ਆਲ ਇੰਡੀਆ ਕਿਸਾਨ ਖੇਤ ਮਜ਼ਦੂਰ ਜਥੇਬੰਦੀ ਚੰਡੀਗੜ੍ਹ ’ਚ 25 ਨੂੰ ਦੇਵੇਗੀ ਧਰਨਾ
ਆਤਿਸ਼ ਗੁਪਤਾ
ਚੰਡੀਗੜ੍ਹ, 23 ਫਰਵਰੀ
ਆਲ ਇੰਡੀਆ ਕਿਸਾਨ ਖੇਤ ਮਜ਼ਦੂਰ ਜਥੇਬੰਦੀ ਵੱਲੋਂ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਨੂੰ ਲੈ ਕੇ 25 ਫਰਵਰੀ ਨੂੰ ਚੰਡੀਗੜ੍ਹ ਵਿੱਚ ਧਰਨਾ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਜਥੇਬੰਦੀ ਦੇ ਪ੍ਰਧਾਨ ਸਤਿਆਵਾਨ ਨੇ ਅੱਜ ਇਥੇ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਉਨ੍ਹਾਂ ਕਿਹਾ ਕਿ 25 ਫਰਵਰੀ ਨੂੰ ਉਨ੍ਹਾਂ ਦੀ ਜਥੇਬੰਦੀ ਵੱਲੋਂ ਦੇਸ਼ ਦੇ ਹੋਰਨਾਂ ਕਈ ਸੂਬਿਆਂ ਦੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਵੱਡੀ ਗਿਣਤੀ ਕਿਸਾਨ 25 ਫਰਵਰੀ ਨੂੰ ਪੰਚਕੂਲਾ ਵਿੱਚ ਇਕੱਠੇ ਹੋ ਕੇ ਹਰਿਆਣਾ ਵਿਧਾਨ ਸਭਾ ਵੱਲ ਕੂਚ ਕਰਨਗੇ, ਜਿੱਥੇ ਰੋਸ ਪ੍ਰਦਰਸ਼ਨ ਤੋਂ ਬਾਅਦ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਸਰਕਾਰ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਮੰਡੀਕਰਨ ਕਾਨੂੰਨ ਦੇ ਖਰੜੇ ਨੂੰ ਰੱਦ ਕਰਨ ਦਾ ਮਤਾ ਪਾਸ ਕਰੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਹੁਣ ਤੱਕ ਉਨ੍ਹਾਂ ਦੀ ਜਥੇਬੰਦੀ ਸੰਘਰਸ਼ ਜਾਰੀ ਰੱਖੇਗੀ।