ਅਮਿਤ ਸ਼ਾਹ ਜਨਤਕ ਤੌਰ ’ਤੇ ਮੁਆਫ਼ੀ ਮੰਗਣ: ਕਰੀਮਪੁਰੀ
ਗੁਰਿੰਦਰ ਸਿੰਘ
ਲੁਧਿਆਣਾ, 24 ਦਸੰਬਰ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਮੰਗ ਕੀਤੀ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਕਰਨ ਵਾਲੇ ਅਮਿਤ ਸ਼ਾਹ ਨੂੰ ਤੁਰੰਤ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਬਸਪਾ ਵੱਲੋਂ ਸ਼ੁਰੂ ਕੀਤਾ ਦੇਸ਼ਿਵਆਪੀ ਵਿਰੋਧ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਸਪਾ ਆਗੂ ਨੇ ਅੱਜ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਸ ਪਾਰਟੀ ਅਤੇ ਉਸ ਦੇ ਆਗੂਆਂ ’ਚ ਬਾਬਾ ਸਾਹਿਬ ਪ੍ਰਤੀ ਸ਼ਰਧਾ ਨਹੀਂ, ਉਸ ਪਾਰਟੀ ਤੇ ਉਸ ਦੇ ਆਗੂਆਂ ਨੂੰ ਲੋਕ ਸਬਕ ਸਿਖਾਉਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੰਸਦ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਦਾ ਮਜ਼ਾਕ ਉਡਾ ਕੇ ਉਨ੍ਹਾਂ ਨੂੰ ਬੇਇੱਜ਼ਤ ਕਰਨ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਪਾਰਟੀ ਵਰਕਰਾਂ ਵੱਲੋਂ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਪ੍ਰਦਰਸ਼ਨ ਕੀਤੇ ਗਏ। ਇਸ ਤੋਂ ਬਾਅਦ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਈਸਾਈ ਭਾਈਚਾਰੇ ਦੇ ਪਵਿੱਤਰ ਤਿਉਹਾਰ ਕ੍ਰਿਸਮਸ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ,‘ਸਾਨੂੰ ਸਾਰੇ ਧਰਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ।’