ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਅਖੰਡ ਪਾਠ ਦੇ ਭੋਗ ਪਾਏ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 6 ਜਨਵਰੀ
ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਣੇ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਕੀਰਤਨ ਵੀ ਕੀਤਾ ਗਿਆ। ਇਸੇ ਤਰ੍ਹਾਂ ਵੱਖ-ਵੱਖ ਥਾਵਾਂ ਤੋਂ ਦਸ ਵਿਸ਼ਾਲ ਨਗਰ ਕੀਰਤਨ ਚੱਲ ਕੇ ਸ਼ਾਮ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣਗੇ ਅਤੇ ਸ੍ਰੀ ਆਨੰਦਪੁਰ ਸਾਹਿਬ, ਨਾਲ ਲੱਗਦਾ ਹਿਮਾਚਲ ਪ੍ਰਦੇਸ਼ ਅਤੇ ਨੂਰਪੁਰ ਬੇਦੀ ਦਾ ਇਲਾਕਾ ਪੂਰਾ ਦਿਨ ਗੁਰਮਤਿ ਰੰਗ ਵਿੱਚ ਰੰਗਿਆ ਜਾਵੇਗਾ।
ਇਨ੍ਹਾਂ ਨਗਰ ਕੀਰਤਨਾਂ ਵਿੱਚੋਂ ਪਹਿਲਾ ਨਗਰ ਕੀਰਤਨ ਗੁਰਦੁਆਰਾ ਕੁਸ਼ਟ ਨਿਵਾਰਨ ਸਾਹਿਬ ਭਾਤਪੁਰ, ਦੂਸਰਾ ਗੁਰਦੁਆਰਾ ਬਿਭੌਰ ਸਾਹਿਬ ਨੰਗਲ, ਤੀਸਰਾ ਨਾਨਕ ਦਰਬਾਰ ਬ੍ਰਾਹਮਣ ਮਾਜਰਾ, ਚੌਥਾ ਗੁਰਦੁਆਰਾ ਸਿੰਘ ਸਭਾ ਲਾਲਪੁਰ ਬੜਵਾ, ਪੰਜਵਾਂ ਪਿੰਡ ਚੰਦਪੁਰ ਬੇਲਾ, ਛੇਵਾਂ ਗੁਰਦੁਆਰਾ ਕੋਟ ਸਾਹਿਬ ਸ੍ਰੀ ਕੀਰਤਪੁਰ ਸਾਹਿਬ, ਸੱਤਵਾਂ ਗੁਰਦੁਆਰਾ ਪਿੰਡ ਬਹਿਲੀ ਹਿਮਾਚਲ ਪ੍ਰਦੇਸ਼, ਅੱਠਵਾਂ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ, ਨੌਵਾਂ ਗੁਰਦੁਆਰਾ ਥੜ੍ਹਾ ਸਾਹਿਬ ਪਿੰਡ ਲੋਦੀਪੁਰ ਤੇ ਦਸਵਾਂ ਨਗਰ ਕੀਰਤਨ ਐੱਸਜੀਐੱਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਸੁਰੂ ਹੋ ਕੇ ਤਖ਼ਤ ਸ੍ਰੀ ਕੇਸਗੜ੍ਹ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।
ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਪਰਿਵਾਰ ਸਮੇਤ ਹਾਜ਼ਰੀ ਭਰਨ। ਇਸ ਮੌਕੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਬਾਬਾ ਤੀਰਥ ਸਿੰਘ, ਜਗਨੰਦਨ ਸਿੰਘ ਤੇ ਦਵਿੰਦਰ ਸਿੰਘ ਆਦਿ ਹਾਜਰ ਸਨ।