ਅਕਾਲੀ ਦਲ ਨੇ ਕਿਸਾਨਾਂ ਦੀ ਭਲਾਈ ਲਈ ਕੰਮ ਕੀਤੇ: ਹਰਸਿਮਰਤ
ਪੱਤਰ ਪ੍ਰੇਰਕ
ਨਥਾਣਾ, 24 ਮਈ
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਭਲਾਈ ਖਾਤਰ ਅਨੇਕਾਂ ਯੋਜਨਾਵਾਂ ਲਾਗੂ ਕੀਤੀਤਆਂ ਹਨ। ਇਹ ਗੱਲਾਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਪਿੰਡ ਕਲਿਆਣ ਸੁੱਖਾ, ਭੈਣੀ ਅਤੇ ਬਾਠ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਹੀਆਂ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਖਾਲੇ ਪੱਕੇ ਕਰਕੇ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਹੈ। ਇਸੇ ਤਰ੍ਹਾਂ ਅਕਾਲੀਆਂ ਦੇ ਰਾਜ ਦੌਰਾਨ ਵੱਡੀ ਗਿਣਤੀ ਟਿਊਬਵੈੱਲਾਂ ਦੀ ਮੋਟਰਾਂ ਦੇ ਕੁਨੈਕਸ਼ਨ ਦੇ ਕੇ ਖੇਤੀ ਫਸਲਾਂ ਦੀ ਪੈਦਾਵਾਰ ਵਿੱਚ ਵੀ ਚੋਖਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਖ਼ਿਲਾਫ਼ ਬਣਾਏ ਕਾਲੇ ਕਾਨੂੰਨਾਂ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਕੇਵਲ ਤੋੜ ਵਿਛੋੜਾ ਹੀ ਨਹੀਂ ਕੀਤਾ ਬਲਕਿ ਉਨ੍ਹਾਂ ਰਾਜਗੱਦੀ ਵੀ ਛੱਡ ਦਿੱਤੀ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਨਾਲ ਝੂਠਾ ਵਾਅਦਾ ਕਰਦਿਆਂ ਮੂੰਗੀ ਦੀ ਖੇਤੀ ਕਰਵਾਈ ਸੀ ਪ੍ਰੰਤੂ ਫ਼ਸਲ ਦੀ ਖਰੀਦ ਨਾ ਕਰਨ ਅਤੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਾ ਦੇਣ ਸਮੇ ਇਸ ਦੀ ਅਸਲੀਅਤ ਸਾਹਮਣੇ ਆ ਗਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਵਿੱਖ ਵਿੱਚ ਵੀ ਕਿਸਾਨਾਂ ਦੀ ਭਲਾਈ ਖਾਤਰ ਸਾਥ ਦੇਵੇਗਾ।