ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਅੱਜ ਲਵੇਗਾ ਹਲਫ਼

06:47 AM Jul 05, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜੁਲਾਈ
ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਿਆ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਜੋਂ ਹਲਫ਼ ਲਵੇਗਾ। ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੇ ਮਾਪੇ ਅੱਜ ਦਿੱਲੀ ਰਵਾਨਾ ਹੋ ਗਏ ਹਨ। ਉਸ ਨੂੰ ਹਲਫ਼ ਲੈਣ ਲਈ ਚਾਰ ਦਿਨ ਦੀ ਪੈਰੋਲ ਮਿਲੀ ਹੈ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ। ਜ਼ਿਲ੍ਹਾ ਮੈਜਿਸਟਰੇਟ ਘਨਸ਼ਾਮ ਥੋਰੀ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਚਾਚਾ ਹਰਜੀਤ ਸਿੰਘ ਅਤੇ ਕੁਝ ਹੋਰ ਰਿਸ਼ਤੇਦਾਰਾਂ ਨੂੰ ਉਸ ਦੇ ਦਿੱਲੀ ਵਿਖੇ ਠਹਿਰਾਅ ਦੌਰਾਨ ਮੁਲਾਕਾਤ ਦੀ ਆਗਿਆ ਦਿੱਤੀ ਗਈ ਹੈ। ਇਹ ਪ੍ਰਵਾਨਗੀ ਪੰਜਾਬ ਨਜ਼ਰਬੰਦੀ ਆਰਡਰ 1981 ਦੀ ਧਾਰਾ 2 (ਸੀ) ਤਹਿਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਹ ਦਿੱਲੀ ਤੋਂ ਬਾਹਰ ਨਹੀਂ ਜਾ ਸਕੇਗਾ ਅਤੇ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖਣੀ ਪਵੇਗੀ। ਉਸ ਦੇ ਸਹੁੰ ਚੁੱਕਣ ਦੀ ਰਸਮ ਲੋਕ ਸਭਾ ਸਪੀਕਰ ਦੇ ਚੈਂਬਰ ਵਿੱਚ ਹੀ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਇਸ ਸਮੁੱਚੀ ਪ੍ਰਕਿਰਿਆ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਤਿੰਦਰ ਸਿੰਘ ਵੱਲੋਂ ਲੋਕ ਸਭਾ ਦੇ ਸਕੱਤਰ ਜਨਰਲ ਨਾਲ ਤਾਲਮੇਲ ਬਣਾ ਕੇ ਸਾਰੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਗ਼ੌਰਤਲਬ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਡਿਬਰੂਗੜ੍ਹ ਜੇਲ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਆਖਿਆ ਕਿ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਹੀ ਉਸ ਨਾਲ ਮਿਲਣ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਘਟੋ-ਘੱਟ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਆ ਕੇ ਆਪਣੇ ਵੋਟਰਾਂ ਦਾ ਧੰਨਵਾਦ ਕਰਨ ਦਾ ਮੌਕਾ ਦਿੱਤਾ ਜਾਵੇ। ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਕੁਝ ਸ਼ਰਤਾਂ ’ਤੇ ਦਿੱਤੀ ਗਈ ਹੈ। ਉਹ ਆਰਜ਼ੀ ਰਿਹਾਈ ਦੌਰਾਨ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਦੀ ਨਿਗਰਾਨੀ ਹੇਠ ਦਿੱਲੀ ’ਚ ਹੀ ਰਹੇਗਾ। ਉਸ ਦੀ ਆਰਜ਼ੀ ਰਿਹਾਈ ਵਿੱਚ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਤੱਕ ਆਉਣ-ਜਾਣ ਦਾ ਸਮਾਂ ਵੀ ਸ਼ਾਮਲ ਹੈ। ਹਲਫ਼ ਲੈਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰ ਉਸ ਨੂੰ ਮਿਲ ਸਕਣਗੇ। ਇਸ ਸਮੇਂ ਦੌਰਾਨ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਜਾਂ ਵੀਡੀਓਗ੍ਰਾਫੀ ਤੋਂ ਰੋਕਿਆ ਗਿਆ ਹੈ। ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਟੀਮ ਦੀ ਅਗਵਾਈ ਐੱਸਪੀ ਹਰਿੰਦਰ ਸਿੰਘ ਕਰਨਗੇ। ਇਹ ਪੁਲੀਸ ਟੀਮ ਹੀ ਉਸ ਨੂੰ ਦਿੱਲੀ ਲਿਆਵੇਗੀ ਅਤੇ ਜੇਲ੍ਹ ਵਾਪਸ ਛੱਡ ਕੇ ਆਵੇਗੀ।

Advertisement

Advertisement