ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ‘ਪਹਿਲ ਮੰਡੀ’ ਸਮਰਪਿਤ
ਬੀਰ ਇੰਦਰ ਸਿੰਘ ਬਨਭੌਰੀ/ਸਤਨਾਮ ਸਿੰਘ ਸੱਤੀ
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਸ਼ਹਿਰ ਸਥਿਤ ਰੇਹੜੀ ਫੜੀ ਮਾਰਕੀਟ ਵਿੱਚ ‘ਪਹਿਲ ਮੰਡੀ’ ਦਾ ਉਦਘਾਟਨ ਕੀਤਾ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਵਾਸੀ ਖੁਸ਼ਕਿਸਮਤ ਹਨ ਕਿ ਇਸ ਧਰਤੀ ’ਤੇ ਸ਼ਹੀਦ ਊਧਮ ਸਿੰਘ ਦਾ ਜਨਮ ਹੋਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਦੀਆਂ ਸ਼ਹਾਦਤਾਂ ਦੀ ਵਜ੍ਹਾ ਕਰਕੇ ਆਪਾਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਢਾਈ ਸਾਲਾਂ ਤੋਂ ਵਿਕਾਸ ਦੇ ਵੱਖੋ-ਵੱਖਰੇ ਪ੍ਰਾਜੈਕਟਾਂ ਨੂੰ ਨਾ ਕੇਵਲ ਸੁਨਾਮ ਦੀ ਇਸ ਧਰਤੀ ਉੱਤੇ ਬਲਕਿ ਪੂਰੇ ਸੂਬੇ ਵਿੱਚ ਜੋਸ਼ੋ ਖਰੋਸ਼ ਨਾਲ ਸ਼ੁਰੂ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਪ੍ਰਾਜੈਕਟ ਮੁਕੰਮਲ ਵੀ ਹੋ ਚੁੱਕੇ ਹਨ ਅਤੇ ਅਨੇਕਾਂ ਵਿਕਾਸ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਅੱਜ ਖੁਸ਼ਗਵਾਰ ਮਾਹੌਲ ਵਿੱਚ ਇਹ ‘ਪਹਿਲ ਮੰਡੀ’ ਸੁਨਾਮ ਦੇ ਲੋਕਾਂ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਧੂਰੀ ਵਿੱਚ ਅਜਿਹੀਆਂ ਪਹਿਲ ਮੰਡੀਆਂ ਸਫਲਤਾ ਨਾਲ ਚੱਲ ਰਹੀਆਂ ਹਨ ਅਤੇ ਹੁਣ ਸੁਨਾਮ ਊਧਮ ਸਿੰਘ ਵਾਲਾ ਵਿੱਚ ਲੋਕਾਂ ਨੂੰ ਸ਼ੁੱਧ ਅਤੇ ਆਰਗੈਨਿਕ ਉਤਪਾਦ ਮੁਹੱਈਆ ਕਰਵਾਉਣ ਦੇ ਮਕਸਦ ਨਾਲ ‘ਪਹਿਲ ਮੰਡੀ’ ਸ਼ੁਰੂ ਕੀਤੀ ਗਈ ਹੈ ਤਾਂ ਕਿ ਸਾਰੇ ਨਿਵਾਸੀ ਪੌਸ਼ਟਿਕ ਤੱਤਾਂ ਵਾਲੇ ਸਮਾਨ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ‘ਪਹਿਲ ਮੰਡੀ’ ਜਿਥੇ ਸ਼ਹਿਰ ਵਾਸੀਆਂ ਨੂੰ ਸ਼ੁੱਧ ਖਾਧ ਪਦਾਰਥ ਮੁਹੱਈਆ ਕਰਵਾਏਗੀ, ਉੱਥੇ ਹੀ ਕਿਸਾਨਾਂ ਅਤੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਦੀ ਘਰੇਲੂ ਵਿੱਤੀ ਹਾਲਤ ਵਿੱਚ ਵਾਧਾ ਕਰਨ ਵਿੱਚ ਵੀ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਮੰਡੀ ਹਰ ਮੰਗਲਵਾਰ ਨੂੰ ਹਫਤਾਵਾਰੀ ਮੰਡੀ ਵਜੋਂ ਲੱਗੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਮੰਡੀਆਂ ਨਾਲ ਪੇਂਡੂ ਖੇਤਰਾਂ ਵਿੱਚ ਕੰਮ ਕਰਦੇ ਉੱਦਮੀ ਲੋਕਾਂ ਨੂੰ ਆਰਥਿਕ ਮਜ਼ਬੂਤੀ ਮਿਲਦੀ ਹੈ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਪਹਿਲ ਮੰਡੀ ਦੀ ਸ਼ਾਨਦਾਰ ਸਫਲਤਾ ਦੀਆਂ ਧੂੰਮਾਂ ਪੂਰੇ ਸੂਬੇ ਵਿੱਚ ਹਨ ਅਤੇ ਤੇਜ਼ੀ ਨਾਲ ਇਸ ਯੋਜਨਾ ਦਾ ਪਸਾਰ ਹੋ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਡਾ. ਅਦਿੱਤਿਆ, ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ, ਚੇਅਰਮੈਨ ਮਾਰਕਿਟ ਕਮੇਟੀ ਸੰਗਰੂਰ ਅਵਤਾਰ ਸਿੰਘ ਧਾਲੀਵਾਲ, ਸਾਹਿਬ ਸਿੰਘ ਤੇ ਰਵੀ ਕਮਲ ਗੋਇਲ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।