ਹੜ੍ਹਾਂ ਮਗਰੋਂ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ: ਸਿਹਤ ਮੰਤਰੀ
ਡੀਪੀਐੱਸ ਬੱਤਰਾ
ਸਮਰਾਲਾ, 27 ਜੁਲਾਈ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਹੜ੍ਹਾਂ ਕਾਰਨ ਪੈਦਾ ਹੋਣ ਵਾਲੀਆਂ ਸਿਹਤ ਮੁਸ਼ਕਲਾਂ ਤੇ ਬਿਮਾਰੀਆਂ ਦੇ ਹੱਲ ਲਈ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਸਨੀਕ ਹੜ੍ਹਾਂ ਕਾਰਨ ਸਿਹਤ ਸਹੂਲਤਾਂ ਲਈ ਬਿਲਕੁਲ ਵੀ ਨਾ ਡਰਨ, ਕਿਉਂਕਿ ਸਰਕਾਰ ਨੇ 450 ਤੋਂ ਵੱਧ ਰੈਪਿਡ ਰਿਸਪੋਂਸ ਟੀਮਾਂ, ਸਰਕਾਰੀ ਹਸਪਤਾਲਾਂ ਵਿੱਚ ਬੈੱਡਾਂ ਸਮੇਤ ਹੋਰ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਗੰਦੇ ਪਾਣੀ ਕਾਰਨ ਕਿਸੇ ਵੀ ਇਲਾਕੇ ਵਿਚੋਂ ਪੰਜ ਤੋਂ ਵੱਧ ਲੋਕ ਬਿਮਾਰ ਮਿਲਣ ਦੀ ਸੂਰਤ ’ਚ ਪੀਣ ਵਾਲਾ ਪਾਣੀ ਟੈਂਕਰਾਂ ਰਾਹੀਂ ਸਪਲਾਈ ਕੀਤਾ ਜਾਵੇਗਾ। ਸਿਹਤ ਮੰਤਰੀ ਅੱਜ ਇੱਥੇ ਸਟੇਟ ਸਬ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦੇ ਆਖਰੀ ਦਿਨ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਭਗੰਵਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਪੱਧਰ ’ਤੇ ਮੁਫ਼ਤ ਅਤੇ ਵਧੀਆ ਇਲਾਜ ਦੇਣ ਲਈ ਜਲਦੀ ਹੀ ਸਾਰੇ ਸਬ ਡਵੀਜ਼ਨਲ ਹਸਪਤਾਲਾਂ ਨੂੰ ਅੱਪਗ੍ਰੇਡ ਕਰਕੇ ਨਵੇਂ ਟਰੌਮਾ ਸੈਂਟਰ ਤੇ ਆਈ.ਸੀ.ਯੂ. ਸਥਾਪਿਤ ਕੀਤੇ ਜਾ ਰਹੇ ਹਨ। ਜ਼ਿਲ੍ਹਾ ਹਸਪਤਾਲਾਂ ਵਿੱਚ ਵੀ ਕਈ ਵੱਡੇ ਸਿਹਤ ਸੁਧਾਰ ਜਲਦੀ ਹੋ ਰਹੇ ਹਨ ਅਤੇ ਸੂਬੇ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਸਪੈਸ਼ਲਿਸਟ ਡਾਕਟਰਾਂ ਰਾਹੀਂ ਮੁਫ਼ਤ ਇਲਾਜ ਪ੍ਰਦਾਨ ਕਰਨ ਲਈ ਨਵੇਂ ਮਾਹਿਰ ਡਾਕਟਰਾਂ ਦੀ ਨਿਯੁਕਤੀ ਸਮੇਤ ਮੈਡੀਕਲ ਇੰਸਟਰੂਮੈਂਟ ਦੀ ਘਾਟ ਪੂਰੀ ਕੀਤੀ ਜਾ ਰਹੀ ਹੈ ਜਿਸ ਸਦਕਾ ਹੁਣ ਲੋਕਾਂ ਨੂੰ ਆਪਣੇ ਇਲਾਜ ਲਈ ਜੇਬ ਵਿੱਚੋਂ ਪੈਸੇ ਖਰਚ ਕਰਨ ਦੀ ਲੋੜ ਨਹੀਂ ਰਹੇਗੀ। ਨਸ਼ਿਆਂ ਦੀ ਰੋਕਥਾਮ ਬਾਰੇ ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਭੇਜਣ ਦੀ ਬਜਾਏ ਉਨ੍ਹਾਂ ਦੇ ਸਰਕਾਰੀ ਹਸਪਤਾਲਾਂ ਵਿੱਚ ਯੋਗ ਇਲਾਜ ਤੋਂ ਬਾਅਦ ਕਿੱਤਾ ਸਿਖਲਾਈ ਦਿੰਦੇ ਹੋਏ ਰੁਜ਼ਗਾਰ ਦੇਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਖੇਡ ਅਕੈਡਮੀ ਨੂੰ ਆਪਣੇ ਅਖਤਿਆਰ ਕੋਟੇ ਵਿੱਚੋਂ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਰੁਪਿੰਦਰ ਸਿੰਘ ਗਿੱਲ, ਡਾ. ਤਾਰਿਕਜੋਤ ਸਿੰਘ ਸਮੇਤ ਹੋਰ ਹਾਜ਼ਰ ਸਨ।