For the best experience, open
https://m.punjabitribuneonline.com
on your mobile browser.
Advertisement

ਅਕਾਲੀ ਵਿਧਾਇਕ ਸੁਖਵਿੰਦਰ ਸੁੱਖੀ ‘ਆਪ’ ਵਿੱਚ ਸ਼ਾਮਲ

07:28 AM Aug 15, 2024 IST
ਅਕਾਲੀ ਵਿਧਾਇਕ ਸੁਖਵਿੰਦਰ ਸੁੱਖੀ ‘ਆਪ’ ਵਿੱਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ‘ਆਪ’ ਵਿਚ ਸ਼ਾਮਲ ਕਰਦੇ ਹੋਏ।
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 14 ਅਗਸਤ
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਬੰਗਾ ਤੋਂ ਪਾਰਟੀ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ‘ਆਪ’ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੁੱਖੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਦੁਆਬੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਥੇ ਵੱਡਾ ਹਲੂਣਾ ਮਿਲਿਆ ਹੈ, ਉੱਥੇ ਆਮ ਆਦਮੀ ਪਾਰਟੀ ਨੂੰ ਖ਼ਿੱਤੇ ਵਿਚ ਬਲ ਮਿਲਿਆ ਹੈ।
ਡਾ. ਸੁੱਖੀ ਪਹਿਲੀ ਵਾਰ 2017 ਵਿਚ ਬੰਗਾ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਉਹ 2022 ਵਿਚ ਮੁੜ ਵਿਧਾਇਕ ਬਣੇ ਹਨ। ਪੰਜਾਬ ਵਿਧਾਨ ਸਭਾ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸਨ। ਪਹਿਲਾਂ ਹੀ ਸੰਕਟ ਝੱਲ ਰਹੇ ਸ਼੍ਰੋਮਣੀ ਅਕਾਲੀ ਦਲ ਲਈ ਇਹ ਨਮੋਸ਼ੀ ਵਾਲੀ ਘੜੀ ਹੈ ਕਿ ਹੁਣ ਪਾਰਟੀ ਦੇ ਤਿੰਨ ਵਿਧਾਇਕਾਂ ’ਚੋਂ ਇਕ ਡਾ. ਸੁੱਖੀ ਨੇ ‘ਆਪ’ ਦਾ ਪੱਲਾ ਫੜ ਲਿਆ ਹੈ ਜਦੋਂ ਕਿ ਮਨਪ੍ਰੀਤ ਸਿੰਘ ਇਯਾਲੀ ਨੇ ਪਹਿਲਾਂ ਹੀ ਪਾਰਟੀ ਲੀਡਰਸ਼ਿਪ ਤੋਂ ਦੂਰੀ ਬਣਾਈ ਹੋਈ ਹੈ।
ਵਿਧਾਨ ਸਭਾ ਵਿਚ ਹੁਣ ਇਕਲੌਤੀ ਵਿਧਾਇਕ ਗਨੀਵ ਕੌਰ ਮਜੀਠੀਆ ਹੀ ਅਕਾਲੀ ਦਲ ਦੇ ਨੁਮਾਇੰਦੇ ਬਚੇ ਹਨ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਸੰਕਟ ’ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਚੁੱਪ ਵੱਟੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਾ. ਸੁੱਖੀ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਕਿਹਾ ਕਿ ਸਿਆਸੀ ਧਿਰਾਂ ਵਿਚ ਕਈ ਚੰਗੀਆਂ ਸ਼ਖ਼ਸੀਅਤਾਂ ਵੀ ਹਨ ਜਿਨ੍ਹਾਂ ’ਚੋਂ ਡਾ. ਸੁੱਖੀ ਇੱਕ ਹਨ। ਇਸ ਮੌਕੇ ਡਾ. ਸੁੱਖੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਲ ਹੋਏ ਹਨ ਅਤੇ ਬੰਗਾ ਦੇ ਵਿਕਾਸ ਨੂੰ ਮੁੱਖ ਰੱਖ ਕੇ ਉਨ੍ਹਾਂ ਇਹ ਕਦਮ ਚੁੱਕਿਆ ਹੈ। ਦਲ ਬਦਲਣ ਮਗਰੋਂ ਉਨ੍ਹਾਂ ਦੀ ਵਿਧਾਇਕੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਡਾ. ਸੁੱਖੀ ਨੇ ਕਿਹਾ ਕਿ ਉਹ ਕਾਨੂੰਨੀ ਨੁਕਤੇ ਹਾਲੇ ਵਿਚਾਰਨਗੇ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਟਿੱਪਣੀ ਕੀਤੀ ਕਿ ਪਾਰਟੀ ਲੀਡਰਸ਼ਿਪ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਕਿ ਵਰਕਰ ਕੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਲਈ ਇਹ ਵੱਡਾ ਝਟਕਾ ਹੈ।

ਚੁਣੇ ਹੋਏ ਨੁਮਾਇੰਦੇ ਨਿਰਾਸ਼: ਵਡਾਲਾ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਡਾ. ਸੁਖਵਿੰਦਰ ਸੁੱਖੀ ਵੱਲੋਂ ਪਾਰਟੀ ਛੱਡੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਵਰਕਰ ਜਿੱਥੇ ਸੁਖਬੀਰ ਸਿੰਘ ਬਾਦਲ ਦੀ ਕਾਰਜਸ਼ੈਲੀ ਤੋਂ ਮਾਯੂਸ ਹਨ, ਉੱਥੇ ਚੁਣੇ ਹੋਏ ਨੁਮਾਇੰਦੇ ਵੀ ਨਿਰਾਸ਼ਾ ਦੇ ਆਲਮ ਵਿਚ ਹਨ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਵਿਚ ਬਦਲਾਅ ਕੀਤੇ ਬਿਨਾਂ ਅਕਾਲੀ ਦਲ ਵਿਚ ਲੋਕਾਂ ਦਾ ਭਰੋਸਾ ਕਾਇਮ ਨਹੀਂ ਹੋ ਸਕੇਗਾ।

Advertisement

Advertisement
Author Image

joginder kumar

View all posts

Advertisement