ਸਕਰੈਪ ਕਾਰੋਬਾਰੀਆਂ ਵੱਲੋਂ ਜੀਐੱਸਟੀ ਵਿਭਾਗ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਲੋਹੇ ਦਾ ਕਾਰੋਬਾਰ ਕਰਨ ਵਾਲੇ ਸਕਰੈਪ ਕਾਰੋਬਾਰੀਆਂ ਨੇ ਜੀਐੱਸਟੀ ਵਿਭਾਗ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਅੱਜ ਆਇਰਨ ਸਕਰੈਪ ਟਰੇਡਰਜ਼ ਵੈੱਲਫੇਅਰ ਐਸੋਸੀਏਸ਼ਨ ਤੇ ਸਟੀਲ ਸਿਟੀ ਫਰਨੈਂਸ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੇ ਆਗੂਆਂ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੀਐੱਸਟੀ ਭਰਨ ਦੇ ਬਾਵਜੂਦ ਨੋਟਿਸ ਭੇਜੇ ਜਾ ਰਹੇ ਹਨ। ਐਸੋਸੀਏਸ਼ਨ ਦੇ ਪ੍ਰਧਾਨ ਅਮਨ ਸ਼ਰਮਾ ਤੇ ਭਾਰਤ ਭੂਸ਼ਣ ਜਿੰਦਲ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਡੀਲਰਾਂ ਨੇ ਆਪਣੀ ਜੀਐੱਸਟੀ ਰਿਟਰਨ ਤੈਅ ਸਮੇਂ ’ਤੇ ਭਰੀ ਹੈ। ਇਸ ਦੇ ਬਾਵਜੂਦ ਵਿਭਾਗ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਕਹਿ ਰਿਹਾ ਹੈ ਕਿ ਜਿਨ੍ਹਾਂ ਤੋਂ ਉਨ੍ਹਾਂ ਨੇ ਸਾਮਾਨ ਖਰੀਦਿਆ ਹੈ, ਉਹ ਟੈਕਸ ਨਹੀਂ ਭਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਵਿਅਕਤੀ ਜੀਐੱਸਟੀ ਦੀ ਅਦਾਇਗੀ ਨਹੀਂ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਬਾਕੀ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।