For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੇ ਸਾਰੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣ: ਹਰਸਿਮਰਤ ਬਾਦਲ

06:14 AM Jul 03, 2024 IST
ਕਿਸਾਨਾਂ ਦੇ ਸਾਰੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣ  ਹਰਸਿਮਰਤ ਬਾਦਲ
ਲੋਕ ਸਭਾ ਵਿੱਚ ਪੰਜਾਬ ਦੇ ਮਸਲਿਆਂ ਬਾਰੇ ਬੋਲਦੇ ਹੋਏ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ। -ਫੋਟੋ: ਪੀਟੀਆਈ
Advertisement

ਮਨਧੀਰ ਸਿੰਘ ਦਿਓਲ
ਦਿੱਲੀ, 2 ਜੁਲਾਈ
ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਅਤੇ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਨੂੰ ਵਪਾਰ ਲਈ ਖੋਲ੍ਹਣ ਦੇ ਨਾਲ-ਨਾਲ ਵਾਅਦੇ ਮੁਤਾਬਕ ਘੱਟੋ-ਘੱਟ ਸਮਰਥਨ ਮੁੱਲ ਕਮੇਟੀ ਵਿੱਚ ਨੁਮਾਇੰਦਗੀ ਦੇ ਕੇ ਕਿਸਾਨਾਂ ਦੇ ਮਸਲੇ ਹੱਲ ਕਰਨ। ਉਨ੍ਹਾਂ ਪਾਕਿਸਤਾਨ ਅਤੇ ਮੱਧ ਏਸ਼ੀਆ ਦੇ ਵਪਾਰ ਲਈ ਹੁਸੈਨੀਵਾਲਾ ਬਾਰਡਰ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਪੰਜਾਬ, ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਲਈ ਇੱਕ ਉਦਯੋਗਿਕ ਪੈਕੇਜ ਦੀ ਵੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਲੋਕ ਸਭਾ ਮੈਂਬਰ ਅੱਜ ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਬੋਲ ਰਹੇ ਸਨ। ਉਨ੍ਹਾਂ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਦਾ ਆਪਣੀ ਰਾਜਧਾਨੀ ’ਤੇ ਕੰਟਰੋਲ ਨਹੀਂ ਹੈ। ਉਨ੍ਹਾਂ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਤਾਇਨਾਤੀ ਵਿੱਚ 60:40 ਦੇ ਅਨੁਪਾਤ ਦੀ ਅਣਦੇਖੀ, ਕੇਂਦਰੀ ਨਿਯਮਾਂ ਨੂੰ ਲਾਗੂ ਕਰਕੇ ਅਤੇ ਸਰਕਾਰੀ ਕੰਮਕਾਜ ਵਿੱਚ ਪੰਜਾਬੀ ਨਾਲ ਵਿਤਕਰਾ ਕਰਕੇ ਚੰਡੀਗੜ੍ਹ ਉੱਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਇਸ ਮੌਕੇ ਪਾਣੀਆਂ ਦੇ ਮੁੱਦੇ ’ਤੇ ਵੀ ਗੱਲ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੀ ਵਚਨਬੱਧਤਾ ਦਾ ਵੀ ਚੇਤਾ ਕਰਵਾਇਆ। ਉਨ੍ਹਾਂ ਰਾਜਸਥਾਨ ਦੇ ਇੱਕ ਪ੍ਰੀਖਿਆ ਕੇਂਦਰ ਵਿੱਚ ਕਕਾਰਾਂ ਦੀ ਬੇਅਦਬੀ ਦਾ ਮੁੱਦਾ ਵੀ ਚੁੱਕਿਆ।
ਹਰਸਿਮਰਤ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਚੁੱਕਣ ਵੇਲੇ ਮੰਗਾਂ ਮੰਨਣ ਦੀ ਗਾਰੰਟੀ ਦਿੱਤੀ ਗਈ ਸੀ ਪਰ ਉਨ੍ਹਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੀਆਂ ਮੰਗਾਂ ਯਾਦ ਕਰਵਾਉਣ ਲਈ ਦੁਬਾਰਾ ਦਿੱਲੀ ਜਾਣ ਲੱਗੇ ਤਾਂ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਇੱਕ ਨੌਜਵਾਨ ਨੂੰ ਸ਼ਹੀਦ ਵੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੁਆਂਢੀ ਪਹਾੜੀ ਰਾਜਾਂ ਨੂੰ ਟੈਕਸਾਂ ਵਿੱਚ ਰਿਆਇਤਾਂ ਦੇਣ ਵੇਲੇ ਸੂਬੇ ਦਾ ਬਹੁਤ ਨੁਕਸਾਨ ਹੋਇਆ। ਸੂਬੇ ਦੀ ਸਨਅਤ ਦਾ ਇੱਕ ਹਿੱਸਾ ਪਹਾੜੀ ਰਾਜਾਂ ਵਿੱਚ ਤਬਦੀਲ ਹੋਣ ਦੇ ਨਤੀਜੇ ਵਜੋਂ ਬੇਰੁਜ਼ਗਾਰੀ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਸੂਬੇ ਵਿੱਚ ਨਸ਼ੇ ਦੇ ਮੁੱਦੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਸਿੱਖਾਂ ਦੇ ਮਾਮਲਿਆਂ ਵਿੱਚ ਦਖਲਅੰਦਾਜ਼ੀ ਬੰਦ ਕਰਨ ਦੀ ਅਪੀਲ ਕੀਤੀ। ਸ੍ਰੀਮਤੀ ਬਾਦਲ ਨੇ ਨਵੇਂ ਅਪਰਾਧਿਕ ਕਾਨੂੰਨਾਂ ਵਿੱਚ ਪੁਲੀਸ ਨੂੰ ਦਿੱਤੀ ਗਈ ਸ਼ਕਤੀ ਨੂੰ ਘਟਾਉਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਅਹੁਦੇ ਦੀ ਸਹੁੰ ਚੁਕਾਉਣ ਦੀ ਵੀ ਗੱਲ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×