ਸੈਣੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਇਕ ਹੀ ਅਦਾਲਤ ’ਚ ਹੋਵੇਗੀ ਸੁਣਵਾਈ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਜੁਲਾਈ
ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਸੇਵਾਮੁਕਤ ਪੁਲੀਸ ਅਫ਼ਸਰਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਅਗਲੀ ਸੁਣਵਾਈ ਲਈ 30 ਜੁਲਾਈ ਦਾ ਦਨਿ ਨਿਰਧਾਰਤ ਕੀਤਾ ਹੈ। ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਨਿਯੁਕਤ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਕੁਝ ਦਨਿ ਪਹਿਲਾਂ ਅਦਾਲਤ ’ਚ ਅਰਜ਼ੀ ਦਾਇਰ ਕਰਕੇ ਸੈਣੀ ਖ਼ਿਲਾਫ਼ ਦਰਜ ਕੇਸ ਨਾਲ ਸਬੰਧਤ ਸਾਰੇ ਮਾਮਲੇ ਇੱਕੋ ਅਦਾਲਤ ’ਚ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਸੀ। ਪੀੜਤ ਪਰਿਵਾਰ ਤੇ ਸਰਕਾਰ ਦੀ ਅਪੀਲ ਨੂੰ ਮਨਜ਼ੂਰ ਕਰਦਿਆਂ ਸੈਸ਼ਨ ਜੱਜ ਨੇ ਸੈਣੀ ਕੇਸ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ (ਨਵੀਂ ਅਦਾਲਤ) ਵਿੱਚ ਤਬਦੀਲ ਕਰ ਦਿੱਤੀ ਹੈ ਅਤੇ ਸਾਰੀਆਂ ਧਿਰਾਂ ਨੂੰ 30 ਜੁਲਾਈ ਨੂੰ ਨਵੀਂ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।