‘ਆਪ’ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰੇਗਾ ਅਕਾਲੀ ਦਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ‘ਆਪ’ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ‘ਆਪ’ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਰਾਹੀਂ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕੀਤਾ ਜਾਵੇਗਾ।
ਸ੍ਰੀ ਭੂੰਦੜ ਨੇ ਕਿਹਾ ਕਿ ਪਾਰਟੀ ਵੱਲੋਂ ਸੂਬੇ ਵਿੱਚ ਜ਼ਿਲ੍ਹਾ ਪੱਧਰੀ ਧਰਨਿਆਂ ਦੀ ਸ਼ੁਰੂਆਤ 10 ਸਤੰਬਰ ਨੂੰ ਲੁਧਿਆਣਾ ਸ਼ਹਿਰ ਤੋਂ ਕੀਤੀ ਜਾਵੇਗੀ। ਇਸੇ ਤਰ੍ਹਾਂ 11 ਨੂੰ ਫਿਰੋਜ਼ਪੁਰ, 12 ਨੂੰ ਫਾਜ਼ਿਲਕਾ, 13 ਨੂੰ ਮੋਗਾ, 16 ਨੂੰ ਸ੍ਰੀ ਮੁਕਤਸਰ ਸਾਹਿਬ, 17 ਨੂੰ ਬਠਿੰਡਾ, 18 ਨੂੰ ਮਾਨਸਾ, 19 ਨੂੰ ਸੰਗਰੂਰ, 20 ਨੂੰ ਬਰਨਾਲਾ ਅਤੇ 23 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਵਿੱਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਲੋਕ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਹੁਣ ਤਾਂ ਸੂਬਾ ਸਰਕਾਰ ਨੇ ਬਿਜਲੀ ਸਬਸਿਡੀ ਵਾਪਸ ਲੈ ਕੇ, ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾ ਕੇ, ਵਾਹਨਾਂ ’ਤੇ ਟੈਕਸ ਤੇ ਜ਼ਮੀਨ ਦੀਆਂ ਰਜਿਸਟਰੀਆਂ ਦੀਆਂ ਫੀਸਾਂ ਵਿਚ ਵਾਧਾ ਕਰ ਕੇ ਲੋਕਾਂ ’ਤੇ ਹੋਰ ਵਿੱਤੀ ਬੋਝ ਪਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਵਿੱਚ ਮਹਿੰਗਾਈ ਹੋਰ ਵਧ ਸਕਦੀ ਹੈ, ਜਿਸ ਨੂੰ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਅਤੇ ਗੈਂਗਸਟਰ ਸੂਬੇ ਨੂੰ ਚਲਾ ਰਹੇ ਹਨ। ਇਸ ਕਾਰਨ ਸੂਬੇ ਵਿੱਚੋਂ ਉਦਯੋਗ ਵੀ ਹਿਜ਼ਰਤ ਕਰ ਰਹੇ ਹਨ।