ਬੇਭਰੋਸਗੀ ਮਤਾ ਸਵੀਕਾਰ ਕੀਤੇ ਜਾਣ ਮਗਰੋਂ ਪਾਸ ਸਾਰੇ ਬਿੱਲ ਸੰਵਿਧਾਨਕ ਤੌਰ ’ਤੇ ਸ਼ੱਕੀ: ਮਨੀਸ਼ ਤਿਵਾੜੀ
ਨਵੀਂ ਦਿੱਲੀ, 30 ਜੁਲਾਈ
ਕਾਂਗਰਸ ਆਗੂ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਦਾਅਵਾ ਕੀਤਾ ਕਿ ਸਰਕਾਰ ਖਿਲਾਫ਼ ਦਿੱਤੇ ਬੇਭਰੋਸਗੀ ਮਤੇ ਨੂੰ ਸਪੀਕਰ ਵੱਲੋਂ ਸਵੀਕਾਰ ਕੀਤੇ ਜਾਣ ਮਗਰੋਂ ਸੰਸਦ ਵਿੱਚ ਪਾਸ ਸਾਰੇ ਬਿੱਲ ‘ਸੰਵਿਧਾਨਕ ਤੌਰ ’ਤੇ ਸ਼ੱਕੀ’ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਭਰੋਸਗੀ ਮਤੇ ਨੂੰ ਲੈ ਕੇ ਕੋਈ ਨਤੀਜਾ ਨਹੀਂ ਨਿਕਲਦਾ, ਉਦੋਂ ਤੱਕ ਇਨ੍ਹਾਂ ਬਿਲਾਂ ਨੂੰ ਅਮਲ ਵਿੱਚ ਨਹੀਂ ਲਿਆਂਦਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬੇਭਰੋਸਗੀ ਮਤੇ ’ਤੇ ਬਹਿਸ ਲਈ ਦਸ ਦਿਨਾਂ ਦੇ ਅਰਸੇ ਨੂੰ ਧੜਾਧੜ ਬਿੱਲ ਲਿਆਉਣ ਲਈ ਨਹੀਂ ਵਰਤਿਆ ਜਾ ਸਕਦਾ। ਇਸ ਖ਼ਬਰ ਏਜੰਸੀ ਨੂੰ ਦਿੱਤੀ ਇੰਟਰਵਿਊ ਦੌਰਾਨ ਤਿਵਾੜੀ ਨੇ ਕਿਹਾ ਕਿ ਇੱਕ ਵਾਰ ਲੋਕ ਸਭਾ ਵਿੱਚ ਬੇਭਰੋਸਗੀ ਮਤਾ ਪੇਸ਼ ਹੋਣ ਤੋਂ ਬਾਅਦ, ਸਦਨ ਦੇ ਸਾਹਮਣੇ ਲਿਆਂਦਾ ਗਿਆ ਕੋਈ ਵੀ ਕਾਨੂੰਨ ਜਾਂ ਭੌਤਿਕ ਕਾਰੋਬਾਰ ‘‘ਨੈਤਿਕਤਾ, ਮਰਿਆਦਾ ਅਤੇ ਸੰਸਦੀ ਕਨਵੈਨਸ਼ਨਾਂ ਦੀ ਪੂਰੀ ਤਰ੍ਹਾਂ ਉਲੰਘਣਾ’’ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਜਾਂ ਰਾਜ ਸਭਾ ਵਿੱਚ ਬੇਭਰੋਸਗੀ ਮਤਾ ਦਾਖਲ ਹੋਣ ਤੋਂ ਬਾਅਦ ਪਾਸ ਕੀਤੇ ਗਏ ਸਾਰੇ ਕਾਨੂੰਨਾਂ ਦੀ ਕਾਨੂੰਨੀ ਤੌਰ ’ਤੇ ਜਾਂਚ ਹੋਣੀ ਚਾਹੀਦੀ ਹੈ ਕਿ ਕੀ ਉਹ ਕਾਨੂੰਨੀ ਤੌਰ ’ਤੇ ਪਾਸ ਹੋਏ ਹਨ ਜਾਂ ਨਹੀਂ। -ਪੀਟੀਆਈ