ਅਲ ਕਾਦਿਰ ਟਰੱਸਟ ਮਾਮਲਾ: ਇਮਰਾਨ ਖਾਨ ਤੇ ਬੁਸ਼ਰਾ ਬੀਬੀ ਵੱਲੋਂ ਸਜ਼ਾ ਦੇ ਫੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ
ਇਸਲਾਮਾਬਾਦ, 27 ਜਨਵਰੀ
ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੇ ਅਲ-ਕਾਦਿਰ ਟਰੱਸਟ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਇਸਲਾਮਾਬਾਦ ਦੀ ਇਕ ਜਵਾਬਦੇਹੀ ਅਦਾਲਤ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਕਾਫੀ ਦੇਰ ਤੋਂ ਉਡੀਕੇ ਜਾ ਰਹੇ ਫੈਸਲੇ ਤਹਿਤ 19 ਕਰੋੜ ਬਰਤਾਨਵੀ ਪੌਂਡ ਦੇ ਚਰਚਿਤ ਮਾਮਲੇ ਵਿੱਚ ਦੋਹਾਂ ਨੂੰ ਦੋਸ਼ੀ ਠਹਿਰਾਇਆ ਸੀ। ਅਦਾਲਤ ਨੇ ਖਾਨ ਨੂੰ 14 ਜਦਕਿ ਬੁਸ਼ਰਾ ਨੂੰ ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇ ਵੱਟਸਐਪ ’ਤੇ ਭੇਜੇ ਇਕ ਸੁਨੇਹੇ ਵਿੱਚ ਕਿਹਾ ਕਿ ਉਨ੍ਹਾਂ ਦੇ ਵਕੀਲਾਂ ਨੇ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਦੋਸ਼ੀ ਠਹਿਰਾਏ ਜਾਣ ਤੇ ਸਜ਼ਾ ਦਿੱਤੇ ਜਾਣ ਖ਼ਿਲਾਫ਼ ਇਸਲਾਮਾਬਾਦ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ। ਪਾਰਟੀ ਨੇ ਕਿਹਾ, ‘‘ਇਮਰਾਨ ਖਾਨ ਤੇ ਬੁਸ਼ਰਾ ਬੀਬੀ ਦੀ ਨੁਮਾਇੰਦਗੀ ਕਰਨ ਵਾਲੀ ਕਾਨੂੰਨੀ ਟੀਮ ਨੇ ਅਲ-ਕਾਦਿਰ ਟਰੱਸਟ ਮਾਮਲੇ ਦੇ ਫੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।’’ -ਪੀਟੀਆਈ