ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ ਲਈ ਸਮੁੱਚੇ ਪ੍ਰਬੰਧ ਮੁਕੰਮਲ

10:07 AM Oct 15, 2024 IST
ਅੰਮ੍ਰਿਤਸਰ ਵਿੱਚ ਪੰਚਾਇਤ ਚੋਣਾਂ ਦੀ ਪੂਰਬਲੀ ਸੰਧਿਆ ਮੌਕੇ ਡਿਊਟੀ ਲਈ ਰਵਾਨਾ ਹੁੰਦਾ ਹੋਇਆ ਚੋਣ ਅਮਲਾ। ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਅਕਤੂਬਰ
ਗ੍ਰਾਮ ਪੰਚਾਇਤ ਚੋਣਾਂ ਲਈ 15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਹੁਣ ਤਕ 192 ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਜਾ ਚੁੱਕੇ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 856 ਗ੍ਰਾਮ ਪੰਚਾਇਤਾਂ ਹਨ ਅਤੇ 192 ਗ੍ਰਾਮ ਪੰਚਾਇਤਾਂ ਵਾਸਤੇ ਸਰਬਸੰਮਤੀ ਹੋ ਚੁੱਕੀ ਹੈ। ਇਸ ਤੋਂ ਬਾਅਦ ਹੁਣ 664 ਗ੍ਰਾਮ ਪੰਚਾਇਤਾਂ ਵਾਸਤੇ ਵੋਟਾਂ ਪੈਣਗੀਆਂ। ਇਨ੍ਹਾਂ ਪੰਚਾਇਤਾਂ ਵਾਸਤੇ ਕੁੱਲ 1030 ਪੋਲਿੰਗ ਬੂਥਾਂ ’ਤੇ ਚੋਣ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ 234 ਬੂਥਾਂ ’ਤੇ ਬਿਨਾਂ ਮੁਕਾਬਲਾ 192 ਸਰਪੰਚ ਅਤੇ 1091 ਪੰਚ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਵੋਟਾਂ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ 10491 ਮੁਲਾਜ਼ਮਾਂ ਦੀਆਂ ਪੋਲਿੰਗ ਸਟਾਫ ਵਜੋਂ ਡਿਊਟੀਆਂ ਲਗਾਈਆਂ ਗਈਆਂ ਹਨ। ਚੋਣਾਂ ਵਾਲੇ ਦਿਨ ਪੁਲੀਸ ਵਲੋਂ ਸ਼ਰਾਰਤੀ ਅਨਸਰਾਂ ਤੇ ਪੂਰੀ ਨਜ਼ਰ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਚੋਣਾਂ ਦੌਰਾਨ ਹੁੱਲੜਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ। ਇਸ ਦੌਰਾਨ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਹੁਕਮ ਅਨੁਸਾਰ ਪੰਚਾਇਤ ਚੋਣਾਂ ਦੀ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਗ੍ਰਾਮ ਪੰਚਾਇਤ ਦੀਆਂ ਚੋਣਾਂ ਵਾਲੇ ਦਿਨ, ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਪੈਂਦੇ ਇਲਾਕਿਆਂ ਵਿੱਚ 15 ਅਕਤੂਬਰ ਤੋਂ 16 ਅਕਤੂਬਰ ਨੂੰ ਸਵੇਰ 10 ਵਜੇ ਤੱਕ ਮੁਕੰਮਲ ਹੋਣ ਤੱਕ ਡਰਾਈ-ਡੇਅ ਐਲਾਨ ਕਰਦਿਆਂ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ’ਤੇ ਪੂਰਨ ਤੌਰ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
