ਅਮਨ ਅਰੋੜਾ ਨੇ ਖੇੜੀ ’ਚ ਸੜਕ ਦਾ ਨੀਂਹ ਪੱਥਰ ਰੱਖਿਆ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਸਤੰਬਰ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਨੇੜਲੇ ਪਿੰਡ ਖੇੜੀ ਵਿੱਚ 53.5 ਲੱਖ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਤੋਂ ਇਲਾਵਾ 27 ਲੱਖ ਰੁਪਏ ਦੀ ਗਰਾਂਟ ਨਾਲ ਵੱਖ-ਵੱਖ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਦੇ ਵਿੱਤੀ ਸਹਾਇਤਾ ਪੱਤਰ ਵੀ ਸੌਂਪੇ ਗਏ।
ਇਸ ਮੌਕੇ ਸ੍ਰੀ ਅਰੋੜਾ ਨੇ ਕਾਰਜਕਾਰੀ ਏਜੰਸੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੀ ਨਿਗਰਾਨੀ ਹੇਠ ਸਮੁੱਚੇ ਕਾਰਜਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇ। ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜ਼ੀਰੋ ਟੌਲਰੈਂਸ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ਉੱਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਆਰੰਭ ਕਰਵਾਉਂਦੇ ਹੋਏ ਹੁਣ ਤੱਕ ਅਨੇਕਾਂ ਪ੍ਰਾਜੈਕਟ ਪਾਰਦਰਸ਼ੀ ਪ੍ਰਣਾਲੀ ਨਾਲ ਮੁਕੰਮਲ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਖਤੌਰ ਨਗਰ ਵਿੱਚ 18 ਲੱਖ ਨਾਲ ਧਰਮਸ਼ਾਲਾ ਤੇ ਗਲੀਆਂ ਦੇ ਕਾਰਜ ਕਰਵਾਏ ਜਾਣਗੇ। ਇਸ ਮੌਕੇ ਬੀਡੀਪੀਓ ਸੰਗਰੂਰ ਗੁਰਦਰਸ਼ਨ ਸਿੰਘ, ਗੁਰਿੰਦਰ ਪਾਲ ਸਿੰਘ ਖੇੜੀ, ਮਨੀ ਸਰਾਓ, ਬਲਜਿੰਦਰ ਸਿੰਘ ਈਲਵਾਲ, ਮਨਦੀਪ ਸਿੰਘ ਈਲਵਾਲ, ਦੀਪ ਸਿੰਘ ਕਨੋਈ ਤੋਂ ਇਲਾਵਾ ਸੰਜੀਵ ਕੁਮਾਰ ਬੀਡੀਪੀਓ ਸੁਨਾਮ, ਕਰਮ ਸਿੰਘ, ਜਸਵੀਰ ਸਿੰਘ, ਕੁਲਵੀਰ ਸਿੰਘ ਆਦਿ ਮੌਜੂਦ ਸਨ।