Amritpal Singh ਡਿਬਰੂਗੜ ਜੇਲ੍ਹ ਤੋਂ ਰਿਹਾਅ ਅੰਮ੍ਰਿਤਪਾਲ ਦੇ ਸੱਤ ਸਾਥੀ ਦਿੱਲੀ ਪੁੱਜੇ; ਭਲਕੇ ਅੰਮ੍ਰਿਤਸਰ ਪੁੱਜਣ ਦੀ ਸੰਭਾਵਨਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਮਾਰਚ
ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਆਗੂ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ, ਜਿਨ੍ਹਾਂ ਖਿਲਾਫ਼ ਐੱਨਐੱਸਏ ਦੀ ਮਿਆਦ ਖਤਮ ਹੋ ਗਈ ਸੀ ਅਤੇ ਇਸ ਵਿੱਚ ਹੋਰ ਵਾਧਾ ਨਹੀਂ ਕੀਤਾ ਗਿਆ ਹੈ, ਦਿੱਲੀ ਪੁੱਜ ਗਏ ਹਨ ਤੇ ਉਨ੍ਹਾਂ ਦੇ ਸ਼ੁੱਕਰਵਾਰ (21 ਮਾਰਚ) ਨੂੰ ਅੰਮ੍ਰਿਤਸਰ ਪੁੱਜਣ ਦੀ ਸੰਭਾਵਨਾ ਹੈ।
ਅੰਮ੍ਰਿਤਪਾਲ ਸਿੰਘ ਦੇ ਇਨ੍ਹਾਂ ਸਾਥੀਆਂ ਨੂੰ ਲੈਣ ਲਈ ਅੰਮ੍ਰਿਤਸਰ ਤੋਂ ਐੱਸਪੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਵੱਡੀ ਪੁਲੀਸ ਟੀਮ ਅਸਾਮ ਗਈ ਸੀ। ਪੁਲੀਸ ਟੀਮ ਨੇ ਅੱਜ ਇਨ੍ਹਾਂ ਸੱਤ ਵਿਅਕਤੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਕੀਤੇ ਜਾਣ ਮਗਰੋਂ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਮਿਲੇ ਵੇਰਵਿਆਂ ਮੁਤਾਬਕ ਇਨ੍ਹਾਂ ਨੂੰ ਅਸਾਮ ਤੋਂ ਵੱਖ ਵੱਖ ਉਡਾਨਾਂ ਰਾਹੀਂ ਦਿੱਲੀ ਲਿਆਂਦਾ ਗਿਆ, ਜਿੱਥੋਂ ਅੱਗੇ ਸੜਕ ਮਾਰਗ ਰਾਹੀਂ ਇਨ੍ਹਾਂ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ।
ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਸੇ ਤਕਨੀਕੀ ਮੁਸ਼ਕਲ ਕਰਕੇ ਇਨ੍ਹਾਂ ਨੂੰ ਸੜਕ ਮਾਰਗ ਰਾਹੀਂ ਅੰਮ੍ਰਿਤਸਰ ਲਿਆਂਦਾ ਜਾਵੇਗਾ। ਅੰਮ੍ਰਿਤਸਰ ਪੁੱਜਣ ਮਗਰੋਂ ਇਨ੍ਹਾਂ ਨੂੰ ਇੱਥੇ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਇਨ੍ਹਾਂ ਖਿਲਾਫ਼ ਅਜਨਾਲਾ ਪੁਲੀਸ ਸਟੇਸ਼ਨ ’ਤੇ ਹਮਲਾ ਕਰਨ ਦੇ ਦੋਸ਼ ਤਹਿਤ ਫਰਵਰੀ 2023 ਵਿੱਚ ਕੇਸ ਦਰਜ ਕੀਤਾ ਗਿਆ ਸੀ।
ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਗਏ ਸੱਤ ਵਿਅਕਤੀਆਂ ਵਿੱਚ ਬਸੰਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਗਿੱਲ, ਸਰਬਜੀਤ ਸਿੰਘ ਕਲਸੀ ਉਰਫ ਦਲਜੀਤ ਸਿੰਘ, ਗੁਰਿੰਦਰ ਪਾਲ ਸਿੰਘ ਔਜਲਾ, ਹਰਜੀਤ ਸਿੰਘ ਉਰਫ ਚਾਚਾ ਅਤੇ ਕੁਲਵੰਤ ਸਿੰਘ ਸ਼ਾਮਲ ਹਨ।