For the best experience, open
https://m.punjabitribuneonline.com
on your mobile browser.
Advertisement

ਅਕਾਲੀਆਂ ਤੇ ਕਾਂਗਰਸੀਆਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ: ਖੁੱਡੀਆਂ

07:20 AM Mar 30, 2024 IST
ਅਕਾਲੀਆਂ ਤੇ ਕਾਂਗਰਸੀਆਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ  ਖੁੱਡੀਆਂ
ਵਾਲੰਟੀਅਰ ਮਿਲਣੀ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ।
Advertisement

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 29 ਮਾਰਚ
ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਚੋਣ ਮੁਹਿੰਮ ਨੂੰ ਭਖਾਉਣ ਅਤੇ ਸਰਗਰਮੀਆਂ ਤੇਜ਼ ਕਰਨ ਸਬੰਧੀ ਹਲਕਾ ਤਲਵੰਡੀ ਸਾਬੋ ਦੇ ਪਾਰਟੀ ਵਰਕਰਾਂ ਨਾਲ ਇੱਕ ਵਾਲੰਟੀਅਰ ਮਿਲਣੀ ਸਥਾਨਕ ਕਮਿਊਨਟੀ ਸੈਂਟਰ ਵਿੱਚ ਕੀਤੀ। ਉਨ੍ਹਾਂ ਦੇ ਇੱਥੇ ਪੁੱਜਣ ’ਤੇ ਹਲਕਾ ਵਿਧਾਇਕਾ ਤੇ ਪਾਰਟੀ ਵਿੱਪ੍ਹ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਈ ਹੇਠ ਵਰਕਰਾਂ ਨੇ ਉਨ੍ਹਾਂ ਨੂੰ ਸਿਰੋਪੇ ਪਾ ਕੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਸ੍ਰੀ ਖੁੱਡੀਆਂ ਨੇ ਕਿਹਾ ਕਿ ਇਹ ਚੋਣ ਉਨ੍ਹਾਂ ਦੀ ਨਹੀਂ ਬਲਕਿ ਸਮੁੱਚੇ ਲੋਕ ਸਭਾ ਹਲਕੇ ਦੇ ਵੋਟਰਾਂ ਅਤੇ ਪਾਰਟੀ ਵਰਕਰਾਂ ਦੀ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਆਪਣੇ ਪਿਤਾ ਸਵਰਗਵਾਸੀ ਜਗਦੇਵ ਸਿੰਘ ਖੁੱਡੀਆਂ ਦੇ ਪਾਏ ਪੂਰਨਿਆਂ ’ਤੇ ਚੱਲ ਰਿਹਾ ਹੈ, ਨਾ ਕਿ ਭ੍ਰਿਸ਼ਟਾਚਾਰ, ਬਦਲਾਖ਼ੋਰੀ, ਬੇਈਮਾਨੀ ਜਾਂ ਕਿਸੇ ਤਰ੍ਹਾਂ ਦੀ ਹੋਰ ਘਟੀਆ ਰਾਜਨੀਤੀ ਲੈ ਕੇ। ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਨੇ ਪੰਜਾਬ ਲਈ ਕੁੱਝ ਨਹੀਂ ਕੀਤਾ। ਹਰਸਿਮਰਤ ਕੌਰ ਬਾਦਲ ਪਿਛਲੇ ਪੰਦਰਾਂ ਸਾਲ ਤੋਂ ਕੇਂਦਰ ਸਰਕਾਰ ਵਿੱਚ ਰਹੇ ਪਰ ਉਨ੍ਹਾਂ ਕਦੇ ਵੀ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਜਿਸ ਤਰ੍ਹਾਂ ਲੰਬੀ ਹਲਕੇ ਦੇ ਵੋਟਰਾਂ ਨੇ ਸਿਆਸਤ ਦਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ, ਉਸੇ ਤਰ੍ਹਾਂ ਲੋਕ ਸਭਾ ਹਲਕਾ ਬਠਿੰਡਾ ਦੇ ਵੋਟਰ ਉਨ੍ਹਾਂ ਦੀ ਨੂੰਹ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਵੀ ਹਰਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰ ਨੂੰ ਦਿੱਲੀ ਤੋਂ ਚੱਲਣ ਵਾਲੀ ਕਹਿਣ ਵਾਲੇ ਅਕਾਲੀ ਦਲ ਤੇ ਕਾਂਗਰਸ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕਰ ਸਕੀ ਜਦਕਿ ਅਕਾਲੀ ਦਲ ਤਾਂ ਇੱਕ ਖੇਤਰੀ ਪਾਰਟੀ ਹੈ। ਉਨ੍ਹਾਂ ਵਰਕਰਾਂ ਨੂੰ ਚੋਣ ਸਰਗਰਮੀਆਂ ਤੇਜ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਵਿਪ੍ਹ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਇਸ ਹਲਕੇ ਤੋਂ ਸ੍ਰੀ ਖੁੱਡੀਆਂ ਨੂੰ ਸਭ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿਤਾਉਣ ਦਾ ਵਾਅਦਾ ਕੀਤਾ। ਇਸ ਮੌਕੇ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਪਿਤਾ ਦਰਸ਼ਨ ਸਿੰਘ ਜਗਾ ਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਉਪ ਪ੍ਰਧਾਨ ਗੁਰਦੀਪ ਤੂਰ ਨੇ ਵੀ ਸੰਬੋਧਨ ਕੀਤਾ।

