ਅਕਾਲੀ ਆਗੂਆਂ ਨੇ ਜਥੇਦਾਰ ਅਹੁਦੇ ਦਾ ਨਿਰਾਦਰ ਕੀਤਾ: ਮੁੱਖ ਮੰਤਰੀ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਕਤੂਬਰ
ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੱਲੋਂ ਕਥਿਤ ਤੌਰ ’ਤੇ ਧਮਕੀਆਂ ਦੇਣ ਦਾ ਮਾਮਲਾ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਸੰਕਟ ਬਣ ਕੇ ਆਇਆ ਹੈ। ਭਾਵੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਏ ਇਸ ਸੰਕਟ ਦੇ ਮੱਦੇਨਜ਼ਰ ਹੋਏ ਨੁਕਸਾਨ ’ਤੇ ਕਾਬੂ ਪਾਉਣ ਲਈ ਯਤਨ ਸ਼ੁਰੂ ਕੀਤੇ ਗਏ ਹਨ ਪਰ ਇਹ ਮਾਮਲਾ ਭਵਿੱਖ ਵਿੱਚ ਭਖਦਾ ਜਾਪ ਰਿਹਾ ਹੈ। ਅੱਜ ਇਸ ਮਾਮਲੇ ਦਾ ‘ਆਪ’ ਸਰਕਾਰ ਨੇ ਵੀ ਨੋਟਿਸ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਸੰਦੇਸ਼ ਵਿੱਚ ਦੋਸ਼ ਲਾਇਆ ਕਿ ਅਕਾਲੀ ਆਗੂਆਂ ਨੇ ਸ਼ਰਮਨਾਕ ਢੰਗ ਨਾਲ ਤਖ਼ਤ ਦੇ ਜਥੇਦਾਰ ਦੀ ਪਦਵੀ ਦਾ ਨਿਰਾਦਰ ਕੀਤਾ ਹੈ ,ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਅਜਿਹਾ ਸਿਰਫ ਇੱਕ ਪਰਿਵਾਰ ਦੇ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਧਾਰਮਿਕ ਮਾਮਲਿਆਂ ਵਿੱਚ ਦਖਲ ਨਹੀਂ ਦਿੰਦੀ ਪਰ ਜੇ ਇਸ ਮਾਮਲੇ ਵਿੱਚ ਸਰਕਾਰ ਨੂੰ ਸ਼ਿਕਾਇਤ ਮਿਲਦੀ ਤਾਂ ਸਰਕਾਰ ਵੱਲੋਂ ਜਥੇਦਾਰ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਘਿਨਾਉਣਾ ਅਪਰਾਧ ਕਰਨ ਵਾਲਿਆਂ ਨੂੰ ਹਰਗਿਜ਼ ਨਹੀਂ ਬਖਸ਼ਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਪਰਾਧ ਨੂੰ ਅੰਜਾਮ ਦੇਣ ਲਈ ਸੋਸ਼ਲ ਮੀਡੀਆ ’ਤੇ ਜਾਅਲੀ ਆਈਡੀ ਬਣਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇ।