ਐਲੂਮਨੀ ਮੀਟ: ਵਿਦਿਆਰਥੀਆਂ ਨੇ ਯਾਦਾਂ ਤਾਜ਼ਾ ਕੀਤੀਆਂ
ਕੁਲਦੀਪ ਸਿੰਘ
ਨਵੀਂ ਦਿੱਲੀ, 20 ਮਾਰਚ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ, ਪੀਤਮਪੁਰਾ ਦੇ ਪੁਰਾਣੇ ਵਿਦਿਆਰਥੀਆਂ ਦੀ ਸੰਸਥਾ ਨੇ ਪੀਤਮਪੁਰਾ ’ਚ ਪੁਰਾਣੇ ਵਿਦਿਆਰੀਆਂ ਦਾ ਮਿਲਣੀ ਪ੍ਰੋਗਰਾਮ ਕਰਵਾਇਆ। ਸੰਸਥਾਨ ਨੇ ਮਾਤਾ ਸੁੰਦਰੀ ਕਾਲਜ ਫਾਰ ਵਿਮੈਨ ਅਤੇ ਸ੍ਰੀ ਗੁਰੂ ਨਾਨਕ ਦੇਵ ਖਾਲਸਾ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਸੰਸਥਾਵਾਂ ਨਾਲ ਮਿਲ ਕੇ ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਿਆ। ਇਸ ਮੌਕੇ ਤਿੰਨਾਂ ਕਾਲਜਾਂ ਵਿੱਚ ਪੜ੍ਹ ਚੁੱਕੇ ਵਿਦਿਆਰਥੀਆਂ ਨੇ ਮਿਲ ਕੇ ਇਸ ਸਾਂਝੇ ਮਿਲਣੀ ਪ੍ਰੋਗਰਾਮ ਨੂੰ ਯਾਦਗਾਰੀ ਸ਼ਾਮ ਵਿੱਚ ਤਬਦੀਲ ਕਰ ਦਿੱਤਾ। ਇਸ ਮੌਕੇ ਮੁੱਖ ਮਹਿਮਾਨਾਂ ਵਜੋਂ ਪ੍ਰੋਫ਼ੈਸਰ ਸੀਈਓ ਯੂਨੀਵਰਸਿਟੀ ਆਫ਼ ਦਿੱਲੀ ਫ਼ਾਊਂਡੇਸ਼ਨ ਅਨਿਲ ਕੁਮਾਰ, ਐਡਮਿਸ਼ਨ ਡੀਨ ਪ੍ਰੋਫ਼ੈਸਰ ਹਨੀਤ ਗਾਂਧੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦਾ ਸਵਾਗਤ ਕਰਨ ਉਪਰੰਤ ਤਿੰਨਾਂ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨਾਂ ਅਤੇ ਹੋਰਾਂ ਪ੍ਰੋਫ਼ੈਸਰਾਂ ਦਾ ਸਨਮਾਨ ਕੀਤਾ ਗਿਆ। ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੀ ਸੱਭਿਆਚਾਰਕ ਗਾਇਕੀ ਨਾਲ ਇਸ ਮਿਲਣੀ ਨੂੰ ਹੋਰ ਖੁਸ਼ਨੁਮਾ ਬਣਾ ਦਿੱਤਾ। ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਪ੍ਰਿੰਸੀਪਲ ਪ੍ਰੋ. ਜਤਿੰਦਰਬੀਰ ਸਿੰਘ, ਮਾਤਾ ਸੁੰਦਰੀ ਕਾਲਜ ਫਾਰ ਵਿਮੈਨ ਦੀ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ ਅਤੇ ਸ੍ਰੀ ਗੁਰੂ ਨਾਨਕ ਦੇਵ ਖਾਲਸਾ ਕਾਲਜ ਦੇ ਪ੍ਰਿੰਸੀਪਲ ਪ੍ਰੋ. ਗੁਰਮੋਹਿੰਦਰ ਸਿੰਘ ਨੇ ਕਿਹਾ ਕਿ ਸਾਡੇ ਪੁਰਾਣੇ ਵਿਦਿਆਰਥੀਆਂ ਦੀ ਸੰਸਥਾਵਾਂ ਸਾਡਾ ਅਜਿਹਾ ਕੀਮਤੀ ਸਰਮਾਇਆ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੀ ਐਲੂੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਗਰਗ ਨੇ ਦੱਸਿਆ ਕਿ ਸਾਡੇ ਕਾਲਜ ਦੀ ਸੰਸਥਾ ਦਾ ਇਹ 7ਵਾਂ ਮਿਲਣੀ ਪ੍ਰੋਗਰਾਮ ਹੈ। ਸੰਸਥਾ ਦੇ ਜਨਰਲ ਸਕੱਤਰ ਕੁਲਬੀਰ ਸਿੰਘ ਨੇ ਕਿਹਾ ਕਿ ਸਾਡਾ ਮੁੱਖ ਟੀਚਾ ਪੁਰਾਣੇ ਵਿਦਿਆਰਥੀਆਂ ਨੂੰ ਕਾਲਜ ਨਾਲ ਜੋੜ ਕੇ ਰੱਖਣਾ ਹੈ।