ਅੰਬੇਡਕਰ ਸੈਨਾ ਵੱਲੋਂ ਐੱਸਪੀ ਦਫ਼ਤਰ ਅੱਗੇ ਧਰਨਾ
ਪੱਤਰ ਪ੍ਰੇਰਕ
ਫਗਵਾੜਾ, 5 ਨਵੰਬਰ
ਪਿੰਡ ਭੁੱਲਾਰਾਈ ਵਿੱਚ ਬਹੁਜਨ ਸਮਾਜ ਦੇ ਆਗੂ ਧਰਮਿੰਦਰ ਸਿੰਘ ਭੁੱਲਾਰਾਈ ਦੇ ਛੋਟੇ ਭਰਾ ਪ੍ਰਦੀਪ ਸਿੰਘ ’ਤੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਪੁਲੀਸ ਦੀ ਕਾਰਵਾਈ ਤੋਂ ਸੰਤਸ਼ੁਟ ਨਾ ਹੋਣ ਦੇ ਰੋਸ ਵਜੋਂ ਅੰਬੇਡਕਰ ਸੈਨਾ ਪੰਜਾਬ ਦੇ ਚੇਅਰਮੈਨ ਰਜਿੰਦਰ ਘੇੜਾ ਤੇ ਪ੍ਰਧਾਨ ਸੁਰਿੰਦਰ ਢੰਡਾ ਦੀ ਅਗਵਾਈ ਹੇਠ ਐੱਸਪੀ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ ਅਤੇ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ।
ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਬਲਾਲੋਂ, ਰਮੇਸ਼ ਕੌਲ, ਰਾਜਿੰਦਰ ਘੇੜਾ, ਸੁਰਿੰਦਰ ਢੰਡਾ, ਮਨੋਹਰ ਲਾਲ ਜੱਖੂ ਤੇ ਧਰਮਿੰਦਰ ਸਿੰਘ ਭੁੱਲਾਰਾਈ ਨੇ ਕਿਹਾ ਕਿ ਪ੍ਰਦੀਪ ਸਿੰਘ ’ਤੇ ਹੋਏ ਹਮਲੇ ਤੋਂ ਬਾਅਦ ਫਗਵਾੜਾ ਪੁਲੀਸ ਪ੍ਰਸ਼ਾਸਨ ਵੱਲੋਂ ਕਥਿਤ ਦੋਸ਼ੀਆਂ ਖਿਲਾਫ਼ ਤਸੱਲੀਬਖਸ਼ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਮਜਬੂਰਨ ਧਰਨਾ ਲਗਾਉਣਾ ਪਿਆ ਹੈ। ਆਗੂਆਂ ਕਿਹਾ ਜਿੰਨਾ ਚਿਰ ਪੁਲੀਸ ਪ੍ਰਸ਼ਾਸਨ ਦੋਸ਼ੀਆਂ ਖਿਲਾਫ 307 ਦਾ ਮੁਕੱਦਮਾ ਦਰਜ ਕਰ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਐੱਸਐੱਚਓ ਬਲਵਿੰਦਰ ਸਿੰਘ ਭੁੱਲਰ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਪੁਲੀਸ ਵੱਲੋਂ ਤਫ਼ਤੀਸ਼ ਕਰਕੇ ਜੋ ਵੀ ਧਾਰਾ ਬਣਦੀ ਹੋਵੇਗੀ, ਉਸ ਦਾ ਵਾਧਾ ਕਰਕੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਜਿਸ ਉਪਰੰਤ ਧਰਨਾ ਸਮਾਪਤ ਹੋ ਗਿਆ।