ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ
ਸੁੱਖ ਮਹਿਲ
ਅਜਨਾਲਾ, 28 ਮਾਰਚ
ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦਾ ਅੱਜ ਪੁਲੀਸ ਰਿਮਾਂਡ ਖਤਮ ਹੋਣ ਉਪਰੰਤ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਇਨ੍ਹਾਂ ਨੂੰ 14 ਦਿਨਾਂ ਲਈ 11 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਮੌਕੇ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਪੇਸ਼ ਕੀਤੇ ਗਏ ਮੁਲਜ਼ਮਾਂ ਵਿੱਚ ਬਸੰਤ ਸਿੰਘ, ਭਗਵੰਤ ਸਿੰਘ ਬਾਜੇਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ ਅਤੇ ਕੁਲਵੰਤ ਸਿੰਘ, ਅਮਨਪ੍ਰੀਤ ਸਿੰਘ ਅਮਨਾ ਨੂੰ ਥਾਣਾ ਅਜਨਾਲਾ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਅੱਜ ਪੁਲੀਸ ਰਿਮਾਂਡ ਖ਼ਤਮ ਹੋਣ ਉਪਰੰਤ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਇਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ 23 ਫਰਵਰੀ 2023 ਨੂੰ ਥਾਣਾ ਅਜਨਾਲਾ ਵਿੱਚ ਵੱਡੀ ਗਿਣਤੀ ਵਿਚ ਪਾਰਟੀ ਕਾਰਕੁਨ ਤੇ ਸਾਥੀ ਪੁਲੀਸ ਵੱਲੋਂ ਲਾਏ ਗਏ ਬੈਰੀਗੇਡਾਂ ਨੂੰ ਤੋੜ ਕੇ ਥਾਣੇ ਅੰਦਰ ਦਾਖਲ ਹੋ ਗਏ ਸਨ।