ਜਲੰਧਰ (ਪੱਤਰ ਪ੍ਰੇਰਕ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਕਤੂਬਰ ਨੂੰ ਜ਼ਿਲ੍ਹੇ ਦੀਆਂ 695 ਗ੍ਰਾਮ ਪੰਚਾਇਤਾਂ ਲਈ ਪੈਣ ਵਾਲੀਆਂ ਵੋਟਾਂ ਲਈ ਸਮੁੱਚੇ 1209 ਪੋਲਿੰਗਾਂ ਬੂਥਾਂ ’ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 195 ਗ੍ਰਾਮ ਪੰਚਾਇਤਾਂ ਦੀ ਪਹਿਲਾਂ ਹੀ ਸਰਬਸੰਮਤੀ ਨਾਲ ਚੋਣ ਕੀਤੀ ਜਾ ਚੁੱਕੀ ਹੈ ਅਤੇ ਰਹਿੰਦੀਆਂ 695 ਪੰਚਾਇਤਾਂ ਦੀ ਚੋਣ ਲਈ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੋਲਿੰਗ ਸਟੇਸ਼ਨਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਮੁਕੰਮਲ ਕਰਵਾਉਣਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਮੰਗਲਵਾਰ ਨੂੰ 1683 ਪੋਲਿੰਗ ਬੂਥਾਂ ’ਤੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1405 ਗ੍ਰਾਮ ਪੰਚਾਇਤਾਂ ਤੇ 8041 ਵਾਰਡ ਹਨ ਜਿੱਥੇ 2730 ਉਮੀਦਵਾਰ ਸਰਪੰਚ ਅਤੇ 6751 ਉਮੀਦਵਾਰ ਪੰਚ ਦੀ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 265 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਚੋਣਾਂ ਦੌਰਾਨ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹੇ ’ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਲਈ ਜ਼ਿਲ੍ਹਾ ਪੁਲੀਸ ਨੇ ਸੁਰੱਖਿਆ ਦੇ ਸਖਤ ਬੰਦੋਬਸਤ ਕੀਤੇ ਹਨ| ਐੱਸਐੱਸਪੀ ਗੌਰਵ ਤੂਰਾ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹੇ ਦੀਆਂ 252 ਥਾਵਾਂ ’ਤੇ ਭਲਕੇ ਵੋਟਾਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕਰਕੇ ਉੱਥੇ ਸੁਰੱਖਿਆ ਦੇ ਹੋਰ ਸਖਤ ਬੰਦੋਬਸਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕੁੱਲ 573 ਪੰਚਾਇਤਾਂ ਹਨ ਜਿਨ੍ਹਾਂ ਵਿੱਚੋਂ 23 ਪੰਚਾਇਤਾਂ ਦੀ ਚੋਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ| ਇਸ ਦੇ ਨਾਲ ਹੀ ਵੋਟਾਂ ਭੁਗਤਾਉਣ ਲਈ ਸਟਾਫ਼ ਨੂੰ ਚੋਣ ਸਮੱਗਰੀ ਦੇ ਕੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ|
ਕਪੂਰਥਲਾ (ਨਿੱਜੀ ਪੱਤਰ ਪ੍ਰੇਰਕ): ਪੰਚਾਇਤ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਚੋਣ ਅਮਲੇ ਨੂੰ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ’ਚ 376 ਪਿੰਡਾਂ ’ਚ ਵੋਟਿੰਗ ਹੋਵੇਗੀ ਜਿਸ ਲਈ ਪੋਲਿੰਗ ਸਟਾਫ਼, ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਕੁੱਲ 546 ਪੰਚਾਇਤਾਂ ’ਚੋਂ 190 ਸਰਪੰਚ ਤੇ 1872 ਪੰਚ ਬਿਨਾਂ ਮੁਕਾਬਲਾ ਜੇਤੂ ਰਹੇ ਹਨ।

