕਿ ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਚੋਣਾਂ ਵਿੱਚ ਫ਼ਿਰਕਾਪ੍ਰਸਤੀ ਦਾ ਨੰਗਾ ਨਾਚ ਲੋਕਾਂ ’ਚ ਪਰੋਸਿਆ ਹੈ, ਉਹ ਭਾਰਤ ਦੇ ਭਵਿੱਖ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਾਂਗਰਸ ਦੇ ਉਮੀਦਵਾਰਾਂ ਦਾ ਸਮਰਥਨ ਕੀਤਾ ਹੈ ਤੇ ਆਉਣ ਵਾਲੇ ਸਮੇਂ ਵਿੱਚ ਉਹ ਵੱਡਾ ਸੰਘਰਸ਼ ਕਰਨਗੇ।

Advertisement
Author Image

sukhwinder singh

View all posts

Advertisement
Advertisement
×