For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਪ੍ਰਧਾਨਗੀ ਲਈ ਅਕਾਲੀ ਦਲ ਵੱਲੋਂ ਸਰਗਰਮੀਆਂ ਤੇਜ਼

10:13 PM Jun 23, 2023 IST
ਜ਼ਿਲ੍ਹਾ ਪ੍ਰਧਾਨਗੀ ਲਈ ਅਕਾਲੀ ਦਲ ਵੱਲੋਂ ਸਰਗਰਮੀਆਂ ਤੇਜ਼
Advertisement

ਨਿੱਜੀ ਪੱਤਰ ਪ੍ਰੇਰਕ

Advertisement

ਲੁਧਿਆਣਾ, 6 ਜੂਨ

ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੀ ਪ੍ਰਧਾਨਗੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਗਰਮੀਆਂ ਚੱਲ ਰਹੀਆਂ ਹਨ ਅਤੇ ਹਾਈਕਮਾਨ ਦੇ ਆਦੇਸ਼ ‘ਤੇ ਜ਼ਿਲ੍ਹਾ ਆਬਜ਼ਰਵਰ ਵੱਲੋਂ ਵੱਖ-ਵੱਖ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ਹਿਰੀ ਜਥੇ ਦੇ ਪ੍ਰਧਾਨ ਦੀ ਨਿਯੁਕਤੀ ਲਈ ਨਿੱਜੀ ਦਿਲਚਸਪੀ ਲੈ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਸ਼ਹਿਰੀ ਹਲਕੇ ਦੇ ਆਬਜ਼ਰਵਰ ਐੱਨਕੇ ਸ਼ਰਮਾ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਵੱਖ-ਵੱਖ ਅਕਾਲੀ ਆਗੂਆਂ ਨਾਲ ਮੀਟਿੰਗ ਕਰ ਕੇ ਜਥੇ ਦੇ ਪ੍ਰਧਾਨ ਦੀ ਨਿਯੁਕਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਆਗੂਆਂ ਵੱਲੋਂ ਲੁਧਿਆਣਾ ਸ਼ਹਿਰ ਦੇ ਛੇ ਹਲਕਿਆਂ ਦੇ ਇੰਚਾਰਜਾਂ ਨਾਲ ਮੀਟਿੰਗਾਂ ਕਰਕੇ ਪ੍ਰਧਾਨ ਦੀ ਨਿਯੁਕਤੀ ਸਬੰਧੀ ਕੀਤੀਆਂ ਵਿਚਾਰਾਂ ਵਿੱਚ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਕੇਂਦਰੀ ਹਲਕੇ ਦੇ ਇੰਚਾਰਜ ਪ੍ਰਿਤਪਾਲ ਸਿੰਘ, ਦੱਖਣੀ ਦੇ ਇੰਚਾਰਜ ਜਥੇਦਾਰ ਹੀਰਾ ਸਿੰਘ ਗਾਬੜੀਆ, ਉੱਤਰੀ ਦੇ ਇੰਚਾਰਜ ਆਰਡੀ ਸ਼ਰਮਾ, ਪੱਛਮੀ ਦੇ ਇੰਚਾਰਜ ਮਹੇਸ਼ਇੰਦਰ ਸਿੰਘ ਗਰੇਵਾਲ, ਪੂਰਬੀ ਦੇ ਇੰਚਾਰਜ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਐਡਵੋਕੇਟ ਹਰੀਸ਼ ਢਾਂਡਾ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੌਰ ਦਿਆਲ, ਸ਼੍ਰੋੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਜਗਬੀਰ ਸਿੰਘ ਸੋਖੀ ਅਤੇ ਕਮਲ ਚੇਟਲੀ ਨਾਲ ਵੀ ਮੀਟਿੰਗ ਵਿੱਚ ਵਰਕਰਾਂ ਨੇ ਵੱਖ-ਵੱਖ ਆਗੂਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਜਥੇਦਾਰ ਹੀਰਾ ਸਿੰਘ ਗਾਬੜੀਆ, ਜਗਬੀਰ ਸਿੰਘ ਸੋਖੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਭਾਈ ਅਮਰਜੀਤ ਸਿੰਘ ਚਾਵਲਾ, ਸਾਬਕਾ ਕੌਂਸਲਰ ਭੁਪਿੰਦਰ ਸਿੰਘ ਭਿੰਦਾ, ਬਲਵਿੰਦਰ ਸਿੰਘ ਲਾਇਲਪੁਰੀ ਅਤੇ ਕਮਲ ਚੇਤਲੀ ਦੇ ਨਾਵਾਂ ਦੀ ਚਰਚਾ ਰਹੀ ਹੈ। ਐੱਨਕੇ ਸ਼ਰਮਾ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਉਂਦੇ ਦਿਨਾਂ ਵਿੱਚ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਦਾ ਐਲਾਨ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਚਾਹੁੰਦੇ ਹਨ ਕਿ ਜ਼ਿਲ੍ਹਾ ਪ੍ਰਧਾਨ ਵਰਕਰਾਂ ਦੀ ਰਾਏ ਨਾਲ ਹੀ ਬਣਾਇਆ ਜਾਵੇ।

ਇੱਥੇ ਵਰਨਣਯੋਗ ਹੈ ਕਿ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਦੇ ਅਕਾਲ ਚਲਾਣੇ ਕਾਰਨ ਇਸ ਵੇਲੇ ਅਕਾਲੀ ਜਥੇ ਦਾ ਕੋਈ ਵੀ ਪ੍ਰਧਾਨ ਨਹੀਂ ਹੈ। ਜਥੇਦਾਰ ਹਰਭਜਨ ਸਿੰਘ ਡੰਗ ਪਿਛਲੇ ਕਈ ਸਾਲਾਂ ਤੋਂ ਪ੍ਰਧਾਨ ਚਲੇ ਆ ਰਹੇ ਸਨ।

Advertisement
Advertisement
Advertisement
×