Advertisement

ਜ਼ਿਲ੍ਹਾ ਪਠਾਨਕੋਟ ’ਚ 10 ਬੂਥ ਅਤਿ-ਸੰਵੇਦਨਸ਼ੀਲ ਐਲਾਨੇ

ਪਠਾਨਕੋਟ (ਪੱਤਰ ਪ੍ਰੇਰਕ): ਪੰਜਾਬ ਵਿੱਚ ਭਲਕੇ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਜ਼ਿਲ੍ਹਾ ਪਠਾਨਕੋਟ ਅੰਦਰ ਵੱਖ-ਵੱਖ ਬਲਾਕਾਂ ਵਿੱਚ ਵੋਟਾਂ ਪੁਆਉਣ ਲਈ ਪੋਲਿੰਗ ਪਾਰਟੀਆਂ ਅੱਜ ਰਵਾਨਾ ਕਰ ਦਿੱਤੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ 411 ਸਥਾਨਾਂ ’ਤੇ 522 ਮਤਦਾਨ ਬੂਥ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਬੈਲਟ ਪੇਪਰ 2 ਰੰਗਾਂ ਦੇ ਛਪਵਾਏ ਗਏ ਹਨ, ਜਿਨ੍ਹਾਂ ਵਿੱਚੋਂ ਸਰਪੰਚ ਲਈ ਪਿੰਕ ਰੰਗ ਦਾ ਬੈਲਟ ਪੇਪਰ ਹੋਵੇਗਾ ਜਦ ਕਿ ਪੰਚ ਮੈਂਬਰਾਂ ਲਈ ਚਿੱਟੇ ਰੰਗ ਦਾ ਬੈਲਟ ਪੇਪਰ ਹੋਵੇਗਾ। ਇਨ੍ਹਾਂ ਵਿੱਚੋਂ 10 ਜ਼ਿਆਦਾ ਸੰਵੇਦਨਸ਼ੀਲ ਅਤੇ 119 ਸੰਵੇਦਨਸ਼ੀਲ ਬੂਥ ਹਨ। ਇਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੈਣਗੀਆਂ। ਇਨ੍ਹਾਂ ਚੋਣਾਂ ਨੂੰ ਸਫਲਤਾਪੂਰਬਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਦੇ ਕਰੀਬ 3 ਹਜ਼ਾਰ ਮੁਲਾਜ਼ਮ ਅਤੇ ਅਧਿਕਾਰੀ ਡਿਊਟੀ ਤੇ ਲਗਾਏ ਗਏ ਹਨ।

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਫਲੈਗ ਮਾਰਚ

ਸ਼ਾਹਕੋਟ (ਪੱਤਰ ਪ੍ਰੇਰਕ): ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲੀਸ ਸਬ ਡਿਵੀਜ਼ਨ ਸ਼ਾਹਕੋਟ ਅਧੀਨ ਆਉਂਦੇ ਥਾਣੇ ਸ਼ਾਹਕੋਟ, ਲੋਹੀਆਂ ਖਾਸ ਅਤੇ ਮਹਿਤਪੁਰ ਦੀ ਪੁਲੀਸ ਨੇ ਸੰਯੁਕਤ ਰੂਪ ’ਚ ਸਬ ਡਿਵੀਜ਼ਨ ਦੇ ਉਕਤ ਕਸਬਿਆਂ ਅਤੇ ਕਈ ਪਿੰਡਾਂ ਵਿੱਚ ਐੱਸਐੱਸਪੀ ਜਲੰਧਰ (ਦਿਹਾਤੀ) ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਅਤੇ ਡੀਐੱਸਪੀ ਸ਼ਾਹਕੋਟ ਦੀ ਨਿਗਰਾਨੀ ਵਿੱਚ ਫਲੈਗ ਮਾਰਚ ਕੀਤਾ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਬਣਾਈ ਰੱਖਣ ਅਤੇ ਲੋਕਾਂ ਵਿੱਚੋਂ ਡਰ ਨੂੰ ਦੂਰ ਕਰਨ ਲਈ ਹੀ ਇਹ ਫਲੈਗ ਮਾਰਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਨਾਲ ਹੀ ਉਨ੍ਹਾਂ ਨੂੰ ਵੋਟਾਂ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ।

Advertisement

Advertisement