Advertisement

ਕਿਸਾਨ ਆਗੂਆਂ ਵੱਲੋਂ ਖੇਤੀ ਮੰਤਰੀ ਨਾਲ ਮੁਲਾਕਾਤ

ਗੈਸ ਪਾਈਪਲਾਈਨ ਦੇ ਮੁਆਵਜ਼ੇ ਅਤੇ ਲੰਮੇ ਸਮੇਂ ਲਟਕ ਰਹੀਆਂ ਕਿਸਾਨੀ ਮੰਗਾਂ ਦੇ ਹੱਲ ਲਈ ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨ ਆਗੂਆਂ ਦੀ ਇੱਕ ਮੀਟਿੰਗ ਇੱਥੇ ਖੇਤੀਬਾੜੀ ਮੰਤਰੀ ਪੰਜਾਬ ਸਰਕਾਰ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨਾਲ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀ ਸਥਾਨਕ ਰਿਹਾਇਸ਼ ’ਤੇ ਹੋਈ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਕਿਸਾਨੀ ਮੰਗਾਂ ’ਤੇ ਚਰਚਾ ਕੀਤੀ ਤੇ ਇਨ੍ਹਾਂ ਨੂੰ ਤੁਰੰਤ ਹੱਲ ਕਰਾਉਣ ਦੀ ਮੰਗ ਕੀਤੀ। ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ 4 ਅਪਰੈਲ ਨੂੰ ਡੀਸੀ ਬਠਿੰਡਾ ਨਾਲ ਮੀਟਿੰਗ ਤੈਅ ਕੀਤੀ ਗਈ। ਇਸ ਮਗਰੋਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਗਦੇਵ ਸਿੰਘ ਜੋਗੇਵਾਲਾ, ਹਰਜਿੰਦਰ ਸਿੰਘ ਬੱਗੀ, ਜਸਵੀਰ ਸਿੰਘ ਬੁਰਜਸੇਮਾ ਆਦਿ ਕਿਸਾਨ ਆਗੂਆਂ ਨੇ ਦੱਸਿਆ ਕਿ ਮੰਗਾਂ ਵਿੱਚ ਗੈਸ ਪਾਈਪ ਲਾਈਨ ਦੇ ਮੁਆਵਜ਼ੇ, ਗੜ੍ਹੇਮਾਰੀ ਨਾਲ ਹੋਏ ਨੁਕਸਾਨ, ਭਾਰਤ ਮਾਲਾ ਸੜਕ ਤਹਿਤ ਐਕੁਆਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ, ਭਿਆਨਕ ਬੀਮਾਰੀਆਂ ਨਾਲ ਮਰੇ ਪਸ਼ੂਆਂ ਦੇ ਪੂਰੇ ਮੁਆਵਜ਼ੇ ਦੇਣ ਅਤੇ ਹੋਰ ਮੰਗਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਪੰਜਾਬ ਸਰਕਾਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਨ੍ਹਾਂ ਮੰਗਾਂ ਸਬੰਧੀ ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਦੀ ਇੱਕ ਮੀਟਿੰਗ ਵੀ ਸਥਾਨਕ ਧੰਨਾ ਭਗਤ ਧਰਮਸ਼ਾਲਾ ਵਿੱਚ ਹੋਈ ਜਿਸ ਵਿੱਚ ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

Advertisement
Author Image

joginder kumar

View all posts

Advertisement
Advertisement
×