ਅਕਾਲੀ ਲੀਡਰਸ਼ਿਪ ਨੇ ਪੰਥਕ ਏਜੰਡੇ ਨੂੰ ਵਿਸਾਰਿਆ: ਪਰਮਿੰਦਰ ਢੀਂਡਸਾ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਅਗਸਤ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਲੌਂਗੋਵਾਲ ਵਿਖੇ ਮਨਾਈ ਜਾ ਰਹੀ ਬਰਸੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ’ਚ ਕੀਤੀ ਗਈ। ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਕੌਮ, ਪੰਜਾਬ ਅਤੇ ਪੰਜਾਬੀਅਤ ਲਈ ਆਪਣੀ ਸ਼ਹਾਦਤ ਦਿੱਤੀ ਪਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰਨ ਵਾਲਿਆਂ ਨੇ ਸੰਤ ਲੌਂਗੋਵਾਲ ਦੀ ਸੋਚ, ਪੰਥਕ ਏਜੰਡੇ ਅਤੇ ਅਕਾਲੀ ਵਿਚਾਰਧਾਰਾ ਨੂੰ ਮਨੋਂ ਵਿਸਾਰ ਕੇ ਅਕਾਲੀ ਦਲ ਨੂੰ ਵੱਡੀ ਢਾਹ ਲਗਾਈ ਹੈ। ਉਨ੍ਹਾਂ ਬਗੈਰ ਕਿਸੇ ਦਾ ਨਾਮ ਲਏ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਥ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਖੁਦ ਹੀ ਪੰਥ ਲਈ ਵੱਡੀ ਸਮੱਸਿਆ ਬਣ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਕੌਮ, ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਅਕਾਲੀ ਸੋਚ ਨੂੰ ਪ੍ਰਚੰਡ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ 20 ਅਗਸਤ ਨੂੰ ਸੰਤ ਲੌਂਗੋਵਾਲ ਦੀ ਬਰਸੀ ਮਨਾਈ ਜਾ ਰਹੀ ਹੈ ਅਤੇ ਪਾਰਟੀ ਵਰਕਰਾਂ ਅਤੇ ਸੰਗਤ ਨੂੰ ਲਾਮਬੰਦ ਕਰਨ ਲਈ ਅਤੇ ਬਰਸੀ ਸਮਾਗਮ ਦੀਆਂ ਤਿਆਰੀਆਂ ਲਈ ਮੀਟਿੰਗ ਦਾ ਸਿਲਸਲਾ ਜਾਰੀ ਹੈ। ਇਸ ਮੌਕੇ ਐੱਸਜੀਪੀਸੀ ਦੀ ਅੰਤ੍ਰਿਮ ਕਮੇਟੀ ਦੇ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਤੇ ਕੇਵਲ ਸਿੰਘ ਜਲਾਨ ਆਦਿ ਹਾਜ਼ਰ ਸਨ।